Ludhiana News: ਪੰਜਾਬ ਸਰਕਾਰ ਦਾ ਐਕਸ਼ਨ! 12,000 ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਤੋਂ ਛੁਡਾਏ ਨਾਜਾਇਜ਼ ਕਬਜ਼ੇ
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਹੁਣ ਤੱਕ ਪੰਚਾਇਤੀ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਵਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ 12,000 ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾ ਦਿੱਤੇ ਹਨ।
Ludhiana News: ਪੰਜਾਬ ਵਿੱਚ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੀਰਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੱਲੋਕੇ ’ਚ ਤਿੰਨ ਕਨਾਲ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ। ਇਸ ਦੌਰਾਨ ਪੰਚਾਇਤ ਅਧਿਕਾਰੀਆਂ ਦੇ ਨਾਲ-ਨਾਲ ਪੁਲਿਸ ਫੋਰਸ ਵੀ ਤਾਇਨਾਤ ਰਹੀ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਹੁਣ ਤੱਕ ਪੰਚਾਇਤੀ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਵਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ 12,000 ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾ ਦਿੱਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਬੱਲੋਕੇ ਪਿੰਡ ਦੀ ਜ਼ਮੀਨ ਵਪਾਰਕ ਹੈ ਜੋ ਵਿੱਤੀ ਨਜ਼ਰੀਏ ਤੋਂ ਬਹੁਤ ਮਹੱਤਵ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਦੀ ਵਰਤੋਂ ਪਿੰਡਾਂ ਦੀ ਭਲਾਈ ਦੇ ਨਾਲ-ਨਾਲ ਇਸ ਤੋਂ ਹੋਣ ਵਾਲੀ ਆਮਦਨ ਇਸ ਪਿੰਡ ਦੇ ਵਿਕਾਸ ’ਤੇ ਵੀ ਖਰਚ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਜ਼ਮੀਨ ਦੇ ਮਾਮਲੇ ਦਾ ਫੈਸਲਾ ਸੰਯੁਕਤ ਕਮਿਸ਼ਨਰ ਵਿਕਾਸ (ਜੇਸੀਡੀ) ਨੂੰ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਨ੍ਹਾਂ ਨੇ ਪੂਰੀ ਜਾਂਚ ਤੋਂ ਬਾਅਦ ਪਿੰਡ ਦੀ ਪੰਚਾਇਤ ਦੇ ਹੱਕ ਵਿਚ ਇਸ ਕੇਸ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ਦਾ ਕਬਜ਼ਾ ਪੰਚਾਇਤ ਨੂੰ ਸੌਂਪ ਦਿੱਤਾ ਹੈ। ਕੈਬਨਿਟ ਮੰਤਰੀ ਨੇ ਪਿੰਡ ਬੱਲੋਕੇ ਦੇ ਵਸਨੀਕਾਂ ਵੱਲੋਂ ਇਸ ਵਡਮੁੱਲੀ ਜ਼ਮੀਨ ਨੂੰ ਮੁੜ ਪ੍ਰਾਪਤ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ।
ਕੈਬਨਿਟ ਮੰਤਰੀ ਭੁੱਲਰ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਸ ਕੰਮ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਹੀ ਹੈ ਤਾਂ ਜੋ ਪੰਚਾਇਤੀ ਜ਼ਮੀਨਾਂ ਦਾ ਇੱਕ ਇੰਚ ਵੀ ਅਧਿਕਾਰੀਆਂ ਦੁਆਰਾ ਅਣਗੌਲਿਆ ਨਾ ਰਹੇ। ਇਸ ਦੌਰਾਨ ਉਨ੍ਹਾਂ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਵੀ ਕਬਜ਼ੇ ਛੱਡਣ ਦੀ ਚਿਤਾਵਨੀ ਦਿੱਤੀ ਹੈ ਤੇ ਅਜਿਹਾ ਨਾ ਕਰਨ ’ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਾਰੀਆਂ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਤੱਕ ਜਾਰੀ ਰਹੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।