Sangrur News: ਕਿਸਾਨ 26 ਨਵੰਬਰ ਤੋਂ ਚੰਡੀਗੜ੍ਹ ਵੱਲ ਧਾਵਾ ਬੋਲ ਰਹੇ ਹਨ। ਇਸ ਲਈ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਰਾਸ਼ਨ-ਪਾਣੀ ਇਕੱਠਾ ਕਰ ਰਹੇ ਹਨ। ਇਸ ਦੇ ਨਾਲ ਹੀ ਟਰਾਲੀਆਂ ਨੂੰ ਤਿਆਰ ਕਰ ਰਹੇ ਹਨ। ਕਿਸਾਨਾਂ ਨੇ ਦਿੱਲੀ ਵਾਂਗ ਹੀ ਚੰਡੀਗੜ੍ਹ ਨੂੰ ਚੁਫੇਰਿਓਂ ਘੇਰਨ ਦੀ ਰਣਨੀਤੀ ਬਣਾਈ ਹੈ। ਇਸ ਨਾਲ ਚੰਡੀਗੜ੍ਹ ਪ੍ਰਸਾਸ਼ਨ ਦੇ ਨਾਲ ਹੀ ਪੰਜਾਬ ਤੇ ਹਰਿਆਣਾ ਸਰਕਾਰ ਦੀਆਂ ਮੁਸ਼ਕਲਾਂ ਵੀ ਵਧ ਸਕਦੀਆਂ ਹਨ।
ਉਧਰ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੇਂਦਰ ਸਰਕਾਰ ਵਿਰੁੱਧ ਦੇਸ਼ ਭਰ ਦੀਆਂ ਸੂਬਾਈ ਰਾਜਧਾਨੀਆਂ ਵਿੱਚ 26 ਨਵੰਬਰ ਤੋਂ ਲਾਏ ਜਾ ਰਹੇ ਤਿੰਨ ਰੋਜ਼ਾ ਮੋਰਚੇ ਦੀ ਕਾਮਯਾਬੀ ਲਈ ਚੰਡੀਗੜ੍ਹ ਦੀ ਘੇਰਾਬੰਦੀ ਵਾਸਤੇ ਤਿਆਰੀ ਵਿੱਢ ਲਈ ਹੈ। ਕਿਸਾਨ ਯੂਨੀਅਨ ਮੁਤਾਬਕ ਲੋਕਾਂ ਵਿੱਚ ਚੰਡੀਗੜ੍ਹ ਮੋਰਚੇ ਲਈ ਦਿੱਲੀ ਮੋਰਚੇ ਵਾਂਗ ਹੀ ਉਤਸ਼ਾਹ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੇ ਝੰਡੇ ਹੇਠ ਵੱਡੀ ਗਿਣਤੀ ਵਿੱਚ ਔਰਤਾਂ ਤੇ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਦੇ ਕਾਫ਼ਲੇ ਮੋਰਚੇ ਵਿੱਚ ਪੁੱਜਣਗੇ। ਜਥੇਬੰਦਕ ਕਿਸਾਨ ਆਗੂਆਂ ਵੱਲੋਂ ਮੋਰਚੇ ਲਈ ਪਿੰਡ-ਪਿੰਡ ਮੀਟਿੰਗਾਂ, ਰੈਲੀਆਂ, ਝੰਡਾ-ਮਾਰਚ, ਨੁੱਕੜ ਨਾਟਕਾਂ ਆਦਿ ਰਾਹੀਂ ਲਾਮਬੰਦੀ ਕੀਤੀ ਜਾ ਰਹੀ ਹੈ ਤੇ ਤਿੰਨ ਦਿਨਾਂ ਮੋਰਚੇ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਲੰਘੇ ਦਿਨ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ 26 ਨਵੰਬਰ ਨੂੰ ਸਵੇਰੇ 11 ਵਜੇ ਟ੍ਰਿਬਿਊਨ ਚੌਕ, ਚੰਡੀਗੜ੍ਹ ਨੇੜੇ ਪੂਰੇ ਕਾਫ਼ਲੇ ਇਕੱਠੇ ਕਰਨ ਦੀ ਵਿਉਂਤ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੋਰਚੇ ਦੀਆਂ ਮੰਗਾਂ ਵਿੱਚ ਸਾਰੀਆਂ ਫ਼ਸਲਾਂ ਲਈ ਐਮਐਸਪੀ ਦੀ ਕਾਨੂੰਨੀ ਗਰੰਟੀ ਤੇ ਲਖੀਮਪੁਰ ਖੀਰੀ ਸਮੇਤ ਦਿੱਲੀ ਕਿਸਾਨ ਮੋਰਚੇ ਦੀਆਂ ਲਟਕਦੀਆਂ ਮੰਗਾਂ ਤੇ ਹੋਰ ਮੰਗਾਂ ਸ਼ਾਮਲ ਹਨ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਨੂੰ ਇਸ ਮੋਰਚੇ ਵਿੱਚ ਵੀ ਦਿੱਲੀ ਮੋਰਚੇ ਵਾਂਗ ਸ਼ਮੂਲੀਅਤ ਲਈ ਪੂਰਾ ਤਾਣ ਲਾਉਣ ਦਾ ਸੱਦਾ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।