Sangrur News: ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪ੍ਰਾਪਤ ਜਾਣਕਾਰੀ ਅਨੁਸਾਰ, ਪਿੰਡ ਠੀਕਰੀਵਾਲਾ ਦੇ ਰਹਿਣ ਵਾਲੇ ਸਮਾਜ ਸੇਵੀ ਗੁਰਸ਼ਰਨ ਸਿੰਘ ਟੱਲੇਵਾਲੀਆ ਦੇ ਭਤੀਜੇ ਅਮਨਿੰਦਰ ਸਿੰਘ ਰਿੰਕੂ ਦੀ ਕੈਲਗਰੀ ਸ਼ਹਿਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਅਮਨਿੰਦਰ ਸਿੰਘ ਦੇ ਪਿਤਾ ਸਾਬਕਾ ਫੌਜੀ ਸਤਿੰਦਰ ਸਿੰਘ, ਮਾਮਾ ਗੁਰਸ਼ਰਨ ਸਿੰਘ ਅਤੇ ਮਾਸੀ ਮਹਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2018 'ਚ ਵਿਆਹ ਤੋਂ ਬਾਅਦ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੈਨੇਡਾ ਗਿਆ ਸੀ ਪਰ ਉਸ ਦੀ ਅਚਾਨਕ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ 'ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ।


ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਉਨ੍ਹਾਂ ਨੂੰ ਫੋਨ 'ਤੇ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਬੇਟੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਅਮਨਿੰਦਰ ਸਿੰਘ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ। ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਜੇ ਪੰਜਾਬ ਸਰਕਾਰ ਪੰਜਾਬ ਵਿੱਚ ਰੁਜ਼ਗਾਰ ਦੇਵੇ ਤਾਂ 20 ਲੱਖ ਰੁਪਏ ਤੋਂ ਵੱਧ ਖ਼ਰਚ ਕਰਕੇ ਕੈਨੇਡਾ ਕਿਉਂ ਭੇਜਿਆ ਜਾਵੇ? ਜੇ ਸਥਾਨਕ ਸਰਕਾਰ ਇੱਥੇ ਨੌਜਵਾਨਾਂ ਨੂੰ ਨੌਕਰੀਆਂ ਦਿੰਦੀ ਹੈ ਤਾਂ ਉਨ੍ਹਾਂ ਨੂੰ ਕੈਨੇਡਾ ਜਾ ਕੇ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਕੇ ਕੰਮ ਦੇ ਬੋਝ ਹੇਠ ਕਿਉਂ ਮਜ਼ਬੂਰ ਕੀਤਾ ਜਾਵੇ? 


ਪੀੜਤ ਪਰਿਵਾਰ ਨੇ ਕੈਨੇਡਾ ਸਰਕਾਰ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਉਹ ਆਪਣੇ ਲੜਕੇ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਤੋਂ ਅਸਮਰੱਥ ਹਨ, ਇਸ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਉਸ ਦੀ ਮ੍ਰਿਤਕ ਦੇਹ ਲਿਆਉਣ ਲਈ ਪਰਿਵਾਰ ਦੀ ਮਦਦ ਕਰੇ |


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।