Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਡੀ.ਸੀ. ਦਫ਼ਤਰ ਸੰਗਰੂਰ ਅੱਗੇ ਚੱਲ ਰਿਹਾ ਪੱਕਾ ਮੋਰਚਾ ਅਤੇ ਕਲਮ ਛੱਡ ਹੜਤਾਲ ਅੱਜ ਤੀਸਰੇ ਦਿਨ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਰਹੀ।

Sangrur News : ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਡੀ.ਸੀ. ਦਫ਼ਤਰ ਸੰਗਰੂਰ ਅੱਗੇ ਚੱਲ ਰਿਹਾ ਪੱਕਾ ਮੋਰਚਾ ਅਤੇ ਕਲਮ ਛੱਡ ਹੜਤਾਲ ਅੱਜ ਤੀਸਰੇ ਦਿਨ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਰਹੀ। ਅੱਜ ਇਸ ਸੰਘਰਸ਼ ਵਿੱਚ ਆਦਰਸ਼ ਸਕੂਲ ਗੰਢੂਆਂ ਅਤੇ ਆਦਰਸ਼ ਸਕੂਲ ਬਾਲਦ ਖੁਰਦ ਦੇ ਸਮੂਹ ਅਧਿਆਪਕਾਂ ਅਤੇ ਨਾਨ-ਟੀਚਿੰਗ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਅਣਦੇਖੀ ਨੇ ਕਰਮਚਾਰੀਆਂ ਨੂੰ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ 8 ਅਗਸਤ ਨੂੰ ਸੰਗਰੂਰ ਹਲਕੇ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਰਿਹਾਇਸ਼ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤਾਂ ਜੋ ਸਰਕਾਰ ਨੂੰ ਉਸ ਦੀ ਸੁੱਤੀ ਨੀਂਦ ਵਿੱਚੋਂ ਜਗਾਇਆ ਜਾ ਸਕੇ ਅਤੇ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦੀ ਆਵਾਜ਼ ਸੱਤਾ ਦੇ ਦਰਵਾਜ਼ਿਆਂ ਤੱਕ ਪਹੁੰਚਾਈ ਜਾ ਸਕੇ।
ਯੂਨੀਅਨ ਨੇ ਦੱਸਿਆ ਕਿ ਇਸ ਸੰਘਰਸ਼ ਵਿੱਚ ਆਦਰਸ਼ ਸਕੂਲਾਂ ਵਿੱਚ ਪੜ੍ਹ ਰਹੇ ਕਰੀਬ 4000 ਵਿਦਿਆਰਥੀਆਂ ਦੇ ਮਾਪੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਵੱਖ-ਵੱਖ ਭਰਾਤਰੀ ਜਥੇਬੰਦੀਆਂ ਨੇ ਵੀ ਸੰਘਰਸ਼ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਆਗੂਆਂ ਨੇ ਕਿਹਾ ਕਿ ਇਹ ਲੜਾਈ ਹੁਣ ਸਿਰਫ਼ ਕਰਮਚਾਰੀਆਂ ਦੀ ਨਹੀਂ ਰਹੀ, ਸਗੋਂ ਸਿੱਖਿਆ ਅਤੇ ਬੱਚਿਆਂ ਦੇ ਭਵਿੱਖ ਦੀ ਲੜਾਈ ਬਣ ਚੁੱਕੀ ਹੈ।
ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਧਾਨ ਸਭਾ ਦੇ ਅੰਦਰ ਸਿੱਖਿਆ ਕ੍ਰਾਂਤੀ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਵਿਧਾਨ ਸਭਾ ਤੋਂ ਬਾਹਰ ਉਹੀ ਸਿੱਖਿਆ ਕ੍ਰਾਂਤੀ ਸੜਕਾਂ 'ਤੇ ਆਪਣੇ ਹੱਕਾਂ ਲਈ ਰੁਲ ਰਹੀ ਹੈ। ਜਿਹੜੇ ਅਧਿਆਪਕ ਪੰਜਾਬ ਦੇ ਭਵਿੱਖ ਨੂੰ ਤਿਆਰ ਕਰਦੇ ਹਨ, ਉਹੀ ਅੱਜ ਨਿਗੂਣੀਆਂ ਤਨਖ਼ਾਹਾਂ, ਅਸੁਰੱਖਿਅਤ ਨੌਕਰੀ ਅਤੇ ਸਰਕਾਰ ਦੀ ਬੇਰੁਖ਼ੀ ਕਾਰਨ ਧਰਨਿਆਂ 'ਤੇ ਬੈਠਣ ਲਈ ਮਜਬੂਰ ਹਨ। ਜੇਕਰ ਇਹ ਸਿੱਖਿਆ ਕ੍ਰਾਂਤੀ ਹੈ ਤਾਂ ਪੰਜਾਬ ਦੇ ਲੋਕ ਇਸ ਦਾ ਅਸਲ ਚਿਹਰਾ ਆਪਣੀਆਂ ਅੱਖਾਂ ਨਾਲ ਦੇਖ ਰਹੇ ਹਨ।
ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਗੱਲਬਾਤ ਕਰਕੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਇਸ ਮੌਕੇ ਯੂਨੀਅਨ ਦੇ ਆਗੂ ਜਗਸੀਰ ਸਿੰਘ ਗੰਢੂਆਂ, ਸਲੀਮ ਮੋਹੰਮਦ, ਜਸਵਿੰਦਰ ਕੌਰ,ਅਮਨਦੀਪ ਸ਼ਾਸਤਰੀ, ਅਮਰਜੋਤ ਜੋਸ਼ੀ, ਭੁਪਿੰਦਰ ਕੌਰ, ਸੋਨਾ ਜੈਨ, ਰਮਨਦੀਪ ਸ਼ਰਮਾ, ਸੰਦੀਪ ਕੌਰ, ਦੀਪਿਕਾ ਅਹੂਜਾ, ਅਮਨ ਸ਼ਰਮਾ, ਜਸਵੀਰ ਕੌਰ ਗੰਢੂਆਂ, ਗੋਪਾਲ ਕ੍ਰਿਸ਼ਨ, ਗੁਰਜਿੰਦਰ ਸਿੰਘ, ਗੁਰਜੀਤ ਸਿੰਘ, ਜਗਤਾਰ ਸਿੰਘ, ਰਾਕੇਸ਼ ਕੁਮਾਰ ਅਤੇ ਹੋਰ ਸਾਥੀ ਹਾਜ਼ਰ ਸਨ। ਉਨ੍ਹਾਂ ਇੱਕ ਸੁਰ ਵਿੱਚ ਕਿਹਾ ਕਿ "ਹੱਕ ਲੈ ਕੇ ਰਹਾਂਗੇ, ਚਾਹੇ ਸੰਘਰਸ਼ ਕਿੰਨਾ ਵੀ ਲੰਮਾ ਕਿਉਂ ਨਾ ਕਰਨਾ ਪਵੇ।"
ਟ੍ਰੈਂਡਿੰਗ ਟੌਪਿਕ






















