Sangrur News: ਸੰਗਰੂਰ ਦੇ ਦਿੜ੍ਹਬਾ ਤੇ ਸੁਨਾਮ ਦੇ ਪਿੰਡਾਂ ਵਿੱਚ ਨਕਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਹੁਣ ਤੱਕ ਨਕਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 12 ਤੱਕ ਪਹੁੰਚ ਗਈ ਹੈ। ਗੁਜਰਾਂ ਪਿੰਡ ਵਿੱਚ 6, ਢੰਡੋਲੀ ਵਿੱਚ 3, ਉਪਲੀ ਵਿੱਚ ਇੱਕ ਤੇ ਸੁਨਾਮ ਦੇ 3 ਲੋਕਾਂ ਦੀ ਮੌਤ ਹੋਈ ਹੈ। ਸੁਨਾਮ ਦੇ 7 ਲੋਕ ਹਾਲੇ ਵੀ ਨਕਲੀ ਸ਼ਰਾਬ ਪੀਣ ਕਾਰਨ ਹਸਪਤਾਲ ਵਿੱਚ ਦਾਖਲ ਹਨ।


ਇਸ ਘਟਨਾਕ੍ਰਮ ਸਬੰਧੀ ਜਾਰੀ ਕਾਨੂੰਨੀ ਕਾਰਵਾਈ ਦੀ ਨਿਗਰਾਨੀ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਸ਼ਰਾਬ ਬਣਾਉਣ ਸਬੰਧੀ ਵਰਤਿਆ ਜਾਣ ਵਾਲਾ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖੀ, ਮਨਪ੍ਰੀਤ ਸਿੰਘ ਉਰਫ਼ ਮਨੀ, ਗੁਰਲਾਲ ਸਿੰਘ ਅਤੇ ਹਰਮਨਪ੍ਰੀਤ ਸਿੰਘ ਦੱਸੀ ਗਈ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹਵਾਲੇ ਨਾਲ ਉਨ੍ਹਾਂ ਦੇ ਓਐਸਡੀ ਪਰਦੀਪ ਜੋਸ਼ਨ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ’ਚ ਜ਼ੇਰੇ ਇਲਾਜ ਸਾਰੇ ਮਰੀਜ਼ਾਂ ਦਾ ਢੁੱਕਵਾਂ ਇਲਾਜ ਕਰਵਾਇਆ ਜਾ ਰਿਹਾ ਹੈ।


ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮਾਮਲੇ ਦੀ ਜੁਡੀਸ਼ਲ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਲਈ ਇੱਕ-ਇੱਕ ਕਰੋੜ ਰੁਪਏ ਵਿੱਤੀ ਸਹਾਇਤਾ ਦੀ ਵੀ ਮੰਗ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲੇ ਵਿਅਕਤੀ ਕਿਰਤੀ ਮਜ਼ਦੂਰ ਸਨ ਜਿਨ੍ਹਾਂ ਦੇ ਸਿਰ ਆਪਣੇ ਪਰਿਵਾਰਾਂ ਦੀ ਜ਼ਿੰਮੇਵਾਰੀ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। 


ਉਨ੍ਹਾਂ ਪੀੜਤ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਪ੍ਰਤੀ ਪਰਿਵਾਰ ਵਿੱਤੀ ਸਹਾਇਤਾ ਦੇਣੀ ਚਾਹੀਦੀ ਹੈ। ਢੀਂਡਸਾ ਨੇ ਕਿਹਾ ਕਿ ਕੱਟੜ ਪਾਰਟੀ ਤੇ ਕੱਟੜ ਇਮਾਨਦਾਰ ਕਹਾਉਣ ਵਾਲੀ ਸਰਕਾਰ ਦੀ ਅਖੌਤੀ ਰਾਜਧਾਨੀ ਤੇ ਐਕਸਾਈਜ਼ ਵਿਭਾਗ ਦੇ ਮੰਤਰੀ ਦੇ ਹਲਕੇ ਵਿੱਚ ਹਰਿਆਣਾ ਦੀ ਸ਼ਰਾਬ ਨਾਜਾਇਜ਼ ਵਿਕ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੇ ਕਿਹਾ ਹੈ ਕਿ ਪਿਛਲੇ ਇੱਕ ਸਾਲ ਤੋਂ ਇਸ ਸ਼ਰਾਬ ਦੀ ਵਿਕਰੀ ਹੋ ਰਹੀ ਹੈ ਤੇ ਵੇਚਣ ਵਾਲੇ ਖੁਦ ਘਰਾਂ ’ਚ ਸ਼ਰਾਬ ਦੀ ਸਪਲਾਈ ਕਰਦੇ ਹਨ।