Barnala News: ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਦੇ ਡੀਸੀ ਦਫ਼ਤਰ ਬਾਹਰ ਕੇਂਦਰ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਦਿੱਤਾ ਗਿਆ ਹੈ। ਇਸ ਮੌਕੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੀੜਤ ਕਿਸਾਨਾਂ ਨੂੰ  60 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਾਜ਼ਾ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰਾਂ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ।


ਦੇਸ਼ ਭਰ ਵਿੱਚ ਕਿਸਾਨਾਂ ਦਾ ਹੋਇਆ ਭਾਰੀ ਨੁਕਸਾਨ


ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਿਸਾਨ ਮੋਰਚੇ ਦੇ ਉਲੀਕੇ ਪ੍ਰੋਗਰਾਮ ਤਹਿਤ ਡੀਸੀ ਦਫ਼ਤਰ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ ਜਿਸ ਦੌਰਾਨ ਡੀਸੀ ਦਫ਼ਤਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਕਾਰਨ ਪੰਜਾਬ ਭਰ ਵਿੱਚ ਕਿਸਾਨਾਂ ਤੇ ਆਮ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਲ-ਨਾਲ ਹਰਿਆਣਾ, ਅਸਮ, ਹਿਮਾਚਲ ਪ੍ਰਦੇਸ਼ ਵਿੱਚ ਵੀ ਹੜ੍ਹਾਂ ਨੇ ਭਾਰੀ ਨੁਕਸਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦਾ ਜ਼ਿਕਰ ਕਰਦਿਆਂ ਕਿਹਾ ਕਿ ਉੱਥੇ ਸੋਕੇ ਦੀ ਮਾਰ ਹੇਠਾਂ 40 ਜ਼ਿਲ੍ਹੇ ਪ੍ਰਭਾਵਿਤ ਹੋ ਰਹੇ ਹਨ ਜਿਸ ਕਰਕੇ ਉਨ੍ਹਾਂ ਵੱਲੋਂ ਮੁਆਵਾਜ਼ੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।


ਮੁੱਖ ਮੰਤਰੀ ਨੂੰ ਛੱਡ ਦੇਣਾ ਚਾਹੀਦਾ ਕਾਮੇਡੀ ਸ਼ੋਅ


ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਦੇ ਮੁਰਗੇ-ਬੱਕਰੀਆਂ ਦਾ ਮੁਆਵਜਾ ਦੇਣ ਵਾਲੇ ਬਿਆਨ ਉੱਤੇ ਟਿੱਪਣੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਕਾਮੇਡੀ ਸ਼ੋਅ ਤੋਂ ਬਾਹਰ ਆ ਕੇ ਇਸ ਮੁੱਦੇ ਨੂੰ ਗੰਭੀਰ ਸਮਝਦਿਆਂ ਹੋਇਆਂ ਕਿਸਾਨਾਂ ਨੂੰ ਮੁਆਵਜ਼ਾ ਦੇਣਾਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਰਫ਼ 6700 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਜਦੋਂ ਕਿ ਕਿਸਾਨਾਂ ਨੂੰ ਅਜੇ ਤੱਕ ਕੁਝ ਵੀ ਨਹੀਂ ਮਿਲਿਆ ਹੈ। 


ਮੁੱਖ ਮੰਤਰੀ ਦਾ ਘੇਰਿਆ ਜਾਵੇਗਾ ਘਰ


ਇਸ ਮੌਕੇ ਕਿਸਾਨ ਲੀਡਰਾਂ ਨੇ ਕਿਹਾ ਕਿ ਸਰਕਾਰ ਛੇਤੀ ਤੋਂ ਛੇਤੀ ਪੀੜਤ ਲੋਕਾਂ ਨੂੰ ਮੁਅਵਜਾ ਦੇਵੇ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੋਏ ਨੁਕਸਾਨ ਲਈ 60 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾਵੇਗੀ।