Sangrur News: ਸ਼੍ਰੋਮਣੀ ਅਕਾਲੀ ਦਲ (ਅ) ਨੇ ਪੰਚਾਇਤਾਂ ਭੰਗ ਕਰਨ ਖਿਲਾਫ ਆਵਾਜ਼ ਬੁਲੰਦ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਚੁਣੀਆਂ ਹੋਈਆਂ ਗ੍ਰਾਮ ਪੰਚਾਇਤਾਂ ਨੂੰ ਬਾਈਪਾਸ ਕਰਕੇ ਪਿੰਡਾਂ ਵਿੱਚ ਪੰਚਾਇਤਾਂ ਅਧੀਨ ਹੋਣ ਵਾਲੇ ਕੰਮਾਂ ਦਾ ਸਿਹਰਾ ਆਪਣੇ ਸਿਰ ਬੰਨ੍ਹ ਕੇ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ, ਕਿਉਂਕਿ ਜ਼ਿਆਦਾਤਰ ਪੰਜਾਬ ਦੀਆਂ ਪੰਚਾਇਤਾਂ ’ਤੇ ਸੱਤਾਧਾਰੀ ਪਾਰਟੀ ਨੂੰ ਛੱਡ ਕੇ ਹੋਰ ਪਾਰਟੀਆਂ ਕਾਬਜ਼ ਹਨ। ਸਾਰੀਆਂ ਗ੍ਰਾਮ ਪੰਚਾਇਤਾਂ ਦੀ ਮਿਆਦ ਜਨਵਰੀ 2024 ਵਿੱਚ ਖਤਮ ਹੋਵੇਗੀ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਮਿਆਦ ਪੂਰੀ ਹੋਣ ਤੋਂ ਪਹਿਲਾਂ ਪੰਚਾਇਤਾਂ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਭੰਗ ਕਰਨ ਦੇ ਫ਼ੈਸਲੇ ਵਿਰੁੱਧ ਰੋਸ ਪ੍ਰਗਟਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਸੋਮਵਾਰ ਨੂੰ ਸੰਗਰੂਰ ਵਿਖੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਲੋਕ ਸਭਾ ਹਲਕੇ ਅਧੀਨ ਆਉਂਦੇ ਜ਼ਿਲ੍ਹਾ ਮਾਲੇਰਕੋਟਲਾ ਤੇ ਬਰਨਾਲਾ ਵਿੱਚ ਵੀ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ।
ਇਸ ਮੌਕੇ ਪੰਚਾਇਤੀ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰ ਕੇ ਪੰਜਾਬ ਦੀ ਸਾਰੀਆਂ 13,241 ਗ੍ਰਾਮ ਪੰਚਾਇਤਾਂ ਨੂੰ ਤੁਰੰਤ ਪ੍ਰਭਾਵ ਨਾਲ ਸਮੇਂ ਤੋਂ ਪਹਿਲਾਂ ਭੰਗ ਕਰਨਾ ਸਰਾਸਰ ਗਲਤ ਤੇ ਸੰਵਿਧਾਨ ਦੀ ਧਾਰਾ 243-ਈ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਭੰਗ ਕਰਨ ਦੇ ਨੋਟੀਫਿਕੇਸ਼ਨ ਦਾ ਮੁੱਦਾ ਸਿਆਸਤ ਤੋਂ ਪ੍ਰੇਰਿਤ ਹੈ।
ਇਸ ਦੌਰਾਨ ਧਰਨੇ ਨੂੰ ਪਾਰਟੀ ਦੇ ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ, ਸੂਬਾ ਵਰਕਿੰਗ ਕਮੇਟੀ ਮੈਂਬਰ ਵਾਸਵੀਰ ਸਿੰਘ ਭੁੱਲਰ, ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਜਥੇਦਾਰ ਸ਼ਾਹਬਾਜ਼ ਸਿੰਘ ਡਸਕਾ ਤੇ ਯੂਥ ਪ੍ਰਧਾਨ ਐਡਵੋਕੇਟ ਜਗਮੀਤ ਸਿੰਘ ਸਮੇਤ ਵੱਡੀ ਗਿਣਤੀ ਬੁਲਾਰਿਆਂ ਨੇ ਸੰਬੋਧਨ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।