Barnala News: ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਬੀਕੇਯੂ ਉਗਰਾਹਾਂ ਵੱਲੋਂ ਬਰਨਾਲਾ ਦੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਹੈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਨੂੰ ਹੀ ਨਹੀਂ ਸਗੋਂ ਸਾਰੇ ਧਰਮਾਂ ਦੇ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕੈਦੀਆਂ ਦੀ ਰਿਹਾਈ ਸਬੰਧੀ ਡੀਸੀ ਬਰਨਾਲਾ ਨੂੰ ਮੰਗ ਪੱਤਰ ਦਿੱਤਾ ਗਿਆ ਹੈ।



ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਦੇਖਿਆ ਹੈ ਕਿ ਹਰ ਧਰਮ ਦੇ ਲੋਕ ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਜਥੇਬੰਦੀ ਅੱਜ ਉਨ੍ਹਾਂ ਦੀ ਰਿਹਾਈ ਦੀ ਮੰਗ ਕਰ ਰਹੀ ਹੈ। ਇਸ ਤੋਂ ਇਲਾਵਾ ਕੁਝ ਅਜਿਹੇ ਕੈਦੀ ਵੀ ਹਨ ,ਜੋ 25-25 ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ ਦੇ ਕੇਸਾਂ ਦੀ ਸੁਣਵਾਈ ਨਹੀਂ ਹੋ ਰਹੀ। ਸਰਕਾਰ ਉਨ੍ਹਾਂ ਦਾ ਮਨੁੱਖੀ ਅਧਿਕਾਰ ਖੋਹ ਰਹੀ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਇਕੱਲੇ ਸਿੱਖਾਂ ਦੀ ਨਹੀਂ ਸਗੋਂ ਸਾਰੇ ਧਰਮਾਂ ਦੇ ਕੈਦੀਆਂ ਦੀ ਰਿਹਾਈ ਦੀ ਹੈ। ਉਨ੍ਹਾਂ ਕਿਹਾ ਕਿ 25 ਸਾਲ ਤੋਂ ਵੱਧ ਦੀ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਨਾਲ ਹੋਏ ਧੱਕੇ ਦਾ ਮੁਆਵਜ਼ਾ ਵੀ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਪੂਰੇ ਪੰਜਾਬ ਵਿੱਚ ਇਨ੍ਹਾਂ ਕੈਦੀਆਂ ਦੀ ਰਿਹਾਈ ਲਈ ਜ਼ਿਲ੍ਹਾ ਪੱਧਰ ’ਤੇ ਡੀਸੀ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ।



ਦੱਸ ਦੇਈਏ ਕਿ ਸਿੱਖ ਕੈਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਧਰਮਾਂ ਦੇ ਕੈਦੀਆਂ ਦੀ ਫੌਰੀ ਰਿਹਾਅ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਅੱਜ 19 ਜ਼ਿਲ੍ਹਿਆਂ ਵਿੱਚ 20 ਥਾਵਾਂ ’ਤੇ ਧਰਨੇ ਲਾਏ ਗਏ ਹਨ। ਇਸ ਦੇ ਐਲਾਨ ਕਿਸਾਨ ਯੂਨੀਅਨ ਵੱਲੋਂ ਕੁਝ ਦਿਨ ਪਹਿਲਾਂ ਕੀਤਾ ਗਿਆ ਸੀ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਦੱਸਿਆ ਕਿ ਇਨ੍ਹਾਂ ਧਰਨਿਆਂ ਮੌਕੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਦੇ ਨਾਂ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਜਾਵੇਗੀ ਕਿ ਸਿੱਖ ਕੈਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਨੂੰ ਫੌਰੀ ਰਿਹਾਅ ਕੀਤਾ ਜਾਵੇ।