Punjab News: ਰੋਡਵੇਜ਼ ਮੁਲਾਜ਼ਮਾਂ ਦੀ ਸਰਕਾਰ ਨਾਲ ਮੀਟਿੰਗ ਬੇਸਿੱਟਾ, ਹੜਤਾਲ ਹੋਏਗੀ ਹੋਰ ਤੇਜ਼
ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼’ ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਰੋਡਵੇਜ਼ ਮੁਲਾਜ਼ਮਾਂ ਨੇ ਇਸ ਮਗਰੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ।
Patiala News: ‘ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼’ ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਰੋਡਵੇਜ਼ ਮੁਲਾਜ਼ਮਾਂ ਨੇ ਇਸ ਮਗਰੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਏਗਾ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਕੁਝ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ ਗਏ ਹੜਤਾਲ ਸੱਦੇ ਤਹਿਤ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦੱਸ ਦਈਏ ਕਿ ਬੱਸ ਕਾਮਿਆਂ ਦੇ ਸੰਘਰਸ਼ ਨੂੰ ਦੇਖਦੇ ਹੋਏ ਸਰਕਾਰ ਨੇ ਜਥੇਬੰਦੀ ਦੇ ਆਗੂਆਂ ਨੂੰ ਅੱਜ 14 ਨਵੰਬਰ ਲਈ ਮੀਟੰਗ ਦਾ ਸਮਾਂ ਦਿੱਤਾ ਸੀ ਪਰ ਇਸ ਦੇ ਬਾਵਜੂਦ ਸੱਤ ਹਜ਼ਾਰ ਕਾਮਿਆਂ ਨੇ ਹੜਤਾਲ਼ ’ਤੇ ਡਟੇ ਰਹਿਣ ਦਾ ਫ਼ੈਸਲਾ ਕੀਤਾ ਸੀ। ਹੁਣ ਮੀਟਿੰਗ ਬੇਸਿੱਟਾ ਰਹਿਣ ਕਰਕੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਐਤਵਾਰ ਵੀ ਬੱਸਾਂ ਦਾ ਚੱਕਾ ਜਾਮ ਰਿਹਾ ਸੀ ਜਿਸ ਕਰਕੇ ਪਟਿਆਲਾ ਦੇ ਬੱਸ ਅੱਡੇ ’ਚ ਮੁਸਾਫਰਾਂ ਨੂੰ ਭਾਰੀ ਖੱਜਲ਼ ਖੁਆਰੀ ਦਾ ਸਾਹਮਣਾ ਕਰਨਾ ਪਿਆ ਸੀ। ਸਰਕਾਰੀ ਬੱਸਾਂ ਦੇ ਚੱਕੇ ਜਾਮ ਕਾਰਨ ਪ੍ਰਾਈਵੇਟ ਬੱਸਾਂ ਵਾਲ਼ਿਆਂ ਦੀ ਚਾਂਦੀ ਬਣੀ ਹੋਈ ਹੈ।
ਪੀਆਰਟੀਸੀ ਵਰਕਰ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਹਰਕੇਸ਼ ਵਿੱਕੀ ਨੇ ਦੱਸਿਆ ਕਿ ਮਹਿਕਮੇ ਵੱਲੋਂ ਇੱਕ ਕੰਡਕਟਰ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਤੋਂ ਇਲਾਵਾ ਆਊਟਸੋਰ ਤਹਿਤ ਨਵੇਂ ਭਰਤੀ ਕੀਤੇ ਗਏ ਕਾਮਿਆਂ ਨੂੰ ਪਹਿਲਾਂ ਤੋਂ ਆਊਟਸੋਰਸਡ ਕੰਮ ਕਰਨ ਵਾਲੇ ਕਾਮਿਆਂ ਨਾਲ਼ੋਂ ਘੱਟ ਤਨਖਾਹ ’ਤੇ ਰੱਖਿਆ ਜਾ ਰਿਹਾ ਹੈ। ਜਦਕਿ ਉਹ ਬਰਾਬਰ ਤਨਖਾਹ ਦੀ ਮੰਗ ਕਰ ਰਹੇ ਹਨ।
ਉਨ੍ਹਾਂ ਆਖਿਆ ਕਿ ਤਤਕਾਲੀ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਉਦੋਂ ਹੜਤਾਲ ਦੌਰਾਨ ਤਨਖਾਹ ਵਧਾਉਣ ਸਮੇਤ ਹਰ ਸਾਲ ਪੰਜ ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਸੀ ਪਰ ‘ਆਪ’ ਸਰਕਾਰ ਵੱਲੋਂ ਪੰਜ ਫੀਸਦੀ ਦਾ ਵਾਧਾ ਕਰਨ ਦੀ ਮੱਦ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਆਖਿਆ ਕਿ ਮੁਲਾਜ਼ਮਾਂ ਨਾਲ ਵਾਅਦੇ ਕਰਨ ਵਾਲੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ ਹੈ।
ਇਹ ਵੀ ਪੜ੍ਹੋ: ਸਰਕਾਰ ਕਿਸਾਨਾਂ ਕੋਲੋਂ ਪੰਚਾਇਤੀ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੀ: ਚੜੂਨੀ