Patiala News: ਪਿਛਲੇ ਦਿਨੀਂ ਇੱਕਦਮ ਪਰਾਲੀ ਸਾੜਨ ਦੀਆਂ ਘਟਨਾਵਾਂ ਵਧਣ ਕਰਕੇ ਪ੍ਰਸਾਸ਼ਨ ਐਕਸ਼ਨ ਮੋਡ ਵਿੱਚ ਆ ਗਿਆ ਹੈ। ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਬਾਜ਼ ਅੱਖ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਕਦਮ ਪੁੱਟਦਿਆਂ ਡਰੋਨ ਵਰਤਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਨੇ ਖੇਤਾਂ ਵਿੱਚ ਡੇਰੇ ਲਾ ਲਏ ਹਨ। ਇੱਕ ਪਾਸੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸ ਪਰਾਲੀ ਸਾੜਨ ਵਾਲਿਆਂ ਖਿਲਾਫ ਕਾਰਵਾਈ ਵੀ ਕੀਤੀ ਜਾ ਰਹੀ ਹੈ।


ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲੱਗਣ ਦੇ ਹਾਟਸਪੌਟ ਇਲਾਕਿਆਂ ਵਿੱਚ ਡਰੋਨ ਨਾਲ ਨਜ਼ਰ ਰੱਖੀ ਜਾਵੇਗੀ, ਤਾਂ ਕਿ ਜਿਸ ਕਿਸੇ ਵੀ ਖੇਤ ਵਿੱਚ ਅੱਗ ਲੱਗਣ ਦੀ ਸੰਭਾਵਨਾ ਹੋਵੇ ਜਾਂ ਅੱਗ ਲਗਾਈ ਗਈ ਹੋਵੇ, ਉਥੇ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਮੌਕੇ ’ਤੇ ਪੁੱਜ ਕੇ ਤੁਰੰਤ ਕਾਰਵਾਈ ਕੀਤੀ ਜਾ ਸਕੇ। 


ਪਟਿਆਲਾ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੇ ਮਾਮਲਿਆਂ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਤੇ ਪੁਲਿਸ ਟੀਮਾਂ ਵੱਲੋਂ ਪਿੰਡ ਪੱਧਰ ’ਤੇ ਖੇਤਾਂ ਦਾ ਦੌਰਾ ਲਗਾਤਾਰ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਵੀ ਹਾਂ ਪੱਖੀ ਹੁੰਗਾਰਾ ਦਿੱਤਾ ਜਾ ਰਿਹਾ ਹੈ। 


ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਪੁੱਛੇ ਜਾਣ ’ਤੇ ਐਸਡੀਐਮਜ਼ ਤੇ ਡੀਐੱਸਪੀਜ਼ ਵੱਲੋਂ ਦੱਸਿਆ ਗਿਆ ਕਿ ਵੱਖ-ਵੱਖ ਟੀਮਾਂ ਗਸ਼ਤ ਕਰਦੇ ਹੋਏ ਖੇਤਾਂ ਵਿੱਚ ਜਾ ਰਹੀਆਂ ਹਨ। ਪਰਾਲੀ ਸਾੜਨ ਵਾਲਿਆਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਪਾਉਣ ਸਮੇਤ ਵਾਤਾਵਰਨ ਜੁਰਮਾਨਾ ਵੀ ਲਗਾਇਆ ਜਾ ਰਿਹਾ ਹੈ। ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਪਰਾਲੀ ਨੂੰ ਸਾਂਭਣ ਤੇ ਕਣਕ ਦੀ ਬਿਜਾਈ ਸੁਪਰ ਸੀਡਰ, ਹੈਪੀ ਸੀਡਰ ਤੇ ਸਰਫੇਸ ਸੀਡਰ ਨਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ। 


ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮਿਲਣੀ ਯਕੀਨੀ ਬਣਾ ਰਿਹਾ ਹੈ, ਤਾਂ ਕਿ ਉਹ ਨਾੜ ਨੂੰ ਬਿਨਾ ਅੱਗ ਲਗਾਏ ਸੰਭਾਲ ਸਕਣ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਡੇ ਧਾਰਮਿਕ ਗ੍ਰੰਥਾਂ ਵੱਲੋਂ ਪੌਣ-ਪਾਣੀ ਤੇ ਧਰਤੀ ਸੰਭਾਲਣ ਲਈ ਦਿੱਤੀ ਗਈ ਸਿੱਖਿਆ ਦੇ ਮੱਦੇਨਜ਼ਰ ਝੋਨੇ ਦੇ ਨਾੜ ਅਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਇਆ ਕਿਸਾਨ ਮਿੱਤਰ ਵਟਸਐਪ ਚੈਟਬੋਟ ਵਟਸਐੱਪ ਚੈਟਬੋਟ 73800-16070 ਕਿਸਾਨਾਂ ਨੂੰ ਮਸ਼ੀਨਰੀ ਦੀ ਜਾਣਕਾਰੀ ਦੇਣ ਲਈ ਬਹੁਤ ਸਹਾਈ ਹੋ ਰਿਹਾ ਹੈ।