Sangrur News: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ ਜਾਂਚ, ਪੈਨਸ਼ਨ ਰਜਿਸਟ੍ਰੇਸ਼ਨ ਅਤੇ ਹੋਰਨਾਂ ਸਹੂਲਤਾਂ ਲਈ ਪਿੰਡਾਂ ਤੱਕ ਪਹੁੰਚ ਬਣਾਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅੱਜ ਇੱਥੇ ਪਿੰਡ ਸਤੌਜ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਮਨਾਏ ਗਏ ਜ਼ਿਲ੍ਹਾ ਪੱਧਰੀ ਸੀਨੀਅਰ ਸਿਟੀਜਨ ਦਿਵਸ ਦੀ ਪ੍ਰਧਾਨਗੀ ਕਰਨ ਪੁੱਜੇ ਹੋਏ ਸਨ।


ਨੌਜਵਾਨ ਇੰਟਰਨੈੱਟ ਨੂੰ ਛੱਡ ਕੇ ਬਜ਼ੁਰਗਾਂ ਕੋਲ ਬਿਤਾਉਣ ਜ਼ਿਆਦਾ ਸਮਾਂ


ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦਾ ਵਡਮੁੱਲਾ ਸਰਮਾਇਆ ਹਨ ਅਤੇ ਇਨ੍ਹਾਂ ਦੇ ਪਾਲਣ ਪੋਸ਼ਣ ਸਦਕਾ ਹੀ ਅਸੀਂ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਯੋਗ ਬਣਦੇ ਹਾਂ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਕੁਝ ਸਮੇ ਲਈ ਮੋਬਾਇਲ ਅਤੇ ਇੰਟਰਨੈੱਟ ਤੋਂ ਦੂਰ ਹੋ ਕੇ ਆਪਣੇ ਬਜ਼ੁਰਗਾਂ ਦੇ ਨਾਲ ਗੱਲਾਂ ਬਾਤਾਂ ਕਰਕੇ ਸਮਾਂ ਗੁਜ਼ਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੀ ਉਮਰ ਹੰਢਾ ਕੇ ਬਜ਼ੁਰਗ ਸਾਡੇ ਤੋਂ ਕੁਝ ਸਮਾਂ ਹਾਸਲ ਕਰਨ ਦੀ ਤਵੱਕੋ ਰੱਖਦੇ ਹਨ। ਪੰਜਾਬ ਸਰਕਾਰ ਵੱਲੋਂ ਇਸ ਨਿਵੇਕਲੀ ਪਹਿਲ ਕਦਮੀ ਨੂੰ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 60 ਸਾਲ ਦੀ ਉਮਰ ਹੰਢਾ ਚੁੱਕੇ ਸੂਬੇ ਦੇ ਹਰ ਬਾਸ਼ਿੰਦੇ ਨੂੰ ਮੁੱਢਲੀ ਸਹੂਲਤ ਦੇਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ।


ਬਜ਼ੁਰਗਾਂ ਦੀ ਕੀਤੀ ਗਈ ਜਾਂਚ, ਦਿੱਤੀਆਂ ਮੁਫ਼ਤ ਦਵਾਈਆਂ


ਪੰਜਾਬ ਸਰਕਾਰ ਦੀ ਇਸ ਨਿਵੇਕਲੀ ਮੁਹਿੰਮ ਤਹਿਤ ਜਿੱਥੇ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਅੱਖਾਂ ਲਈ ਨਜ਼ਰ ਦੀਆਂ ਐਨਕਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਕੈਂਪ ਦੌਰਾਨ ਦੂਰੋਂ-ਨੇੜਿਓ ਚੱਲ ਕੇ ਆਏ ਬਜ਼ੁਰਗਾਂ ਨੂੰ ਦਵਾਈਆਂ ਵੀ ਮੁਫਤ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ 60 ਸਾਲ ਤੋਂ ਉੱਪਰ ਉਮਰ ਦੀਆਂ ਉੱਘੀਆਂ ਸਖਸ਼ੀਅਤਾਂ ਦੇ ਨਾਲ-ਨਾਲ ਬਜ਼ੁਰਗਾਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।