Sangrur News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਸੋਮਵਾਰ ਨੂੰ ਸੰਗਰੂਰ ਜ਼ਿਲ੍ਹੇ ਕਸਬਾ ਭਵਾਨੀਗੜ੍ਹ ਵਿੱਚ ਤਾਇਨਾਤ ਪਟਵਾਰੀ ਸੁਮਨਦੀਪ ਸਿੰਘ ਅਤੇ ਉਸ ਦੇ ਪ੍ਰਾਈਵੇਟ ਸਾਥੀ ਨਰਿੰਦਰਪਾਲ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਅਜੀਤ ਸਿੰਘ ਵਾਸੀ ਭਵਾਨੀਗੜ੍ਹ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

 


ਇਸ ਸੰਬੰਧੀ ਸ਼ਿਕਾਇਤ ਕਰਤਾ ਅਜੀਤ ਸਿੰਘ ਉਰਫ ਜੋਨੀ ਪੁੱਤਰ ਜਸਪਾਲ ਸਿੰਘ ਵਾਸੀ ਦਸਮੇਸ਼ ਨਗਰ ਭਵਾਨੀਗੜ੍ਹ ਨੇ ਦੱਸਿਆ ਕਿ ਉਨ੍ਹਾਂ ਜ਼ਮੀਨ ਦਾ ਇੰਤਕਾਲ ਕਰਵਾਉਣਾ ਸੀ, ਜਿਸ ਦੀ ਫ਼ੀਸ 500 ਰੁਪਏ ਹੋਣ ਦੇ ਬਾਵਜੂਦ ਪਟਵਾਰੀ ਨੇ 3 ਹਜ਼ਾਰ ਦੀ ਰਿਸ਼ਵਤ ਮੰਗੀ ਤੇ ਸੌਦਾ 2500 ਰੁਪਏ ਵਿਚ ਤਹਿ ਹੋ ਗਿਆ ਸੀ। ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ। ਵਿਜੀਲੈਂਸ ਵਲੋਂ ਛਾਪੇਮਾਰੀ ਕਰਦਿਆਂ ਪਟਵਾਰੀ ਨੂੰ ਕਾਬੂ ਕਰਕੇ ਸੰਗਰੂਰ ਲਿਜਾਇਆ ਗਿਆ ਹੈ।

 



ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਅਜੀਤ ਸਿੰਘ ਵਾਸੀ ਭਵਾਨੀਗੜ੍ਹ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਅਤੇ ਉਸ ਦੇ ਸਾਥੀ ਨੇ ਸ਼ਿਕਾਇਤਕਰਤਾ ਤੋਂ ਇੰਤਕਾਲ ਕਰਵਾਉਣ ਬਦਲੇ ਰਿਸ਼ਵਤ ਵਜੋਂ 2500 ਰੁਪਏ ਦੀ ਮੰਗ ਕੀਤੀ ਹੈ।

 

ਇਹ ਵੀ ਪੜ੍ਹੋ : ਹਲਕਾ ਲੰਬੀ ਦੇ ਪਿੰਡ ਖੁੱਡੀਆਂ ਦੇ ਗੁਰਦੁਆਰਾ ਸਾਹਿਬ 'ਚ ਇੱਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ , ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ

ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।