Patiala News: ਕੇਂਦਰ ਸਰਕਾਰ ਅਡਾਨੀ ਨੂੰ ਵਿੱਤੀ ਲਾਭ ਦੇਣ ਲਈ ਪੰਜਾਬ ਸਿਰ ਬੇਲੋੜਾ ਖ਼ਰਚਾ ਮੜ੍ਹ ਰਹੀ: ਸੀਐਮ ਭਗਵੰਤ ਮਾਨ
ਪੰਜਾਬ ਨਾਲ ਲਗਾਤਾਰ ਵਿਤਕਰੇ ਕਰਨ ਦੇ ਦੋਸ਼ ਲਾਏ ਹਨ। ਪੰਜਾਬ ਵਿੱਚ ਕੋਲਾ ਲਿਆਉਣ ਲਈ ਰੇਲ ਗੱਡੀਆਂ ਨਾ ਮੁਹੱਈਆ ਕਰਵਾਉਣ ਦੇ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਨੂੰ ਬਣਦੇ ਹੱਕਾਂ ਤੋਂ ਵਿਰਵਾ ਕੀਤਾ ਜਾ ਰਿਹਾ ਹੈ
Patiala News: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ’ਤੇ ਪੰਜਾਬ ਨਾਲ ਲਗਾਤਾਰ ਵਿਤਕਰੇ ਕਰਨ ਦੇ ਦੋਸ਼ ਲਾਏ ਹਨ। ਪੰਜਾਬ ਵਿੱਚ ਕੋਲਾ ਲਿਆਉਣ ਲਈ ਰੇਲ ਗੱਡੀਆਂ ਨਾ ਮੁਹੱਈਆ ਕਰਵਾਉਣ ਦੇ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਨੂੰ ਬਣਦੇ ਹੱਕਾਂ ਤੋਂ ਵਿਰਵਾ ਕੀਤਾ ਜਾ ਰਿਹਾ ਹੈ, ਉੱਥੇ ਹੀ ਨਿੱਜੀ ਮੁਫ਼ਾਦਾਂ ਲਈ ਵੀ ਪੰਜਾਬ ਦਾ ਘਾਣ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਪੀਐਸਈਬੀ ਇੰਜਨੀਅਰਜ਼ ਐਸੋਸੀਏਸ਼ਨ ਵੱਲੋਂ ਕਰਵਾਏ ਸਮਾਗਮ ਵਿੱਚ ਪਹੁੰਚੇ ਸੀ।
ਪੰਜਾਬ ਭਰ ਤੋਂ ਪੁੱਜੇ ਇੰਜਨੀਅਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਅਲਾਟ ਹੋਈ ਖਾਣ ਤੋਂ ਕੋਲਾ ਪੰਜਾਬ ਲਿਆਉਣ ਲਈ ਪੂਰੇ ਮੁਲਕ ’ਚੋਂ ਘੁੰਮਣਾ ਪਵੇਗਾ। ਇਸ ਨਾਲ ਕਈ ਸੌ ਕਿਲੋਮੀਟਰ ਦਾ ਵੱਧ ਸਫ਼ਰ ਤੈਅ ਕਰਨ ਕਰ ਕੇ ਸਮਾਂ ਤੇ ਪੈਸਾ ਵੀ ਵਧੇਰੇ ਖ਼ਰਚ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜੇ ਦੂਜੇ ਸੂਬਿਆਂ ਨੂੰ ਅਨਾਜ ਦੀ ਢੋਆ-ਢੁਆਈ ਲਈ ਪੰਜਾਬ ਤੋਂ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਸਕਦੀਆਂ ਹਨ ਤਾਂ ਫਿਰ ਪੰਜਾਬ ਨੂੰ ਕੋਲੇ ਦੀ ਸਪਲਾਈ ਲਈ ਅੜਿੱਕੇ ਕਿਉਂ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਡਾਨੀ ਨੂੰ ਵਿੱਤੀ ਲਾਭ ਦੇਣ ਲਈ ਪੰਜਾਬ ਸਿਰ ਬੇਲੋੜਾ ਖ਼ਰਚਾ ਮੜ੍ਹ ਰਹੀ ਹੈ।
ਉਨ੍ਹਾਂ ਕਿਹਾ ਕਿ ਬਿਜਲੀ ਸੋਧ ਐਕਟ-2020 ਦਾ ਵੀ ਡੱਟਵਾਂ ਵਿਰੋਧ ਕਰਨ ਸਣੇ ਬੀਬੀਐਮਬੀ ਦੇ ਮੈਂਬਰ ਦੀ ਨਾਮਜ਼ਦਗੀ ਵਿੱਚ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ। ਜਥੇਬੰਦੀ ਦੇ ਹਵਾਲੇ ਨਾਲ 1200 ਕਰੋੜ ਸਾਲਾਨਾ ਬਿਜਲੀ ਚੋਰੀ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਦੇ ਸਹਿਯੋਗ ਨਾਲ ਬਿਜਲੀ ਚੋਰੀ ਖਿਲਾਫ਼ ਮੁਹਿੰਮ ਚਲਾਉਣ ਦੀ ਗੱਲ ਵੀ ਆਖੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਉਦਮ ਸਦਕਾ 87 ਫ਼ੀਸਦੀ ਘਰਾਂ ਦਾ ਪਿਛਲਾ ਬਿਜਲੀ ਬਿੱਲ ਜ਼ੀਰੋ ਆਇਆ ਹੈ।
ਇਸ ਦੌਰਾਨ ਉਨ੍ਹਾਂ ਸਰਕਾਰੀ ਦਫ਼ਤਰਾਂ ’ਚ ਸੋਲਰ ਪਲਾਂਟ ਲਾਉਣ ਦੀ ਤਜਵੀਜ਼ ਦਾ ਖ਼ੁਲਾਸਾ ਵੀ ਕੀਤਾ। ਬਿਜਲੀ ਉਤਪਾਦਨ ਵਿੱਚ 83 ਫ਼ੀਸਦੀ ਵਾਧੇ ਲਈ ਇੰਜਨੀਅਰਾਂ ਤੇ ਮੁਲਾਜ਼ਮਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਉਣ ਦੀ ਗੱਲ ਵੀ ਆਖੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਾ ਭਾਵੇਂ ਕੋਈ ਵੀ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ।