Amritsar News: ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਦਾ ਪਰਦਾਫਾਸ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਅੰਮ੍ਰਿਤਸਰ ਦੇ ਅਜਨਾਲਾ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਤਰਨ ਤਾਰਨ ਨੰਬਰ ਵਾਲੀ ਕਾਰ, ਦੋ .32 ਬੋਰ ਪਿਸਤੌਲ, ਤਿੰਨ ਮੈਗਜ਼ੀਨ, 11 ਕਾਰਤੂਸ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਦੇਰ ਸ਼ਾਮ ਇਹ ਜਾਣਕਾਰੀ ਦਿੱਤੀ ਗਈ।


ਡੀਜੀਪੀ ਯਾਦਵ ਨੇ ਕਿਹਾ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ ਤੇ ਗੁਰਪ੍ਰਤਾਪ ਸਿੰਘ ਵਾਸੀ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਰਮਦਾਸ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਬੀਕੇਆਈ ਸਮਰਥਿਤ ਦਹਿਸ਼ਤੀ ਮਾਡਿਊਲ ਨੂੰ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਨੇੜਲਾ ਹਰਪ੍ਰੀਤ ਸਿੰਘ ਹੈਪੀ ਆਪਣੇ ਸਾਥੀਆਂ ਹਰਬੀਰ ਸਿੰਘ ਤੇ ਨਵਰੂਪ ਸਿੰਘ ਨਾਲ ਮਿਲ ਕੇ ਚਲਾ ਰਿਹਾ ਹੈ। ਹੈਪੀ ਇਸ ਸਮੇਂ ਅਮਰੀਕਾ ਵਿੱਚ ਹੈ।


ਡੀਜੀਪੀ ਯਾਦਵ ਨੇ ਦੱਸਿਆ ਕਿ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਬੀਕੇਆਈ ਦੇ ਕੁਝ ਅਨਸਰ ਸਰਹੱਦੀ ਖੇਤਰ ਵਿੱਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਇਸ ਤੋਂ ਤੁਰੰਤ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਟੀਮ ਨੇ ਕਮਿਸ਼ਨਰੇਟ ਪੁਲਿਸ ਤੇ ਐਸਐਸਓਸੀ ਦੀ ਟੀਮ ਨਾਲ ਮਿਲ ਕੇ ਅਜਨਾਲਾ ਦੇ ਇਲਾਕੇ ਵਿੱਚ ਵਿਸ਼ੇਸ਼ ਨਾਕਾਬੰਦੀ ਕਰਕੇ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਤੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। 


ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨਾਂ ਤੋਂ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਦਹਿਸ਼ਤ ਫੈਲਾਉਣ ਲਈ ਟਾਰਗੇਟ ਕਿਲਿੰਗ ਦੇ ਕੰਮ ਸੌਂਪੇ ਗਏ ਸਨ। ਐਸਐਸਪੀ ਦਿਹਾਤੀ (ਮਜੀਠਾ) ਸਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਹੈਪੀ ਗਰਮ ਖਿਆਲੀ ਵਿਅਕਤੀ ਹੈ। ਉਹ ਨੌਜਵਾਨਾਂ ਨੂੰ ਪ੍ਰੇਰਿਤ ਕਰ ਰਿਹਾ ਹੈ ਤੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਅਜਨਾਲਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।