Sangrur News : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੀਸ ਕਮੇਟੀ ਦੀ ਮੀਟਿੰਗ ਕਰਦਿਆਂ ਮੀਟਿੰਗ ਵਿੱਚ ਸ਼ਾਮਲ ਵੱਖ-ਵੱਖ ਵਰਗਾਂ, ਸਿਆਸੀ ਪਾਰਟੀਆਂ, ਵਪਾਰ ਮੰਡਲਾਂ, ਯੂਥ ਕਲੱਬਾਂ, ਇੰਡਸਟਰੀ ਚੈਂਬਰ, ਧਾਰਮਿਕ ਅਸਥਾਨਾਂ ਆਦਿ ਦੇ ਵੱਡੀ ਗਿਣਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ’ਤੇ ਯਕੀਨ ਨਾ ਕੀਤਾ ਜਾਵੇ ਅਤੇ ਕਿਸੇ ਵੀ ਸੂਚਨਾ ਨੂੰ ਸੋਸ਼ਲ ਮੀਡੀਆ ਜਾਂ ਅਜਿਹੇ ਹੀ ਕਿਸੇ ਹੋਰ ਸਾਧਨ ਰਾਹੀਂ ਬਿਨਾਂ ਤੱਥ ਤਸਦੀਕ ਕੀਤੇ ਅੱਗੇ ਭੇਜਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ। ਡਿਪਟੀ ਕਮਿਸ਼ਨਰ ਸ਼੍ਰੀ ਜੋਰਵਾਲ ਅਤੇ ਐਸ.ਐਸ.ਪੀ ਸ਼੍ਰੀ ਲਾਂਬਾ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਖੇ ਪੂਰੀ ਤਰ੍ਹਾਂ ਅਮਨ ਅਮਾਨ ਅਤੇ ਸ਼ਾਂਤਮਈ ਮਾਹੌਲ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਜ਼ਿਲ੍ਹੇ ਵਿੱਚ ਅਮਨ ਸ਼ਾਂਤੀ, ਭਾਈਚਾਰਕ ਸਾਂਝ ਤੇ ਏਕਤਾ ਨੂੰ ਬਰਕਰਾਰ ਰੱਖਣ ਵਿੱਚ ਸਭ ਦਾ ਸਹਿਯੋਗ ਮੰਗਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਿਪਟੀ ਕਮਿਸ਼ਨਰ ਸ਼੍ਰੀ ਜੋਰਵਾਲ ਨੇ ਕਿਹਾ ਕਿ ਪ੍ਰਸ਼ਾਸਨਿਕ ਤੇ ਪੁਲਿਸ ਦੇ ਪੱਧਰ ’ਤੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਅਧਿਕਾਰੀਆਂ ਵੱਲੋਂ ਲੋਕਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਜਾਣੂ ਕਰਵਾਇਆ ਜਾ ਰਿਹਾ ਹੈ ਜ਼ਿਲ੍ਹੇ ਵਿੱਚ ਡਰ ਜਾਂ ਭੈਅ ਵਾਲੀ ਕੋਈ ਵੀ ਸਥਿਤੀ ਨਹੀਂ ਹੈ ਅਤੇ ਜਨ ਜੀਵਨ ਆਮ ਵਾਂਗ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਖੰਨਾ ਪੁਲਿਸ ਨੇ ਅਮਰੀਕਾ 'ਚ ਬੈਠੇ ਗੈਂਗਸਟਰ ਲਵਜੀਤ ਕੰਗ ਦੇ ਇੱਕ ਹੋਰ ਸਾਥੀ ਨੂੰ ਕੀਤਾ ਗ੍ਰਿਫਤਾਰ , ਨਜਾਇਜ਼ ਹਥਿਆਰ ਵੀ ਬਰਾਮਦ
ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਈ ਵੀ ਗੈਰ ਸਮਾਜਿਕ ਅਨਸਰ ਗੁੰਮਰਾਹਕੁੰਨ ਪ੍ਰਚਾਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਬਾਰੇ ਤੁਰੰਤ ਜਾਣਕਾਰੀ ਅਧਿਕਾਰੀਆਂ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਇਸ ਮੌਕੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਸਮੂਹ ਧਾਰਮਿਕ ਜਥੇਬੰਦੀਆਂ ਤੇ ਅਸਥਾਨਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਧਾਰਮਿਕ ਅਸਥਾਨਾਂ ਤੋਂ ਹੋਣ ਵਾਲੀ ਅਨਾਊਸਮੈਂਟ ਸਮੇਂ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਕਿਸੇ ਵੀ ਅਣਜਾਣ ਵਿਅਕਤੀ ਦੇ ਕਹਿਣ ’ਤੇ ਕੋਈ ਵੀ ਅਨਾਊਸਮੈਂਟ ਨਾ ਕੀਤੀ ਜਾਵੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਨਿਤੇਸ਼ ਜੈਨ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਐਸ.ਪੀ ਜਸਬੀਰ ਸਿੰਘ ਤੋਂ ਇਲਾਵਾ ਡੀ.ਐਸ.ਪੀਜ਼ ਅਤੇ ਪੀਸ ਕਮੇਟੀ ਦੇ ਵੱਡੀ ਗਿਣਤੀ ਮੈਂਬਰ ਵੀ ਹਾਜ਼ਰ ਸਨ।