Patiala News: ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਫੈਕਲਟੀ ਨੇ ਅੱਜ ਸੂਬਾ ਸਰਕਾਰ ਤੋਂ ਗਰਾਂਟਾਂ ਦੀ ਮੰਗ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਵਿਦਿਆਰਥੀ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਕਰਕੇ ਧਰਨੇ ’ਤੇ ਬੈਠ ਗਏ ਹਨ। ਕੈਂਪਸ ਦਾ ਸਾਰਾ ਕੰਮਕਾਜ ਠੱਪ ਹੋ ਗਿਆ ਹੈ।
ਇਹ ਵੀ ਪੜ੍ਹੋ : ਜਲਦ ਹੀ ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ , IPS ਅਧਿਕਾਰੀ ਨਾਲ ਲੈਣਗੇ ਲਾਵਾਂ
ਦੱਸ ਦਈਏ ਕਿ ਇਹ ਵਿਰੋਧ ਰਾਜ ਸਰਕਾਰ ਵੱਲੋਂ ਆਉਣ ਵਾਲੇ ਵਿੱਤੀ ਸਾਲ ਦੇ ਆਪਣੇ ਬਜਟ ਵਿੱਚ ਯੂਨੀਵਰਸਿਟੀ ਲਈ ਆਪਣੀਆਂ ਮੰਗਾਂ ਅਨੁਸਾਰ ਫੰਡ ਅਲਾਟ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਗਿਆ ਹੈ। ਵਿਦਿਆਰਥੀਆਂ ਨੇ ਸਵੇਰੇ 11 ਵਜੇ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਕਰ ਦਿੱਤੇ। ਹਾਸਲ ਜਾਣਕਾਰੀ ਮੁਤਾਬਕ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨਾਲ ਜੁੜ ਕੇ ਉਨ੍ਹਾਂ ਨੇ ਫੰਡਾਂ ਦੀ ਕਮੀ ਦੀ ਮਾਰ ਝੱਲ ਰਹੀ ਯੂਨੀਵਰਸਿਟੀ ਲਈ ਗਰਾਂਟਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਅਣਮਿੱਥੇ ਸਮੇਂ ਲਈ ਧਰਨਾ ਦੇਣਗੇ।
ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਰਾਹਤ ਦੇਣ ਦੀ ਥਾਂ ਬਜਟ ਵਿੱਚ ਕਟੌਤੀ ਕਰ ਦਿੱਤੀ ਸੀ। ਬਜਟ ਵਿੱਚ ਯੂਨੀਵਰਸਿਟੀ ਦੀ ਸਲਾਨਾ ਗਰਾਂਟ 200 ਕਰੋੜ ਰੁਪਏ ਤੋਂ ਘਟਾ ਕੇ 164 ਕਰੋੜ ਰੁਪਏ ਕਰ ਦਿੱਤੀ ਗਈ ਹੈ। ਯੂਨੀਵਰਸਿਟੀ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਜੇ ਸਰਕਾਰ ਨੇ ਪਿਛਲੇ ਸਾਲ ਜਿੰਨੀ ਗਰਾਂਟ ਵੀ ਦੇਣੀ ਹੁੰਦੀ ਤਾਂ ਉਸ ਤਰੀਕੇ ਨਾਲ਼ ਵੀ ਨਵੇਂ ਫ਼ੈਸਲੇ ਦੇ ਬੋਝ ਨਾਲ ਇਹ 300 ਕਰੋੜ ਤੋਂ ਜ਼ਿਆਦਾ ਬਣਦੀ ਹੈ। ਮਹਿੰਗਾਈ ਅਤੇ ਵਿੱਤੀ ਘਾਟਾ ਇਸ ਤੋਂ ਵੱਖਰਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਆਪਣੇ ਦੌਰੇ ਸਮੇਂ ਸਿੱਖਿਆ ਨੂੰ ਕਰਜ਼ੇ ਤੋਂ ਮੁਕਤ ਕਰਨ ਦਾ ਵਾਅਦਾ ਕੀਤਾ ਸੀ ਪਰ ਇਸ ਬਜਟ ਨਾਲ ਉਨ੍ਹਾਂ ਨੇ ਯੂਨੀਵਰਸਿਟੀ ਸਿਰ ਨਵਾਂ ਕਰਜ਼ਾ ਚੜ੍ਹਨ ਵਾਲ਼ੀ ਸਥਿਤੀ ਪੈਦਾ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਸਿਰ 150 ਕਰੋੜ ਰੁਪਏ ਦਾ ਕਰਜ਼ਾ ਹੈ ਅਤੇ ਲਗਾਤਾਰ ਵਿੱਤੀ ਘਾਟਾ ਚੱਲ ਰਿਹਾ ਹੈ। ਨਤੀਜੇ ਵਜੋਂ ਯੂਨੀਵਰਸਿਟੀ ਸਮੇਂ ਸਿਰ ਤਨਖ਼ਾਹਾਂ ਦੇਣ ਦੀ ਹਾਲਤ ਵਿੱਚ ਨਹੀਂ ਹੈ। ਇਸ ਬਜਟ ਨਾਲ਼ ਪੰਜਾਬੀ ਯੂਨੀਵਰਸਿਟੀ ਦਾ ਸੰਕਟ ਹੋਰ ਗਹਿਰਾ ਜਾਣਾ ਤੈਅ ਹੈ।