Election Update: ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਆਪਣੀ ਪਹਿਲੀ ਸੂਚੀ ਵਿੱਚ 8 ਲੋਕ ਸਭਾ ਸੀਟਾਂ ‘ਤੇ ਉਮੀਦਵਾਰਾਂ ਦਾ ਨਾਮ ਐਲਾਨ ਦਿੱਤਾ ਹੈ। ਇਸ ਵਿੱਚ ਮੌਜੂਦਾ ਕੈਬਨਿਟ ਮੰਤਰੀ ਮੀਤ ਹੇਅਰ ਨੂੰ ਸੰਗਰੂਰ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਾਇਆ ਗਿਆ ਹੈ। ਉਮੀਦਵਾਰੀ ਦਾ ਐਲਾਨ ਹੋਣ ਤੋਂ ਬਾਅਦ ਮੰਤਰੀ ਮੀਤ ਹੇਅਰ ਨੇ ਪਹਿਲੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ।
ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਤੋਂ ਟਿਕਟ ਮਿਲਣ ਦੇ ਬਾਅਦ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਅਤੇ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦੀ ਹਾਂ ਜਿਨ੍ਹਾਂ ਲੋਕ ਸਭਾ ਹਲਕਾ ਸੰਗਰੂਰ ਲਈ ਪਾਰਟੀ ਉਮੀਦਵਾਰ ਬਣਾ ਕੇ ਮਾਣ ਸੌਂਪਿਆ।
ਬਾਕੀ ਸਾਥੀ ਉਮੀਦਵਾਰਾਂ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ। ਬਰਨਾਲਾ ਹਲਕਾ ਤੋਂ ਸਿਆਸਤ ਦੀ ਪਹਿਲੀ ਪੌੜੀ ਚੜ੍ਹਨ ਤੋਂ ਲੈ ਕੇ ਮੇਰੇ ਆਪਣੇ ਲੋਕਾਂ ਅਤੇ ਪਾਰਟੀ ਨੇ ਜੋ ਸਾਥ ਤੇ ਸਹਿਯੋਗ ਦਿੱਤਾ ਹੈ, ਉਸ ਦਾ ਮੈਂ ਤਾਉਮਰ ਰਿਣੀ ਰਹਾਂਗਾ। ਸਮੁੱਚੇ ਸੰਗਰੂਰ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਤੁਹਾਡੇ ਸਾਥ ਨਾਲ ਮੈਂ ਹਰ ਸਮੇਂ ਤੁਹਾਡੀ ਸੇਵਾ ਵਿੱਚ ਹਾਜ਼ਰ ਰਹਾਂਗਾ।
ਦੱਸ ਦਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ 13 ਲੋਕ ਸਭਾ ਸੀਟਾਂ ਵਿੱਚੋਂ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਵਿੱਚ 5 ਮੰਤਰੀਆਂ ਨੂੰ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਬਣਾਇਆ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਪਟਿਆਲਾ ਤੋਂ ਮੰਤਰੀ ਡਾ: ਬਲਬੀਰ ਸਿੰਘ ਸ਼ਾਮਲ ਹਨ।
ਇਸ ਦੇ ਨਾਲ ਹੀ 'ਆਪ' ਨੇ ਜਲੰਧਰ (ਰਿਜ਼ਰਵ) ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ 'ਤੇ ਮੁੜ ਭਰੋਸਾ ਜਤਾਇਆ ਹੈ। ਉਹ ਜਲੰਧਰ ਤੋਂ 'ਆਪ' ਦੇ ਸੰਸਦ ਮੈਂਬਰ ਹਨ। ਜਲੰਧਰ ਤੋਂ ਕਾਂਗਰਸ ਦੇ ਸਾਂਸਦ ਰਹੇ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਕਾਂਗਰਸ ਛੱਡ ਕੇ 'ਆਪ' ਦੀ ਟਿਕਟ 'ਤੇ ਜ਼ਿਮਨੀ ਚੋਣ ਲੜੀ ਸੀ ਤੇ ਜਿੱਤੇ ਸਨ।
ਇਸ ਦੇ ਨਾਲ ਹੀ ਪੰਜ ਦਿਨ ਪਹਿਲਾਂ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਜੀਪੀ ਨੂੰ ਫਤਿਹਗੜ੍ਹ ਸਾਹਿਬ (ਰਿਜ਼ਰਵ) ਤੋਂ ਟਿਕਟ ਦਿੱਤੀ ਗਈ ਹੈ। ਉਨ੍ਹਾਂ ਨੇ ਕਾਂਗਰਸ 'ਚ ਅਨੁਸ਼ਾਸਨ ਦੀ ਕਮੀ ਤੇ ਭਾਈ-ਭਤੀਜਾਵਾਦ ਦਾ ਦੋਸ਼ ਲਗਾਉਂਦੇ ਹੋਏ ਪਾਰਟੀ ਬਦਲੀ ਸੀ। ਉਸ ਸਮੇਂ ਤੋਂ ਹੀ ਉਸ ਨੂੰ ਟਿਕਟ ਮਿਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਸੀ।
ਫਰੀਦਕੋਟ (ਰਿਜ਼ਰਵ) ਤੋਂ ਸਭ ਤੋਂ ਦਿਲਚਸਪ ਉਮੀਦਵਾਰ ਕਰਮਜੀਤ ਅਨਮੋਲ ਹਨ। ਅਨਮੋਲ ਇੱਕ ਪੰਜਾਬੀ ਅਭਿਨੇਤਾ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। ਪਹਿਲਾਂ ਚਰਚਾ ਸੀ ਕਿ ਉਨ੍ਹਾਂ ਨੂੰ ਸੀਐਮ ਭਗਵੰਤ ਮਾਨ ਦੀ ਪੁਰਾਣੀ ਲੋਕ ਸਭਾ ਸੀਟ ਸੰਗਰੂਰ ਤੋਂ ਉਮੀਦਵਾਰ ਬਣਾਇਆ ਜਾਵੇਗਾ। ਅਜਿਹਾ ਇਸ ਲਈ ਕਿਉਂਕਿ ਇਹ ਸੀਟ 'ਆਪ' ਲਈ ਸੁਰੱਖਿਅਤ ਮੰਨੀ ਜਾਂਦੀ ਸੀ।