Patiala News: ਸ਼ਾਹੀ ਸ਼ਹਿਰ ਪਟਿਆਲਾ ਵਿੱਚ ਠੰਢ ਦਾ ਕਹਿਰ ਜਾਰੀ ਹੈ। ਬੀਤੇ ਹਫ਼ਤੇ ਤੋਂ ਪੈ ਰਹੀ ਸੰਘਣੀ ਧੁੰਦ ਕਾਰਨ ਜਿੱਥੇ ਠੰਢ ਵਧ ਗਈ ਹੈ, ਉਥੇ ਜਨ-ਜੀਵਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਲੋਕਾਂ ਘਰਾਂ ਵਿੱਚ ਹੀ ਦੜ ਵੱਟ ਕੇ ਬੈਠਣ ਲਈ ਮਜਬੂਰ ਹਨ। ਧੁੰਦ ਕਾਰਨ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਤੇ ਹਾਦਸੇ ਵਾਪਰ ਰਹੇ ਹਨ। ਲੋਕਾਂ ਨੂੰ ਆਪਣੀਆਂ ਮੰਜ਼ਲਾਂ ’ਤੇ ਅੱਪੜਨ ਲਈ ਡਾਢੀਆਂ ਮੁਸ਼ਕਲਾਂ ਨਾਲ ਜੂਝਣਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨ ਮੌਸਮ ਇਸੇ ਤਰ੍ਹਾਂ ਰਹਿਣ ਦੇ ਆਸਾਰ ਹਨ।


ਮੌਸਮ ਵਿਭਾਗ ਅਨੁਸਾਰ ਸ਼ਨੀਵਾਰ ਦਾ ਵੱਧ ਤੋਂ ਵੱਧ ਤਾਪਮਾਨ 13.6 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਰਿਹਾ। ਪਿਛਲੇ ਸੱਤ ਦਿਨਾਂ ਤੋਂ ਉੱਤਰੀ ਭਾਰਤ ਵਿੱਚ ਧੁੰਦ ਪੈ ਰਹੀ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨ ਹੋਰ ਮੌਸਮ ਅਜਿਹਾ ਹੀ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਧੁੰਦ ਕਾਰਨ ਮੌਸਮ ਵਿਭਾਗ ਨੇ ਪਟਿਆਲਾ ਨੂੰ ਵੀ ਓਰੇਂਜ ਜ਼ੋਨ ’ਚ ਸ਼ਾਮਲ ਕੀਤਾ ਹੈ। ਇਸ ਖੇਤਰ ’ਚ ਪਿਛਲੇ ਦਿਨਾਂ ਦੌਰਾਨ ਛੋਟੇ ਵੱਡੇ ਕਈ ਸੜਕ ਹਾਦਸੇ ਵੀ ਵਾਪਰ ਚੁੱਕੇ ਹਨ।



ਉਧਰ, ਸਿਹਤ ਵਿਭਾਗ ਵੱਲੋਂ ਠੰਢ ਦੇ ਚੱਲਦਿਆਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਛਾਤੀ ਰੋਗਾਂ ਦੇ ਮਾਹਰ ਡਾਕਟਰ ਵਿਕਾਸ ਗੋਇਲ ਦਾ ਕਹਿਣਾ ਹੈ ਕਿ ਸਾਹ ਤੇ ਦਿਲ ਦੇ ਰੋਗਾਂ ਦੇ ਮਰੀਜ਼ਾਂ ਸਮੇਤ ਬਜ਼ੁਰਗਾਂ ਅਤੇ ਬੱਚਿਆਂ ਦਾ ਠੰਢ ਦੇ ਇਸ ਮੌਸਮ ’ਚ ਖਾਸ ਖਿਆਲ ਰੱਖਣ ਤੇ ਉਨ੍ਹਾਂ ਨੂੰ ਘਰਾਂ ਵਿੱਚ ਹੀ ਰਹਿਣ ਦੀ ਸਲਾਹ ਦਿੱਤੀ ਹੈ।



ਚੰਡੀਗੜ੍ਹ ਦਾ ਤਾਪਮਾਨ 2.8 ਡਿਗਰੀ ਸੈਲਸੀਅਸ ਕੀਤਾ ਦਰਜ


ਪਹਾੜਾਂ ਦੀ ਗੋਦ ਵਿੱਚ ਵੱਸੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਪਿਛਲੇ ਦਿਨਾਂ ਤੋਂ ਸਵੇਰੇ-ਸ਼ਾਮ ਪੈਂਦੀ ਸੰਘਣੀ ਧੁੰਦ ਕਾਰਨ ਜਨਜੀਵਨ ਵਿੱਚ ਵਿਘਨ ਪੈ ਗਿਆ ਹੈ। ਮੌਸਮ ਵਿਭਾਗ ਅਨੁਸਾਰ 25 ਤੇ 26 ਦਸੰਬਰ ਨੂੰ ਹਲਕੀ ਬੱਦਲਵਾਈ ਤੇ 27 ਤੇ 28 ਨੂੰ ਸੰਘਣੀ ਧੁੰਦ ਪੈਣ ਦੇ ਆਸਾਰ ਹਨ। 


ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਘੱਟ ਸੀ। ਇਸੇ ਤਰ੍ਹਾਂ ਵੱਧ ਤੋਂ ਵੱਧ ਤਾਪਮਾਨ 14.1 ਡਿਗਰੀ ਸੈਲਸੀਅਸ ਨੋਟ ਕੀਤਾ ਗਿਆ ਜੋ ਆਮ ਨਾਲੋਂ 7 ਡਿਗਰੀ ਸੈਲਸੀਅਸ ਘੱਟ ਸੀ। ਇਸੇ ਤਰ੍ਹਾਂ ਮੁਹਾਲੀ ਦਾ ਘੱਟ ਤੋਂ ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.6 ਡਿਗਰੀ ਸੈਲਸੀਅਸ ਘੱਟ ਸੀ ਅਤੇ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।