Sangrur News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਮਿਆਰੀ ਪ੍ਰਸ਼ਾਸਨਿਕ ਮੁਹੱਈਆ ਕਰਵਾਉਣ ਲਈ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਲਈ ਪੰਜਾਬ ਦੇ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ ਤਾਂ ਜੋ ਪੰਜਾਬੀਆਂ ਨੂੰ ਵੱਧ ਤੋਂ ਵੱਧ ਮਿਆਰੀ ਸੁਵਿਧਾਵਾਂ ਸਮਾਂਬੱਧ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾ ਸਕਣ। ਉਨਾਂ ਕਿਹਾ ਕਿ ਇਨਾਂ ਸੁਵਿਧਾਵਾਂ ਦਾ ਪ੍ਰਤੱਖ ਨਮੂਨਾ ਆਮ ਆਦਮੀ ਕਲੀਨਿਕ ਹਨ ਜਿੱਥੇ ਮਰੀਜ਼ਾਂ ਨੂੰ ਮਿਆਰੀ ਮੈਡੀਕਲ ਸੁਵਿਧਾਵਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ ਇਨਾਂ ਵਾਂਗ ਹੀ ਹਰ ਖੇਤਰ ’ਚ ਲੋਕਾਂ ਨੂੰ ਉੱਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣਗੀਆਂ।



ਕੈਬਨਿਟ ਮੰਤਰੀ ਨੇ ਜ਼ਿਲੇ ’ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੁਣ ਪੰਜਾਬ ’ਚ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਇਸ ਲਈ ਹਰ ਅਧਿਕਾਰੀ ਤੇ ਕਰਮਚਾਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ’ਤੇ ਪਹਿਰਾ ਦਿੰਦਿਆਂ ਇਮਾਨਦਾਰ ਤੇ ਪਾਰਦਰਸ਼ੀ ਢੰਗ ਨਾਲ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਨਦੇਹੀ ਨਾਲ ਕੰਮ ਕਰੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੋਗ ਵਿਅਕਤੀਆਂ ਤੱਕ ਭਲਾਈ ਸਕੀਮਾਂ ਦਾ ਲਾਭ ਪੁੱਜਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਵਿਭਾਗ ਦੇ ਅਧਿਕਾਰੀ ਸਬੰਧਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਜਾਣਕਾਰੀ ਲੋਕਾਂ ਤੱਕ ਪੁੱਜਦੀ ਕਰਨਾ ਯਕੀਨੀ ਬਣਾਉਣ ਤਾਂ ਜੋ ਵੱਧ ਤੋਂ ਵੱਧ ਲੋਕ ਇਨਾਂ ਦਾ ਲਾਭ ਲੈ ਸਕਣ।


ਇਸ ਮੌਕੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੁਲਿਸ ਵਿਭਾਗ ਨੂੰ ਨਸ਼ਾ ਤਸਕਰੀ ਰੋਕਣ ਲਈ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਹਦਾਇਤ ਕੀਤੀ ਅਤੇ ਨਸ਼ਿਆਂ ਦੀ ਭੈੜੀ ਆਦਤ ਦੇ ਸ਼ਿਕਾਰ ਵਿਅਕਤੀਆਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਸਾਂਝੇ ਤੌਰ ’ਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨਾਂ ਵਿਭਾਗੀ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਕਿਸੇ ਭਲਾਈ ਸਕੀਮ ਜਾਂ ਵਿਕਾਸ ਪ੍ਰੋਜੈਕਟ ਨੂੰ ਨੇਪਰੇ ਚਾੜਨ ਲਈ ਜੇਕਰ ਫ਼ੰਡ ਜਾਂ ਸਟਾਫ਼ ਦੀ ਕਮੀਂ ਆਉਦੀ ਹੈ ਤਾਂ ਤੁਰੰਤ ਇਸ ਦੀ ਰਿਪੋਰਟ ਡਿਪਟੀ ਕਮਿਸ਼ਨਰ ਜ਼ਰੀਏ ਸਰਕਾਰ ਨੂੰ ਭੇਜੀ ਜਾਵੇ ਤਾਂ ਲੋੜੀਂਦੀ ਘਾਟ ਜਲਦ ਤੋਂ ਜਲਦ ਪੂਰੀ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ। ਸ. ਭੁੱਲਰ ਨੇ ਮਗਨਰੇਗਾ ਨੂੰ ਅਸਰਦਾਰ ਢੰਗ ਨਾਲ ਜ਼ਿਲੇ ਵਿੱਚ ਲਾਗੂ ਕਰਨ ਲਈ ਕੀਤੇ ਉਪਰਾਲਿਆਂ ਨੂੰ ਵੀ ਸਰਾਹਿਆ ਤੇ ਸੰਗਰੂਰ ਦਾ ਨਾਮ ਰੌਸ਼ਨ ਕਰਨ ਲਈ ਵਧਾਈ ਦਿੱਤੀ।

 



ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ‘ਪਹਿਲ’ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਜਿਸ ’ਤੇ ਉਨਾਂ ਵੱਲੋਂ ਸਮੁੱਚੇ ਜ਼ਿਲਾ ਪ੍ਰਸ਼ਾਸਨ ਨੂੰ ਵਧਾਈ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਹਰ ਖੇਤਰ ਵਿੱਚ ਸਰਗਰਮ ਤੇ ਮੋਹਰੀ ਭੂਮਿਕਾ ਅਦਾ ਕੀਤੀ ਜਾ ਰਹੀ ਹੈ ਅਤੇ ਅਧਿਕਾਰੀ ਖੁਦ ਫੀਲਡ ਵਿੱਚ ਜਾ ਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਾਇਜ਼ਾ ਲੈ ਕੇ ਢੁਕਵੇਂ ਹੱਲ ਨੂੰ ਯਕੀਨੀ ਬਣਾ ਰਹੇ ਹਨ। ਇਸ ਮੌਕੇ ਪਹਿਲ ਦੇ ਦੋ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਦਰਸਾਉਂਦੀਆਂ ਸੰਖੇਪ ਵੀਡੀਓ ਵੀ ਦਿਖਾਈਆਂ ਗਈਆਂ।

 



ਇਸ ਮੌਕੇ ਐਮ.ਐਲ.ਏ. ਲਹਿਰਾ ਬਰਿੰਦਰ ਗੋਇਲ, ਐਮ.ਐਲ.ਏ. ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਐਸ.ਐਸ.ਪੀ. ਸੁਰੇਂਦਰ ਲਾਂਬਾ, ਏ.ਡੀ.ਸੀ. (ਜ) ਅਨਮੋਲ ਸਿੰਘ ਧਾਲੀਵਾਲ, ਏ.ਡੀ.ਸੀ. (ਵਿ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ (ਯੂ.ਟੀ.) ਨਿਤੇਸ਼ ਜੈਨ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਐਸ.ਡੀ.ਐਮ. ਭਵਾਨੀਗੜ ਵਨੀਤ ਕੁਮਾਰ, ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਐਸ.ਡੀ.ਐਮ. ਦਿੜਬਾ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹਲਕਾ ਧੂਰੀ, ਸੁਨਾਮ, ਦਿੜਬਾ ਅਤੇ ਸੰਗਰੂਰ ਤੋਂ ਵਿਧਾਇਕਾਂ ਦੇ ਨੁਮਾਇੰਦੇ ਹਾਜ਼ਰ ਸਨ।