Punjab News: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜਿਸ ਢੰਗ ਨਾਲ ਲੋਕਾਂ ਦੁਆਰਾ ਚੁਣੇ ਗਏ ਇਕ ਨੁਮਾਂਇਦੇ ਨੂੰ ਅਪਮਾਨਿਤ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਛੋਟੀ ਸੋਚ ਦਾ ਮੁਜਾਹਰਾ ਕੀਤਾ ਹੈ। ਉਨ੍ਹਾ ਕਿਹਾ ਕਿ ਮਾਨ ਸਰਕਾਰ ਵੱਲੋਂ ਵਿਰੋਧੀ ਧਿਰਾਂ ਖ਼ਿਲਾਫ਼ ਬਦਲਾਖੋਰੀ ਦੀ ਨੀਤੀ ਤਹਿਤ ਅਪਣਾਏ ਜਾ ਰਹੇ ਅਜਿਹੇ ਹੱਥਕੰਡੇ ਨਿਖੇਧੀਯੋਗ ਹਨ।


ਢੀਂਡਸਾ ਨੇ ਅੱਗੇ ਕਿਹਾ ਕਿ ਇਸ ਤਰ੍ਹਾਂ ਦਾ ਵਤੀਰਾ ਕਿਸੇ ਵੀ ਸਰਕਾਰ ਵਿਚ ਦੇਖਣ ਨੂੰ ਨਹੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਮਾਨ ਸਰਕਾਰ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਜਾਂਚ ਵਿਚ ਸ਼ਾਮਿਲ ਹੋਣ  ਲਈ ਉਨ੍ਹਾਂ ਨੂੰ ਨੋਟਿਸ ਦੇਣਾ ਚਾਹੀਦਾ ਸੀ ਪਰ ਅਜਿਹਾ ਨਾ ਕਰਕੇ ਸਰਕਾਰ ਵਿਰੋਧੀਆਂ ਨੂੰ ਡਰਾਉਣ ਤੇ ਧਮਕਾਉਣ ਲਈ ਪੁਲਿਸ ਦੀ ਦੁਰਵਰਤੋਂ ਕਰ ਰਹੀ ਹੈ। 


ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨਾ ਵਿਰੋਧੀ ਧਿਰਾਂ ਦਾ ਕੰਮ ਹੁੰਦਾ ਹੈ। ਸੁਖਪਾਲ ਸਿੰਘ ਖਹਿਰਾ ਵੀ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਦਾ ਪੁਰਜ਼ੋਰ ਵਿਰੋਧ ਕਰਦੇ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਬਿਲਕੁਲ ਵੀ ਬਰਦਾਸ਼ਤ ਨਹੀ ਹੋ ਰਿਹਾ ਸੀ। ਜਿਸ ਕਰਕੇ ਉਨ੍ਹਾਂ ਨੇ ਇਸ ਨੂੰ ਇਕ ਨਿੱਜੀ ਮੁੱਦਾ ਬਣਾਕੇ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰਕੇ ਅਪਮਾਨਿਤ ਕਰਨ ਦਾ ਕੰਮ ਕੀਤਾ ਹੈ।


ਜ਼ਿਕਰ ਕਰ ਦਈਏ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਦੋ ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਨੂੰ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਸੱਤ ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਦੋ ਦਿਨ ਦੀ ਇਜਾਜ਼ਤ ਦੇ ਦਿੱਤੀ। ਪੁਲਿਸ ਨੇ ਖਹਿਰਾ ਨੂੰ ਐਨਡੀਪੀਐਸ ਐਕਟ ਨਾਲ ਸਬੰਧਤ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ।


ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਿਸ ਨੇ 2015 ਦੇ ਡਰੱਗ ਮਾਮਲੇ ਵਿੱਚ ਵੀਰਵਾਰ ਸਵੇਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਸੁਪਰਡੈਂਟ ਮਨਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀ ਟੀਮ ਨੇ ਸਵੇਰੇ 6 ਵਜੇ ਦੇ ਕਰੀਬ ਚੰਡੀਗੜ੍ਹ ਸਥਿਤ ਖਹਿਰਾ ਦੇ ਘਰ ਛਾਪਾ ਮਾਰਿਆ।