Patiala News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਘੱਟ ਗਿਣਤੀਆਂ ਦੀਆਂ ਪਰੰਪਰਾਵਾਂ, ਸੱਭਿਆਚਾਰ ਅਤੇ ਵਿਲੱਖਣ ਪਛਾਣ ਦੇ ਸੰਭਾਵੀ ਨੁਕਸਾਨ ਦੀ ਚਿੰਤਾ ਦਾ ਹਵਾਲਾ ਦਿੰਦੇ ਹੋਏ ਯੂਨੀਫਾਰਮ ਸਿਵਲ ਕੋਡ (UCC) ਦਾ ਵਿਰੋਧ ਕੀਤਾ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਹਾ ਗਿਆ ਸੀ ਕਿ ਯੂ.ਸੀ.ਸੀ. ਨੂੰ ਦੇਸ਼ ਭਰ ਵਿੱਚ ਲਾਗੂ ਕਰਨ ਨਾਲ ਘੱਟ ਗਿਣਤੀ ਅਤੇ ਆਦਿਵਾਸੀ ਭਾਈਚਾਰਿਆਂ 'ਤੇ ਮਾੜਾ ਅਸਰ ਪਵੇਗਾ।


ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦਾ ਖੁੱਲ੍ਹ ਕੇ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਖਾਲਸੇ ਦੀ ਸ਼ਖਸੀਅਤ ਸੁਤੰਤਰ ਅਤੇ ਵਿਲੱਖਣ ਹੈ। ਇਸ 'ਤੇ ਕੋਈ ਕੋਡ ਲਾਗੂ ਨਹੀਂ ਹੁੰਦਾ। ਵੈਸੇ ਵੀ ਇਸ ਕੋਡ ਦੇ ਲਾਗੂ ਹੋਣ ਨਾਲ ਸਾਡਾ ਸੱਭਿਆਚਾਰ ਖਤਮ ਹੋ ਜਾਵੇਗਾ। ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚੇਗੀ। ਇਸੇ ਲਈ ਸ਼੍ਰੋਮਣੀ ਕਮੇਟੀ ਨੇ ਸ਼ੁਰੂ ਤੋਂ ਹੀ ਇਸ ਜ਼ਾਬਤੇ ਦਾ ਵਿਰੋਧ ਕੀਤਾ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਇਹ ਲਾਗੂ ਨਹੀਂ ਹੋਣਾ ਚਾਹੀਦਾ। ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਬਿਆਨ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਹਾਦਰਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸਾਹਮਣੇ ਆਇਆ ਹੈ।


ਇਸ ਦੌਰਾਨ ਜਦੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਬਾਬਤ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ  ਕਿ ਪੰਜਾਬ ਦੀ ਮਾਣਯੋਗ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਕਰਨ ਦੀ ਗੱਲ ਕਰਕੇ ਖਾਲਸਾ ਪੰਥ ਦੀ ਆਤਮਾ 'ਤੇ ਹੱਥ ਪਾਇਆ ਹੈ। ਸਰਕਾਰ ਨੂੰ ਅਜਿਹੀ ਸੋਧ ਕਰਨ ਦਾ ਅਧਿਕਾਰ ਨਹੀਂ ਹੈ। ਇਹ ਗੈਰ-ਸੰਵਿਧਾਨਕ ਹੈ। ਜੇਕਰ ਅੱਜ ਸਿੱਖ ਕੌਮ ਇਸ ਮੁੱਦੇ 'ਤੇ ਚੁੱਪ ਰਹੀ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਕਦੇ ਮੁਆਫ਼ ਨਹੀਂ ਕਰਨਗੀਆਂ। ਇਸ ਮੁੱਦੇ 'ਤੇ ਉਹ ਕੇਂਦਰੀ ਗ੍ਰਹਿ ਮੰਤਰੀ ਨਾਲ ਵੀ ਮੁਲਾਕਾਤ ਕਰਨਗੇ। ਪੰਜਾਬ ਦੇ ਰਾਜਪਾਲ ਨੂੰ ਵੀ ਇਸ ਮੁੱਦੇ 'ਤੇ ਮੁਲਾਂਕਣ ਕਰਨਾ ਚਾਹੀਦਾ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।