Sangrur News: ਪੰਜਾਬ ਦੇ ਲੋਕਾਂ ਦੀ ਦਫਤਰਾਂ ਵਿੱਚ ਖੱਜਲ-ਖੁਆਰੀ ਹੋਰ ਵਧੇਗੀ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਦਫ਼ਤਰੀ ਕਰਮਚਾਰੀਆਂ ਵੱਲੋਂ ਬੀਤੀ 8 ਨਵੰਬਰ ਤੋਂ ਚੱਲ ਰਹੀ ਕਲਮ ਛੋੜ ਹੜਤਾਲ 6 ਦਸੰਬਰ ਤੱਕ ਵਧਾ ਦਿੱਤੀ ਗਈ ਹੈ। ਪਿਛਲੇ 22 ਦਿਨਾਂ ਤੋਂ ਦਫ਼ਤਰੀ ਕਰਮਚਾਰੀਆਂ ਦੀ ਹੜਤਾਲ ਕਾਰਨ ਦਫ਼ਤਰੀ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਪਿਆ ਹੈ। ਹੜਤਾਲ ਦੀ ਮਿਆਦ ’ਚ ਵਾਧਾ ਹੋਣ ਕਾਰਨ ਅਜੇ 6 ਦਸੰਬਰ ਤੱਕ ਹੋਰ ਕੰਮਕਾਜ ਠੱਪ ਰਹਿਣ ਦੇ ਆਸਾਰ ਹਨ।


ਹਾਸਲ ਜਾਣਕਾਰੀ ਮੁਤਾਬਕ ਹੜਤਾਲੀ ਕਰਮਚਾਰੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ 6 ਦਸੰਬਰ ਤੋਂ ਪਹਿਲਾਂ ਸਰਕਾਰ ਨੇ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਜ਼ਿਲ੍ਹੇ ਵਿੱਚ ਕੈਬਨਿਟ ਮੰਤਰੀਆਂ ਦਾ ਘਿਰਾਓ ਕਰਕੇ ਕਾਲੀਆਂ ਝੰਡੀਆਂ ਦਿਖਾਈਆਂ ਜਾਣਗੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।


ਯੂਨੀਅਨ ਦੇ ਸੂਬਾ ਵਿੱਤ ਸਕੱਤਰ ਅਨੁਜ ਸ਼ਰਮਾ, ਜ਼ਿਲ੍ਹਾ ਪ੍ਰਧਾਨ ਰਾਕੇਸ ਸ਼ਰਮਾ ਤੇ ਜ਼ਿਲ੍ਹਾ ਸਕੱਤਰ ਰਾਜਵੀਰ ਬਡਰੁੱਖਾਂ ਨੇ ਦੱਸਿਆ ਕਿ 8 ਨਵੰਬਰ ਤੋਂ 13 ਨਵੰਬਰ ਤੱਕ ਦਫ਼ਤਰੀ ਕਰਮਚਾਰੀਆਂ ਵੱਲੋਂ ਮੰਗਾਂ ਦੀ ਪ੍ਰਾਪਤੀ ਲਈ ਕਲਮਛੋੜ ਹੜਤਾਲ ਸ਼ੁਰੂ ਕੀਤੀ ਸੀ ਪਰ ਕੋਈ ਸੁਣਵਾਈ ਨਾ ਹੋਣ ’ਤੇ ਹੜਤਾਲ 20 ਨਵੰਬਰ ਤੱਕ ਵਧਾ ਦਿੱਤੀ ਸੀ । 


ਉਨ੍ਹਾਂ ਦੱਸਿਆ ਕਿ ਪਿਛਲੇ 22 ਦਿਨਾਂ ਤੋਂ ਸਮੁੱਚੇ ਵਿਭਾਗਾਂ ਦੇ ਦਫ਼ਤਰਾਂ ਵਿਚ ਕੰਮਕਾਜ ਠੱਪ ਪਿਆ ਹੈ । ਪੰਜਾਬ ਸਰਕਾਰ ਨੇ ਮੰਗਾਂ ਪੂਰੀਆਂ ਕਰਨ ਦੀ ਬਜਾਏ ਦਫ਼ਤਰੀ ਕਰਮਚਾਰੀਆਂ ਦੇ ਸੰਘਰਸ਼ ਦੀ ਅਣਦੇਖੀ ਕੀਤੀ ਹੈ ਜਿਸ ਕਾਰਨ ਸੂਬਾ ਕਮੇਟੀ ਵਲੋਂ ਸਮੂਹ ਜ਼ਿਲ੍ਹਾ ਕਮੇਟੀਆਂ ਦੇ ਆਗੂਆਂ ਤੇ ਵੱਖ-ਵੱਖ ਵਿਭਾਗਾਂ ਦੇ ਸੂਬਾ ਪ੍ਰਧਾਨਾਂ ਤੇ ਜਨਰਲ ਸਕੱਤਰਾਂ ਨਾਲ ਵਰਚੁਅਲ ਮੀਟਿੰਗ ਕਰਕੇ ਕਲਮ ਛੋੜ ਹੜਤਾਲ 6 ਦਸੰਬਰ ਤੱਕ ਵਧਾਉਣ ਦਾ ਫੈਸਲਾ ਲਿਆ ਗਿਆ ਹੈ । ਆਗੂਆਂ ਨੇ ਕਿਹਾ ਕਿ ਦਫ਼ਤਰੀ ਕੰਮਕਾਜ ਠੱਪ ਹੋਣ ਕਾਰਨ ਲੋਕ ਦਫ਼ਤਰਾਂ ਵਿਚ ਖੱਜਲ ਖੁਆਰ ਹੋ ਰਹੇ ਹਨ ਜਿਸਦੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।