Sangrur News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦ ਹੋਏ ਹੌਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਉਨ੍ਹਾਂ ਦੇ ਪਰਿਵਾਰ ਨੂੰ ਸੌਂਪਿਆ।
ਹਾਸਲ ਜਾਣਕਾਰੀ ਮੁਤਾਬਕ 9 ਮਹਾਰ ਰੈਜੀਮੈਂਟ ਵਿੱਚ ਤਾਇਨਾਤ ਸ਼ਹੀਦ ਹੌਲਦਾਰ ਜਸਪਾਲ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਗਵਾਉਣ ਵਾਲੇ ਸ਼ਹੀਦ ਦਾ ਦੇਸ਼ ਹਮੇਸ਼ਾ ਰਿਣੀ ਰਹੇਗਾ।
ਉਨ੍ਹਾਂ ਨੇ ਕਿਹਾ ਕਿ ਇਹ ਦੇਸ਼ ਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ 'ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਨੂੰ ਸਨਮਾਨਿਤ ਕਰਨ ਦਾ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਾਦਤ ਸਿਰਫ਼ ਇੱਕ ਪਰਿਵਾਰ ਜਾਂ ਸੂਬੇ ਦੀ ਨਹੀਂ, ਸਗੋਂ ਸਮੁੱਚੇ ਭਾਈਚਾਰੇ ਦੀ ਹੁੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ ਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਹੌਲਦਾਰ ਜਸਪਾਲ ਸਿੰਘ ਦੀ ਕੁਰਬਾਨੀ ਦੇ ਹਮੇਸ਼ਾ ਰਿਣੀ ਰਹਿਣਗੇ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਡਿਊਟੀ ਦੌਰਾਨ ਬਹਾਦਰੀ, ਲਗਨ ਤੇ ਦਲੇਰੀ ਦਾ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।