Punjab Election: ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਦੇ ਪੰਜਾਬ ਵਿੱਚ ਜ਼ਿਆਦਾਤਰ ਥਾਵਾਂ ਉੱਤੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿੱਚ ਜ਼ਿਆਦਾਕਰ ਲੋਕ ਸਭਾ ਚੋਣਾਂ ਦੇ ਉਮੀਦਵਾਰ ਹਨ ਪਰ ਇਸ ਮੌਕੇ ਕਿਸਾਨਾਂ ਨੇ ਬਰਨਾਲਾ ਵਿੱਚ ਭਾਜਪਾ ਦੇ ਸੰਗਰੂਰ ਤੋਂ ਸੰਭਾਵੀ ਉਮੀਦਵਾਰ ਅਰਵਿੰਦ ਖੰਨਾ ਦਾ ਜ਼ਬਰਦਸਤ ਵਿਰੋਧ ਕੀਤਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਵੀ ਤੈਨਾਤ ਕੀਤਾ ਗਿਆ ਹੈ।


ਦਰਅਸਲ, ਬਰਨਾਲਾ ਦੀ ਅਗਰਵਾਲ ਧਰਮਸ਼ਾਲਾ ਵਿੱਚ ਅਰਵਿੰਦ ਖੰਨਾ ਚੋਣ ਪ੍ਰਚਾਰ ਲਈ ਆਏ ਸਨ ਜਿਸ ਦਾ ਪਤਾ ਲੱਗਦਿਆਂ ਹੀ ਕਿਸਾਨ ਜਥੇਬੰਦੀਆਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਮੌਕੇ ਹਲਾਤ ਨੂੰ ਕਾਬੂ ਕਰਨ ਲਈ ਵੱਡੀ ਗਿਣਤੀ ਵਿੱਚ ਪੁਲਿਸ ਬਲ ਵੀ ਤੈਨਾਤ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਭਾਜਪਾ ਦੇ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ।


ਇਸ ਮੌਕੇ ਅਰਵਿੰਦ ਖੰਨਾ ਨੇ ਕਿਹਾ ਕਿ ਜੋ ਲੋਕ ਪ੍ਰਦਰਸ਼ਨ ਕਰ ਰਹੇ ਹਨ, ਉਹ ਕਿਸਾਨ ਨਹੀਂ ਸਗੋਂ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵਤ ਸਿੰਘ ਮਾਨ ਦੇ ਲੋਕ ਹਨ ਜੋ ਜਾਣ ਬੁੱਝ ਕੇ ਮਾਹੌਲ ਖਰਾਬ ਕਰ ਰਹੇ ਹਨ।


ਜ਼ਿਕਰ ਕਰ ਦਈਏ ਕਿ ਜਿਸ ਵੇਲੇ ਕਿਸਾਨ ਵਿਰੋਧ ਪ੍ਰਦਰਸ਼ਨ ਵਾਲੀ ਜਗ੍ਹਾ ਵੱਲ ਜਾਣ ਦੀ ਤਿਆਰੀ ਕਰ ਰਹੇ ਸਨ ਤਾਂ ਬਰਨਾਲਾ ਦੇ ਜੌੜਾ ਪੰਪ ਨੇੜੇ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਮੌਕੇ ਕਿਸਾਨ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਰੋਸ ਪ੍ਰਗਟ ਕੀਤਾ ਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ।