Barnala News : 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਤੋਂ ਬਾਅਦ ਬਰਨਾਲਾ ਜ਼ਿਲ੍ਹੇ ਦੇ ਕਸਬਾ ਭਦੌੜ ਵਿੱਚ ਬਰਨਾਲਾ-ਫ਼ਰੀਦਕੋਟ ਰੋਡ ਜਾਮ ਕੀਤਾ ਗਿਆ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨ ਅਤੇ ਸਿੱਖ ਜਥੇਬੰਦੀਆਂ ਦੇ ਆਗੂ ਸੜਕ ’ਤੇ ਬੈਠ ਗਏ ਹਨ। ਧਰਨੇ ਵਾਲੀ ਥਾਂ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਹੈ।
ਅੱਜ ਭਦੌੜ ਦੇ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਅੰਮ੍ਰਿਤਪਾਲ ਸਿੰਘ ਨੇ ਸ਼ਿਰਕਤ ਕਰਨੀ ਸੀ ਪਰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿੱਖ ਨੌਜਵਾਨਾਂ ਅਤੇ ਇਕੱਠ ਵਿੱਚ ਸ਼ਾਮਲ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਧਰਨਾਕਾਰੀਆਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨਾ ਗਲਤ ਹੈ, ਉਸ ਨੂੰ ਸਾਥੀਆਂ ਸਮੇਤ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਐਤਵਾਰ 12 ਵਜੇ ਤੱਕ ਇੰਟਰਨੈੱਟ ਸੇਵਾ ਠੱਪ, ਪੁਲਿਸ ਦਾ ਅੰਮ੍ਰਿਤਪਾਲ ਖ਼ਿਲਾਫ਼ ਐਕਸ਼ਨ
ਉਨ੍ਹਾਂ ਮੋਗਾ ਜ਼ਿਲ੍ਹੇ ਦੀ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਇੱਕ ਸਾਥੀ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਦੇ ਗੁਰਦੁਆਰਾ ਸਾਹਿਬ ਤੋਂ ਗ੍ਰਿਫ਼ਤਾਰ ਕਰਨ ਦੀ ਸੂਚਨਾ ਵੀ ਸਾਂਝੀ ਕੀਤੀ। ਇਹੀ ਨਹੀਂ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੇ ਨੇ ਵੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ’ਤੇ ਸਵਾਲ ਉਠਾਏ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਸ ਮਾਮਲੇ ਵਿੱਚ ਆਵਾਜ਼ ਉਠਾਉਣ ਦੀ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਅੱਜ ਸ਼ਨੀਵਾਰ ਨੂੰ ਪੰਜਾਬ ਪੁਲਸ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੰਜਾਬ ਵਿਚ ਇੰਟਰਨੈਟ ਸੇਵਾ ਬੰਦ ਕਰ ਦਿੱਤੀਆਂ ਗਈਆਂ ਹਨ। ਐਤਵਾਰ 12 ਵਜੇ ਤੱਕ ਇੰਟਰਨੈਟ ਬੰਦ ਰਹਿਣਗੇ। ਬਠਿੰਡਾ ਜ਼ਿਲ੍ਹੇ ਦੇ ਕਈ ਥਾਵਾਂ ਉਤੇ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਵਿੱਚ ਵੀ ਇੰਟਰਨੈਟ ਬੰਦ ਕੀਤਾ ਗਿਆ ਹੈ। ਸੰਗਰੂਰ, ਫਿਰੋਜ਼ਪੁਰ, ਪਟਿਆਲਾ, ਮੋਗਾ, ਮੋਹਾਲੀ ਜ਼ਿਲ੍ਹੇ ਵਿੱਚ ਕਈ ਥਾਵਾਂ ਉਤੇ ਨੈਟ ਬੰਦ ਕਰ ਦਿੱਤਾ ਗਿਆ ਹੈ ਜਦੋਂ ਕਿ ਲੋਕ ਫੋਨ ਉਤੇ ਕਾਲ ਹੋ ਰਹੀ ਹੈ ਪ੍ਰੰਤੂ ਇੰਟਰਨੈਟ ਨਹੀਂ ਚਲ ਰਿਹਾ।