Punjab News: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਪਹੁੰਚ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਸਾਂਝੀ ਕੀਤੀ ਹੈ। ਸੀਐਮ ਭਗਵੰਤ ਮਾਨ ਕੱਲ੍ਹ ਫਾਜ਼ਿਲਕਾ ਤੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਦੌਰੇ ਦੌਰਾਨ ਜ਼ਿਲ੍ਹਾ ਅਧਿਕਾਰੀ ਹਾਜ਼ਰ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਅੱਜ ਘੱਗਰ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਨੂੰ ਮਿਲਣ ਜਾ ਰਿਹਾ ਹਾਂ..ਲੋਕਾਂ ਦੀ ਸਰਕਾਰ ਲੋਕਾਂ ਨਾਲ।
ਸਰਕਾਰੀ ਸੂਤਰਾਂ ਮੁਤਾਬਕ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾ ਰਹੀ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੁਣ ਤੱਕ 15185 ਸੁੱਕੇ ਭੋਜਨ ਦੇ ਪੈਕੇਟ ਵੰਡੇ ਜਾ ਚੁੱਕੇ ਹਨ। ਹੁਣ ਤੱਕ 14000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ। ਸੂਬਾ ਸਰਕਾਰ ਨੇ ਹੜ੍ਹਾਂ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਰਾਹਤ ਫੰਡ ਵਿੱਚੋਂ 71.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਕਿਹਾ, ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ। 17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।