Sangrur News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਬੁੱਧਵਾਰ ਨੂੰ ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਤੇ ਐਸਐਸਪੀ ਸੁਰੇਂਦਰ ਲਾਂਬਾ ਵੀ ਮੌਜੂਦ ਸਨ। ਇਸ ਕੈਂਪ ਦੌਰਾਨ ਵੱਡੀ ਗਿਣਤੀ ’ਚ ਇਲਾਕਾ ਨਿਵਾਸੀਆਂ ਵੱਲੋਂ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਤੇ ਹੋਰਨਾਂ ਮੁੱਦਿਆਂ ਲਈ ਸੇਵਾਵਾਂ ਹਾਸਲ ਕੀਤੀਆਂ।



ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਾਡੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ ਗੁਆਂਢੀ ਪਿੰਡ ਸਤੌਜ ਤੋਂ ਉੱਠ ਕੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦਾ ਨਾਮ ਪੂਰੀ ਦੁਨੀਆਂ ’ਚ ਰੋਸ਼ਨ ਕਰ ਰਹੇ ਹਨ ਤੇ ਇਸ ਦੇ ਨਾਲ ਹੀ ਲੋਕਾਂ ਦੀਆਂ ਆਸਾਂ ’ਤੇ ਖਰ੍ਹਾ ਉਤਰਨ ਲਈ ਦਿਨ-ਰਾਤ ਇੱਕ ਕਰਕੇ ਜ਼ੋਰ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਰੋਕਣ ਲਈ ਪੰਜਾਬ ਸਰਕਾਰ ਤੁਹਾਡੇ ਦੁਆਰ ਵਰਗਾ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਲੋਕਾਂ ਦੇ ਪ੍ਰਸ਼ਾਸਨਿਕ ਕੰਮ ਘਰ ਬੈਠਿਆਂ ਹੀ ਕਰਨ ਲਈ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਵੱਲੋਂ ਪਿੰਡਾਂ-ਮੁਹੱਲਿਆਂ ਤੱਕ ਪਹੁੰਚ ਕੀਤੀ ਜਾ ਰਹੀ ਹੈ। 


ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਯੋਗਤਾ ਅਨੁਸਾਰ ਭਲਾਈ ਸਕੀਮਾਂ ਦੇ ਲਾਭ ਪੁੱਜਦੇ ਕਰਨਾ ਉਨ੍ਹਾਂ ਦੀ ਨਿੱਜੀ ਜ਼ਿੰਮੇਵਾਰੀ ਹੈ ਤੇ ਪੰਜਾਬ ਸਰਕਾਰ ਤੁਹਾਡੇ ਦੁਆਰ ਪਹੁੰਚ ਕੇ ਪੈਨਸ਼ਨਾਂ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਦੇ ਹੋਰ ਮਸਲੇ ਹੱਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਮਾਜ ’ਚ ਕੋਹੜ ਬਣੀਆਂ ਅਲਾਮਤਾਂ ਨੂੰ ਵੀ ਦੂਰ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। 



ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਚੱਲਣ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਪੁਲਿਸ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਤੇ ਇਨ੍ਹਾਂ ਨੂੰ ਜੜ੍ਹਾਂ ਤੋਂ ਖ਼ਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਜਾਂ ਦੋਸਤਾਂ-ਸਨੇਹੀਆਂ ਨੂੰ ਪਹਿਲ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ’ਚ ਭਰਤੀ ਕਰਵਾਉਣਾ ਚਾਹੀਦਾ ਹੈ। 


ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਲਈ ਵੀ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ ਪਰ ਇਸਨੂੰ ਪੂਰਨ ਤੌਰ ’ਤੇ ਰੋਕਣ ਲਈ ਲੋਕਾਂ ਨੂੰ ਨਸ਼ਾ ਤਸਕਰਾਂ ਵਿਰੁੱਧ ਡਟਣ ਦੀ ਲੋੜ ਹੈ ਤੇ ਇਸਦੀ ਸੂਚਨਾ ਪੁਲਿਸ ਨੂੰ ਦੇਣੀ ਚਾਹੀਦੀ ਹੈ। ਉਨ੍ਹਾਂ ਵਿਸ਼ਵਾਸ ਦੁਆਇਆ ਕਿ ਜੇ ਕਿਸੇ ਵਿਅਕਤੀ ਵੱਲੋਂ ਨਸ਼ਾ ਤਸਕਰੀ ਸਬੰਧੀ ਕੋਈ ਵੀ ਸੂਚਨਾ ਪੁਲਿਸ ਨਾਲ ਸਾਂਝੀ ਕੀਤੀ ਗਈ ਤਾਂ ਉਸ ਵਿਅਕਤੀ ਦੀ ਪਛਾਣ ਗੁਪਤ ਰੱਖ ਕੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਉਣੀ ਯਕੀਨੀ ਬਣਾਈ ਜਾਵੇਗੀ।