Patiala News: ਪਟਿਆਲਾ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸਖਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਵਜੋਂ ਨਿਗਮ ਨੇ ਸ਼ਹਿਰ ਦੇ ਸੱਤ ਕਾਮਰਸ਼ੀਅਲ ਪ੍ਰਾਪਰਟੀ ਮਾਲਕਾਂ ਨੂੰ ਜਾਇਦਾਦ ਸੀਲ ਕਰਨ ਦਾ ਨੋਟਿਸ ਜਾਰੀ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੱਤ ਦਿਨਾਂ ਦੇ ਅੰਦਰ ਪ੍ਰਾਪਰਟੀ ਟੈਕਸ ਦਾ ਭੁਗਤਾਨ ਨਾ ਕੀਤਾ ਗਿਆ, ਤਾਂ ਨਿਗਮ ਉਨ੍ਹਾਂ ਦੀ ਜਾਇਦਾਦ ਨੂੰ ਸੀਲ ਕਰ ਦੇਵੇਗਾ, ਜਿਸ ਨੂੰ ਡੀ-ਸੀਲ ਕਰਨ ਲਈ ਵੱਖਰੇ ਤੌਰ ’ਤੇ ਭੁਗਤਾਨ ਕਰਨਾ ਹੋਵੇਗਾ।
ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਨੇ ਸ਼ਹਿਰ ਦੇ ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ, ਜਿਨ੍ਹਾਂ ਨੇ ਕਿਸੇ ਕਾਰਨ ਤੋਂ ਪ੍ਰਾਪਰਟੀ ਟੈਕਸ ਰਿਟਰਨ ਨਿਗਮ ਕੋਲ ਜਮ੍ਹਾਂ ਨਹੀਂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਨੋਟਿਸ ਤੋਂ ਬਾਅਦ ਉਹ ਤੁਰੰਤ ਪ੍ਰਾਪਰਟੀ ਟੈਕਸ ਨਿਗਮ ਕੋਲ ਜਮ੍ਹਾਂ ਕਰਵਾਉਣ। ਨਿਗਮ ਕਮਿਸ਼ਨਰ ਨੇ ਸਪੱਸ਼ਟ ਕੀਤਾ ਹੈ ਕਿ ਜੋ ਵੀ ਵਿਅਕਤੀ ਕਾਮਰਸ਼ੀਅਲ ਜਾਂ ਰਿਹਾਇਸ਼ੀ ਜਾਇਦਾਦ ਦਾ ਪ੍ਰਾਪਰਟੀ ਟੈਕਸ ਨਿਗਮ ਕੋਲ ਜਮ੍ਹਾਂ ਨਹੀਂ ਕਰਵਾ ਸਕਿਆ ਹੈ, ਉਹ ਤੁਰੰਤ ਜਮ੍ਹਾਂ ਕਰਵਾਏ ਨਹੀਂ ਤਾਂ ਨਿਗਮ ਸਾਰੇ ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸੀਲਿੰਗ ਦੀ ਕਾਰਵਾਈ ਕਰਨ ਲਈ ਮਜਬੂਰ ਹੋਵੇਗਾ।
ਪ੍ਰਾਪਰਟੀ ਟੈਕਸ ਸ਼ਾਖਾ ਦੇ ਸੁਪਰਡੈਂਟ ਰਮਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਨਿਗਮ ਵੱਲੋਂ ਸਾਲ 2022-23 ਲਈ ਪ੍ਰਾਪਰਟੀ ਟੈਕਸ ਦਾ ਟੀਚਾ 15 ਕਰੋੜ ਰੁਪਏ ਸੀ, ਜੋ ਕਿ 30 ਸਤੰਬਰ 2022 ਤੱਕ ਲਗਪਗ ਪੂਰਾ ਕਰ ਲਿਆ ਗਿਆ ਹੈ। ਸਰਕਾਰੀ ਰਿਕਾਰਡ ਅਨੁਸਾਰ ਸ਼ਹਿਰ ਵਾਸੀਆਂ ਕੋਲ ਬਿਨਾਂ ਕਿਸੇ ਛੋਟ ਦੇ 2022-23 ਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ 31 ਦਸੰਬਰ 2023 ਤੱਕ ਦਾ ਸਮਾਂ ਹੈ ਤੇ ਹੁਣ ਪ੍ਰਾਪਰਟੀ ਟੈਕਸ ਰਿਟਰਨ ਨਾ ਭਰਨ ਵਾਲਿਆਂ ਖ਼ਿਲਾਫ਼ ਨਿਗਮ ਸਖਤੀ ਕਰੇਗਾ।
ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਦਾ ਕਹਿਣਾ ਹੈ ਕਿ ਪਹਿਲੇ ਪੜਾਅ ਵਿੱਚ ਵਪਾਰਕ ਯੂਨਿਟਾਂ ਅਤੇ ਦੂਜੇ ਪੜਾਅ ਵਿੱਚ ਰਿਹਾਇਸ਼ੀ ਯੂਨਿਟਾਂ ਨੂੰ ਸੀਲ ਕੀਤਾ ਜਾਵੇਗਾ, ਜੋ ਨਿਗਮ ਦੀ ਪ੍ਰਾਪਰਟੀ ਟੈਕਸ ਡਿਫਾਲਟਰ ਸੂਚੀ ਵਿੱਚ ਦਰਜ ਹਨ। ਸਰਕਾਰੀ ਰਿਕਾਰਡ ਅਨੁਸਾਰ ਨਿਗਮ ਦੇ ਅਧਿਕਾਰ ਖੇਤਰ ਵਿੱਚ ਕੁੱਲ ਕਾਰੋਬਾਰੀ ਇਕਾਈਆਂ ਦੀ ਗਿਣਤੀ 25 ਹਜ਼ਾਰ ਦੇ ਕਰੀਬ ਹੈ ਜਿਨ੍ਹਾਂ ਵਿੱਚੋਂ 80 ਫੀਸਦੀ ਦੇ ਕਰੀਬ ਲੋਕਾਂ ਨੇ ਪ੍ਰਾਪਰਟੀ ਟੈਕਸ ਰਿਟਰਨ ਫਾਈਲ ਕਰ ਦਿੱਤੀ ਹੈ, ਪਰ 20 ਫੀਸਦੀ ਦੇ ਕਰੀਬ ਡਿਫਾਲਟਰਾਂ ਤੋਂ ਬਕਾਇਆ ਪ੍ਰਾਪਰਟੀ ਟੈਕਸ ਰਿਟਰਨ ਭਰਵਾਉਣ ਲਈ ਸੀਲਿੰਗ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।