Amritsar News: ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਤੋਂ ਪਹਿਲਾਂ ਚੜ੍ਹਿਆ ਸਿਆਸੀ ਪਾਰਾ, ਅਕਾਲੀ ਦਲ ਨੇ ਸੀਐਮ ਮਾਨ ਨੂੰ ਯਾਦ ਕਰਵਾਏ ਅਹਿਮ ਮੁੱਦੇ
CM Bhagwant Mann: ਅੰਮ੍ਰਿਤਸਰ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਹੋਣ ਜਾ ਰਹੀ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਸਿਆਸਤ ਭਖਾ ਸਕਦੀ ਹੈ।
Amritsar News: ਅੱਜ ਅੰਮ੍ਰਿਤਸਰ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਹੋਣ ਜਾ ਰਹੀ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਸਿਆਸਤ ਭਖਾ ਸਕਦੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਅਹਿਮ ਮਸਲਿਆਂ ’ਤੇ ਸਪੱਸ਼ਟ ਤੇ ਠੋਸ ਸਟੈਂਡ ਲੈਣ।
ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਉਂਕਿ ਕੇਂਦਰੀ ਗ੍ਰਹਿ ਮੰਤਰੀ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ, ਇਸ ਕਰ ਕੇ ਇਹ ਅਹਿਮ ਬਣ ਜਾਂਦਾ ਹੈ ਕਿ ਇਹ ਸਪੱਸ਼ਟ ਕੀਤਾ ਜਾਵੇ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਹਰਿਆਣਾ ਨੂੰ ਯੂਟੀ ਵਿਚ ਵੱਖਰੀ ਵਿਧਾਨ ਸਭਾ ਲਈ ਕੋਈ ਥਾਂ ਨਹੀਂ ਦਿੱਤੀ ਜਾ ਸਕਦੀ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਐਲਾਨ ਕਰਨਾ ਚਾਹੀਦਾ ਹੈ ਕਿ ਪੰਜਾਬ ਯੂਨੀਵਰਸਿਟੀ ਦਾ ਸਰੂਪ ਹੀ ਨਹੀਂ ਬਦਲਿਆ ਜਾ ਸਕਦਾ ਤੇ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਯੂਨੀਵਰਸਿਟੀ ਤੋਂ ਮਾਨਤਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਡਾ. ਚੀਮਾ ਨੇ ਕਿਹਾ ਕਿ ਇਸ ਦੇ ਨਾਲ ਹੀ ਮੁੱਖ ਮੰਤਰੀ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਤੇ ਗੁਆਂਢੀ ਰਾਜਾਂ ਨਾਲ ਦਰਿਆਈ ਪਾਣੀ ਸਾਂਝੇ ਕਰਨ ਦੇ ਮਾਮਲੇ ’ਤੇ ਸਪੱਸ਼ਟ ਸਿਧਾਂਤਕ ਸਟੈਂਡ ਲੈਣ।
ਦੱਸ ਦਈਏ ਕਿ ਉੱਤਰੀ ਜ਼ੋਨਲ ਕੌਂਸਲ ਦੀ ਅੱਜ ਅੰਮ੍ਰਿਤਸਰ ਵਿੱਚ ਮੀਟਿੰਗ ਹੋ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ, ਰਾਜਸਥਾਨ, ਦਿੱਲੀ, ਜੰਮੂ ਕਸ਼ਮੀਰ, ਲੱਦਾਖ ਆਦਿ ਦੇ ਮੁੱਖ ਮੰਤਰੀ ਤੇ ਹੋਰ ਮੰਤਰੀ, ਅਧਿਕਾਰੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਸ਼ਾਸਕ ਜਾਂ ਰਾਜਪਾਲ ਸ਼ਾਮਲ ਹੋਣਗੇ।
ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਰਾਜਧਾਨੀ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਦੀ ਗੂੰਜ ਪਏਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਦਾ ਕੇਸ ਤਿਆਰ ਕੀਤਾ ਗਿਆ ਹੈ ਜਿਸ ਨੂੰ ਕੌਂਸਲ ਮੀਟਿੰਗ ਵਿੱਚ ਰੱਖਿਆ ਜਾਵੇਗਾ। ਹਰਿਆਣਾ ਵੱਲੋਂ ਜਿਸ ਤਰੀਕੇ ਨਾਲ ਚੰਡੀਗੜ੍ਹ ਵਿੱਚ ਨਵੀਂ ਵਿਧਾਨ ਸਭਾ ਬਣਾਏ ਜਾਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦੇ ਵਿਰੋਧ ਵਿੱਚ ਡਟਣ ਲਈ ਪੰਜਾਬ ਸਰਕਾਰ ਨੇ ਕਾਰਵਾਈ ਆਰੰਭੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।