Sangrur News: ਗੰਨੇ ਦੀ ਬਕਾਇਆ ਕਰੋੜਾਂ ਰੁਪਏ ਦੀ ਰਾਸ਼ੀ ਨਾ ਮਿਲਣ ਦੇ ਰੋਸ ਵਜੋਂ ਸੈਂਕੜੇ ਕਿਸਾਨਾਂ ਨੇ ਸੋਮਵਾਰ ਨੂੰ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਧੂਰੀ ਤੋਂ ਡੀਸੀ ਦਫ਼ਤਰ ਸੰਗਰੂਰ ਤੱਕ ਟਰੈਕਟਰ ਮਾਰਚ ਕੀਤਾ। ਇਸ ਮਗਰੋਂ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁੱਖ ਸੜਕ ਜਾਮ ਕਰ ਦਿੱਤੀ ਤੇ ਧਰਨਾ ਦਿੰਦਿਆਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੇ ਕਨਵੀਨਰ ਹਰਜੀਤ ਸਿੰਘ ਬੁੱਗਰਾਂ ਨੇ ਕਿਹਾ ਕਿ ਕਿਸਾਨਾਂ ਦਾ ਖੰਡ ਮਿੱਲ ਧੂਰੀ ਵੱਲ ਕਰੀਬ 17 ਕਰੋੜ ਰੁਪਏ ਤੇ ਪੰਜਾਬ ਸਰਕਾਰ ਵੱਲ ਕਰੀਬ 3 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ। ਪਿਛਲੇ ਸਾਲ ਦੀ ਕਰੀਬ 20 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਲੈਣ ਲਈ ਕਿਸਾਨ 14 ਅਗਸਤ ਤੋਂ ਧੂਰੀ ਦੇ ਐਸਡੀਐਮ ਦਫ਼ਤਰ ਅੱਗੇ ਧਰਨੇ ’ਤੇ ਬੈਠੇ ਹਨ ਪਰ ਕਿਸੇ ਵੀ ਅਧਿਕਾਰੀ ਨੇ ਕਿਸਾਨਾਂ ਦੀ ਸਾਰ ਨਹੀਂ ਲਈ।
ਇਸ ਤੋਂ ਖਫ਼ਾ ਹੋ ਕੇ ਉਹ ਵੱਖ-ਵੱਖ ਪਿੰਡਾਂ ’ਚੋ ਟਰੈਕਟਰ ਮਾਰਚ ਕੱਢਦਿਆਂ ਡਿਪਟੀ ਕਮਿਸ਼ਨਰ ਨੂੰ ਮੰਗਾਂ ਯਾਦ ਕਰਾਉਣ ਪੁੱਜੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਆਖਦੇ ਸਨ ਕਿ ਉਹ ਕਿਸਾਨਾਂ ਦੀਆਂ ਅੱਖਾਂ ਵਿਚ ਅੱਥੂਰ ਨਹੀਂ ਵੇਖ ਸਕਦੇ ਪਰ ਅੱਜ ਉਹ ਕਿਸਾਨਾਂ ਦੀ ਗੱਲ ਸੁਣਨ ਲਈ ਵੀ ਤਿਆਰ ਨਹੀਂ। ਪਿਛਲੇ ਦਿਨੀਂ ਰਣੀਕੇ ’ਚ ਪੁੱਜੇ ਮੁੱਖ ਮੰਤਰੀ ਨੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਮਿਲਣਾ ਵੀ ਜ਼ਰੂਰੀ ਨਹੀਂ ਸਮਝਿਆ।
ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਤੋਂ ਕੋਈ ਪੈਨਸ਼ਨ ਜਾਂ ਤਨਖਾਹ ਨਹੀਂ ਮੰਗ ਰਹੇ ਸਗੋਂ ਆਪਣੇ ਵੇਚੇ ਹੋਏ ਗੰਨੇ ਦੇ ਪੈਸੇ ਮੰਗ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਖੰਡ ਮਿਲ ਬੰਦ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ, ਜਿਸ ਨੂੰ ਕਿਸਾਨ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਗੇ।
ਉਨ੍ਹਾਂ ਕਿਹਾ ਕਿ ਜੇ ਸਰਕਾਰ ਜਾਂ ਪ੍ਰਸ਼ਾਸਨ ਨੇ ਦੋ ਦਿਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਨਾ ਕੀਤੀ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂ ਗੁਰਤੇਜ ਸਿੰਘ, ਚਮਕੌਰ ਸਿੰਘ, ਅਵਤਾਰ ਸਿੰਘ, ਰਣਦੀਪ ਸਿੰਘ, ਸ਼ਿੰਗਾਰਾ ਸਿੰਘ, ਗੁਰਮੇਲ ਸਿੰਘ, ਗੁਰਜੰਟ ਸਿੰਘ ਤੇ ਹੋਰ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।