Bhagwant Mann: ਸੰਗਰੂਰ ਜ਼ਿਲ੍ਹੇ ਨੂੰ CM ਨੇ ਦਿੱਤਾ ਤੋਹਫ਼ਾ, 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਕੀਤੀਆਂ ਲੋਕ ਸਮਰਪਿਤ
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ ਅਤੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨਾ ਹੈ।
Sangrur News: ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਸਬੰਧੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਜ਼ਿਲ੍ਹੇ ਵਿੱਚ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ ਅਤੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ, ਜਿੱਥੋਂ ਪੜ੍ਹ ਕੇ ਸੂਬੇ ਦੇ ਨੌਜਵਾਨ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ, ਤਕਨੀਕੀ ਮਾਹਰ ਅਤੇ ਹੋਰ ਉੱਚੇ ਅਹੁਦਿਆਂ ‘ਤੇ ਬਿਰਾਜਮਾਨ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਆਲੇ ਦਰਜੇ ਦੀਆਂ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਪੁਸਤਕ ਪ੍ਰੇਮੀਆਂ ਲਈ ਵੱਧ ਤੋਂ ਵੱਧ ਲਾਹੇਵੰਦ ਸਾਬਤ ਹੋਣ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਹਾਈਟੈਕ ਸਹੂਲਤਾਂ ਜਿਵੇਂ ਏਅਰ ਕੰਡੀਸ਼ਨਰ, ਇਨਵਰਟਰ, ਸੀ.ਸੀ.ਟੀ.ਵੀ. ਕੈਮਰੇ, ਵਾਈ-ਫਾਈ ਅਤੇ ਹੋਰ ਸਹੂਲਤਾਂ ਨਾਲ ਲੈਸ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਅਸਲ ਮਾਇਨੇ ਵਿੱਚ ਗਿਆਨ ਅਤੇ ਸਾਹਿਤ ਦਾ ਭੰਡਾਰ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮੁੱਲਵਾਨ ਕਿਤਾਬਾਂ ਮੌਜੂਦ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਨਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਦੇ ਸੰਗ੍ਰਹਿ ਵਿੱਚ ਕੁਝ ਦੁਰਲੱਭ ਅਤੇ ਕੀਮਤੀ ਪੁਸਤਕਾਂ ਸ਼ਾਮਲ ਹਨ, ਜੋ ਪੁਸਤਕ ਪ੍ਰੇਮੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਹਰ ਖੇਤਰ ਵਿੱਚ ਮੱਲਾਂ ਮਾਰਨ ਅਤੇ ਸੂਬੇ ਵਿੱਚੋਂ ਅਜਿਹੇ ਹੁਨਰਮੰਦ ਨੌਜਵਾਨ ਪੈਦਾ ਕੀਤੇ ਜਾ ਸਕਣ, ਜੋ ਵੱਖ-ਵੱਖ ਖੇਤਰਾਂ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨ।