Sangrur News: ਨਵੇਂ ਵਿਆਹੇ ਮੰਤਰੀ ਦੇ ਘਰ ਅੱਗੇ ਜਥੇਬੰਦੀਆਂ ਨੇ ਸਾੜਿਆ ਪੁਤਲਾ, ਵਾਅਦਾਖ਼ਿਲਾਫ਼ੀ ਦੇ ਲਾਏ ਇਲਜ਼ਾਮ
Punjab News: ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁਲਾਜ਼ਮ ਵਰਗ ਦਾ ਸਭ ਤੋਂ ਵੱਧ ਸਮਰਥਨ ਮਿਲਿਆ ਹੈ ਪਰ 'ਆਪ' ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਵੀ ਭੱਜ ਰਹੀ ਹੈ। ਹਰ ਵਰਗ ਸਰਕਾਰ ਤੋਂ ਦੁਖੀ ਹੈ।
Punjab News: ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਉੱਤੇ ਵਾਅਦਾਖ਼ਿਲਾਫ਼ੀ ਦਾ ਇਲ਼ਜ਼ਾਮ ਲਾਇਆ।
ਇਸ ਮੌਕੇ ਪ੍ਰਦਰਸ਼ਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਡੀਏ ਦੀਆਂ ਕਿਸ਼ਤਾਂ ਬਹਾਲ ਕਰਨ ਅਤੇ ਪੇ-ਕਮਿਸ਼ਨ ਦੇ ਬਕਾਏ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ।
ਇਸ ਮੌਕੇ ਬੋਲਦਿਆਂ ਧਰਨਾਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਪੰਜਾਬ ਭਰ ਵਿੱਚ ਆਪਣੀਆਂ ਮੰਗਾਂ ਲਈ ਸਾਂਝੇ ਤੌਰ ’ਤੇ ਸੰਘਰਸ਼ ਕਰ ਰਹੀਆਂ ਹਨ ਜਿਸ ਤਹਿਤ ਅੱਜ ਸਮੂਹ ਮੁਲਾਜ਼ਮ ਜਥੇਬੰਦੀਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਸੂਬਾ ਪੱਧਰੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਮੀਟਿੰਗਾਂ ਵੀ ਹੋ ਚੁੱਕੀਆਂ ਹਨ ਜਿਸ ਤਹਿਤ ਪਿਛਲੇ ਮਹੀਨੇ ਚੰਡੀਗੜ੍ਹ ਵਿਖੇ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਸਰਕਾਰ ਮੰਗਾਂ ਪੂਰੀਆਂ ਕਰਨ ਤੋਂ ਭੱਜਦੀ ਰਹੀ ਜਿਸ ਤੋਂ ਬਾਅਦ ਸਮੂਹ ਜਥੇਬੰਦੀਆਂ ਨੇ 9 ਤੋਂ 11 ਨਵੰਬਰ ਤੱਕ ਜ਼ਿਲ੍ਹਾ ਪੱਧਰ 'ਤੇ ਪੰਜਾਬ ਸਰਕਾਰ ਦੇ ਖਿਲਾਫ ਅਤੇ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।
ਇਸ ਤਹਿਤ ਬਰਨਾਲਾ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਸੂਬਾ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁਲਾਜ਼ਮ ਵਰਗ ਦਾ ਸਭ ਤੋਂ ਵੱਧ ਸਮਰਥਨ ਮਿਲਿਆ ਹੈ ਪਰ 'ਆਪ' ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਵੀ ਭੱਜ ਰਹੀ ਹੈ। ਹਰ ਵਰਗ ਸਰਕਾਰ ਤੋਂ ਦੁਖੀ ਹੈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ‘ਆਪ’ ਸਰਕਾਰ ਕਹਿ ਰਹੀ ਹੈ ਕਿ ਖਜ਼ਾਨਾ ਭਰਿਆ ਹੋਇਆ ਹੈ, ਦੂਜੇ ਪਾਸੇ ਮੁਲਾਜ਼ਮਾਂ ਨੂੰ ਕੁਝ ਵੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਮੁਲਾਜ਼ਮਾਂ ਨੂੰ ਆਸ ਸੀ ਕਿ ਸਰਕਾਰ ਤੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋ ਜਾਣਗੀਆਂ ਪਰ ਸਰਕਾਰ ਨੇ ਇਹ ਦੀਵਾਲੀ ਵੀ ਖਾਲੀ ਜਾਣ ਦਿੱਤੀ।
ਉਨ੍ਹਾਂ ਕਿਹਾ ਕਿ ਸਾਡੀਆਂ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਡੀਏ ਦੀਆਂ ਕਿਸ਼ਤਾਂ ਅਤੇ ਪੇ ਕਮਿਸ਼ਨ ਦੇ ਬਕਾਏ ਸ਼ਾਮਲ ਹਨ। ਸਰਕਾਰ ਨੂੰ ਸਾਡੀਆਂ ਮੰਗਾਂ ਪੂਰੀਆਂ ਕਰਨ ਲਈ ਤੁਰੰਤ ਸਮਾਂ ਦੇਣਾ ਚਾਹੀਦਾ ਹੈ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।