Sangrur News: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਥਾਨਕ ਅਨਾਜ ਮੰਡੀ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲਗਾਏ ਖੂਨਦਾਨ ਕੈਂਪ ਦੌਰਾਨ ਵਿਸ਼ੇਸ ਤੌਰ 'ਤੇ ਸ਼ਿਰਕਤ ਕਰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਵਡ ਅਕਾਰੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਵੀ ਮੱਥਾ ਟੇਕ ਕੇ ਸੰਤ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ।
ਅਨਾਜ ਮੰਡੀ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਜਾਨ ਵਾਰ ਦਿੱਤੀ ਅਤੇ ਅੱਜ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੂੰ ਇਹ ਸੱਚੀ ਸ਼ਰਧਾਂਜਲੀ ਹੈ ਕਿ ਸੰਤਾਂ ਦੀ ਬਰਸੀ ਮੌਕੇ ਸਿਆਸੀ ਦੂਸ਼ਣਬਾਜ਼ੀਆਂ ਅਤੇ ਫੋਕੀਆਂ ਸ਼ੋਹਰਤਾਂ ਤੋਂ ਦੂਰ ਰਹਿ ਕੇ ਇਸ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ ਤਾਂ ਜੋ ਹਸਪਤਾਲਾਂ ਵਿੱਚ ਜੇਰੇ ਇਲਾਜ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਯੋਗਦਾਨ ਪਾਇਆ ਜਾ ਸਕੇ।
ਇਹ ਵੀ ਪੜ੍ਹੋ: Punjab news: ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਡੰਗਣ 'ਤੇ ਜਾਖੜ ਨੇ ਕੱਸਿਆ ਤੰਜ, ਸੱਪ-ਸੀੜੀ ਖੇਡ ਸ਼ੇਅਰ ਕਰਕੇ ਕਿਹੀ ਵੱਡੀ ਗੱਲ
ਕੈਬਨਿਟ ਮੰਤਰੀ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਹਮੇਸ਼ਾਂ ਜਿਊਂਦੀਆਂ ਰਹਿੰਦੀਆਂ ਹਨ। ਅਮਨ ਅਰੋੜਾ ਨੇ ਕਿਹਾ ਕਿ ਸੰਤਾਂ ਦੀ ਯਾਦ ਨੂੰ ਸਮਰਪਿਤ ਇਸ ਖੂਨਦਾਨ ਕੈਂਪ ਰਾਹੀਂ ਇਕੱਤਰ ਹੋਣ ਵਾਲੇ ਖੂਨ ਦੀ ਇੱਕ ਇੱਕ ਬੂੰਦ ਕੀਮਤੀ ਜ਼ਿੰਦਗੀਆਂ ਨੂੰ ਬਚਾਉਣ ਵਿੱਚ ਸਹਾਈ ਸਾਬਤ ਹੋਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਲੌਂਗੋਵਾਲ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲਦੇ ਵਿਕਾਸ ਕਾਰਜਾਂ ਨੂੰ ਜਲਦ ਹੀ ਨੇਪਰੇ ਚੜ੍ਹਾਇਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਵੜਿੰਗ, ਪ੍ਰਧਾਨ ਨਗਰ ਕੌਂਸਲ ਲੌਂਗੋਵਾਲ ਪਰਮਿੰਦਰ ਕੌਰ ਬਰਾੜ, ਕਾਰਜ ਸਾਧਕ ਅਫ਼ਸਰ ਬਾਲਕ੍ਰਿਸ਼ਨ, ਬਲਵਿੰਦਰ ਸਿੰਘ, ਸੁੱਖ ਸਾਹੋਕੇ, ਗੁਰਦੀਪ ਸਿੰਘ ਤਕੀਪੁਰ, ਜੁਗਰਾਜ ਸਿੰਘ, ਮੇਲਾ ਸਿੰਘ ਐਮ ਸੀ, ਸ਼ੀਸ਼ਨ ਪਾਲ, ਕਰਮ ਸਿੰਘ ਬਰਾੜ, ਸੁਖਪਾਲ ਬਾਜਵਾ, ਸ਼ਿਪੀ ਲੌਂਗੋਵਾਲ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: Punjab news: ਸਿੱਧੂ ਨਹੀਂ ਸਗੋਂ ਚੰਨੀ ਕਾਂਗਰਸ ਦੇ 'ਜਰਨੈਲ', CWC 'ਚ ਚਰਨਜੀਤ ਨੂੰ ਮਿਲੀ ਥਾਂ, ਨਵਜੋਤ ਨੂੰ ਝਟਕਾ