Sangrur: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ‘ਚ ਕਾਰੋਬਾਰ ਕਰਨ ਵਿੱਚ ਅਸਾਨੀ ਲਈ ਸਿੰਗਲ ਵਿੰਡੋ ਸਿਸਟਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ਿਲ੍ਹਾ ਸੰਗਰੂਰ ਨੇ ‘ਵੱਡਾ ਜ਼ਿਲ੍ਹਾ ਸ਼੍ਰੇਣੀ’ ਵਿੱਚ ਸਾਰੇ ਜ਼ਿਲ੍ਹਿਆਂ ਤੋਂ ਮੋਹਰੀ ਸਥਾਨ ਹਾਸਲ ਕੀਤਾ ਹੈ।
'5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2023' ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਨਮਾਨ ਪ੍ਰਾਪਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਦਯੋਗਿਕ ਨਿਵੇਸ਼ ਅਤੇ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਇਸ ਐਵਾਰਡ ਲਈ ਜ਼ਿਲ੍ਹੇ ਦੀ ਚੋਣ ਕਰਨ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਸ ਨਾਲ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਹੋਰ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਜ਼ਿਲ੍ਹੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਲਈ ਵਚਨਬੱਧ ਹੈ।
ਜ਼ਿਕਰਯੋਗ ਹੈ ਕਿ ਵੱਡੇ ਉਦਯੋਗਿਕ ਜ਼ਿਲ੍ਹਿਆਂ ਅਤੇ ਹੋਰ ਜ਼ਿਲ੍ਹਿਆਂ ਦੀਆਂ ਦੋ ਸ਼੍ਰੇਣੀਆਂ ਵਿੱਚ ਜ਼ਿਲ੍ਹਾ ਬਿਊਰੋ ਆਫ਼ ਇੰਡਸਟਰੀ ਅਤੇ ਨਿਵੇਸ਼ ਪ੍ਰਮੋਸ਼ਨ ਦੁਆਰਾ ਨਿਵੇਸ਼ ਦੀ ਸਹੂਲਤ ਲਈ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਲਈ ਜ਼ਿਲ੍ਹਾ ਰੈਂਕਿੰਗ ਪੁਰਸਕਾਰਾਂ ਦੀ ਚੋਣ ਇਨਵੈਸਟਮੈਂਟ ਪਰਮੋਸ਼ਨ ਵਿਭਾਗ ਦੇ ਮਾਣਕਾਂ ਦੇ ਅਧਾਰ 'ਤੇ ਕੀਤੀ ਗਈ ਸੀ।