Punjab News: ਅਸਤੀਫਿਆਂ ਦੇ ਸਿਲਸਿਲੇ ਵਿਚਾਲੇ ਪਟਿਆਲਾ ਵਿਖੇ SGPC ਨਿਗਰਾਨ ਕਮੇਟੀ ਦੀ ਤੀਸਰੀ ਮੀਟਿੰਗ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਗਠਿਤ ਕੀਤੀ ਗਈ 7 ਮੈਂਬਰੀ ਕਮੇਟੀ ਦੀ ਬੈਠਕ ਅੱਜ ਦੁਬਾਰਾ ਤੋਂ ਪਟਿਆਲਾ ਵਿੱਚ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਅਕਾਲੀ ਦਲ ਵੱਲੋਂ ਹੁਣ ਤੱਕ ਚਲਾਈ ਗਈ..

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਗਠਿਤ ਕੀਤੀ ਗਈ 7 ਮੈਂਬਰੀ ਕਮੇਟੀ ਦੀ ਬੈਠਕ ਅੱਜ ਦੁਬਾਰਾ ਤੋਂ ਪਟਿਆਲਾ ਵਿੱਚ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਅਕਾਲੀ ਦਲ ਵੱਲੋਂ ਹੁਣ ਤੱਕ ਚਲਾਈ ਗਈ ਮੈਂਬਰਸ਼ਿਪ ਭਰਤੀ ਮੁਹਿੰਮ ਦੀ ਮਨਜ਼ੂਰੀ ਬਾਰੇ ਫੈਸਲਾ ਲਿਆ ਜਾਣਾ ਹੈ। ਪਰ, ਇਸ ਬੈਠਕ ਤੋਂ ਇਕ ਦਿਨ ਪਹਿਲਾਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਸਤੀਫਾ ਦੇ ਚੁੱਕੇ ਹਨ।
ਪ੍ਰਧਾਨ ਧਾਮੀ ਦੇ ਅਸਤੀਫੇ ਉੱਤੇ ਅਜੇ SGPC ਕੋਰ ਕਮੇਟੀ ਵੱਲੋਂ ਫੈਸਲਾ ਲਿਆ ਜਾਣਾ ਬਾਕੀ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਦੇ ਨਾਲ-ਨਾਲ 7 ਮੈਂਬਰੀ ਕਮੇਟੀ ਦੀ ਜ਼ਿੰਮੇਵਾਰੀ ਛੱਡਣ ਦੀ ਇੱਛਾ ਵੀ ਜ਼ਾਹਰ ਕੀਤੀ ਸੀ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਐਡਵੋਕੇਟ ਧਾਮੀ 7 ਮੈਂਬਰੀ ਕਮੇਟੀ ਦੀ ਅੱਜ ਦੀ ਬੈਠਕ ਵਿੱਚ ਸ਼ਾਮਲ ਹੁੰਦੇ ਹਨ ਜਾਂ ਨਹੀਂ। ਉਹ ਮੌਜੂਦ ਰਹਿੰਦੇ ਹਨ ਜਾਂ ਨਹੀਂ, ਅਤੇ ਇਸ ਤੋਂ ਇਲਾਵਾ ਅਕਾਲੀ ਦਲ ਨੂੰ ਲੈ ਕੇ ਕੀ ਫੈਸਲਾ ਲਿਆ ਜਾਂਦਾ ਹੈ, ਇਸ ਉੱਤੇ ਵੀ ਸਭ ਦੀਆਂ ਨਜ਼ਰਾਂ ਟਿਕੀਆਂ ਰਹਿਣਗੀਆਂ।
ਇਸ ਕਮੇਟੀ ਦਾ ਮੁੱਖ ਉਦੇਸ਼ ਨਵੀਂ ਮੈਂਬਰੀ ਪ੍ਰਕਿਰਿਆ ਦੀ ਦੇਖਭਾਲ ਕਰਨੀ ਹੈ। ਇਸ ਕਮੇਟੀ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਪੂਰਵ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਇਕਬਾਲ ਸਿੰਘ ਝੂੰਡਾ, ਮਨਪ੍ਰੀਤ ਸਿੰਘ ਅਯਾਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ ਅਤੇ ਸਤਵੰਤ ਕੌਰ ਸ਼ਾਮਲ ਹਨ। ਪਰ ਕੁੱਝ ਸਮੇਂ ਪਹਿਲਾਂ ਹੀ ਕਿਰਪਾਲ ਸਿੰਘ ਬੰਡੂਗਰ ਨੇ ਅਸਤੀਫਾ ਦੇ ਦਿੱਤਾ ਹੈ।
2 ਦਸੰਬਰ ਨੂੰ ਬਣਾਈ ਗਈ ਸੀ ਕਮੇਟੀ
2 ਦਸੰਬਰ 2024 ਨੂੰ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਪਾਰਟੀ ਦੀ ਨੇਤ੍ਰਤਵ ਬਦਲਾਅ ਪ੍ਰਕਿਰਿਆ ਲਈ ਇਹ ਕਮੇਟੀ ਗਠਿਤ ਕੀਤੀ ਗਈ। ਕਮੇਟੀ ਨੂੰ 6 ਮਹੀਨਿਆਂ ਦੇ ਅੰਦਰ ਮੈਂਬਰੀ ਪ੍ਰਕਿਰਿਆ ਪੂਰੀ ਕਰਨ ਅਤੇ ਨਵੇਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਅਕਾਲੀ ਦਲ ਨੇ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਇਸ ਕਮੇਟੀ ਨੂੰ ਕਾਨੂੰਨੀ ਅੜਚਨਾਂ ਦਾ ਹਵਾਲਾ ਦਿੰਦਿਆਂ ਪਹਿਲਾਂ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਪਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਇਸ ਕਮੇਟੀ ਦੇ ਅਸਤੀਤਵ ਨੂੰ ਲੈ ਕੇ ਅਡੋਲ ਰਹੇ ਅਤੇ 10 ਫ਼ਰਵਰੀ ਨੂੰ ਕਮੇਟੀ ਦੀ ਪਹਿਲੀ ਬੈਠਕ ਬੁਲਾਈ ਗਈ।






















