Punjab Police: ਸੰਗਰੂਰ ਜ਼ਿਲ੍ਹੇ 'ਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਚਲਾਈ ਗਈ ਹੈ। ਇਸ ਕਾਰਵਾਈ ਦੌਰਾਨ 16 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ।


ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਸੰਗਰੂਰ ਵਿੱਚ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 16 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਤੇ 4 ਨਸ਼ਾ ਤਸਕਰਾਂ ਵਿਰੁੱਧ ਕੇਸ ਦਰਜ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਨਸ਼ੀਲੀਆਂ ਗੋਲੀਆਂ, ਕੈਪਸੂਲ, ਹੈਰੋਇਨ, ਗਾਂਜਾ, ਹਸ਼ੀਸ਼ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।


ਐਸ.ਐਸ.ਪੀ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਨੂੰ ਸਹਿਯੋਗ ਦੇਣ ਲਈ ਵੀ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਡ ਕੌਂਸਲਾਂ, ਮੋਹਤਬਰਾਂ ਅਤੇ ਪੰਚਾਇਤਾਂ ਨਾਲ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ।