Sangrur News: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋਕਾਂ ਤੇ ਪੁਲਿਸ ਵਿਚਾਲੇ ਸੁਖਾਵੇਂ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੁਨਾਮ ਵਿੱਚ ਪੁਲਿਸ ਪਬਲਿਕ ਮੀਟਿੰਗ ਕਰਵਾਈ ਗਈ। ਇਸ ਵਿੱਚ ਸ਼ਹਿਰ ਵਾਸੀਆਂ ਨੂੰ ਆਪਣੀਆਂ ਸਮੱਸਿਆਵਾਂ ਖੁੱਲ੍ਹੇ ਮੰਚ ਰਾਹੀਂ ਐਸਐਸਪੀ ਸੰਗਰੂਰ ਸਾਹਮਣੇ ਰੱਖਣ ਦਾ ਮੌਕਾ ਦਿੱਤਾ ਗਿਆ। ਇਸ ਦੌਰਾਨ ਸੁਨਾਮ, ਲੌਂਗੋਵਾਲ ਤੇ ਚੀਮਾ ਦੀਆਂ ਦਰਜਨਾਂ ਐਸੋਸੀਏਸ਼ਨਾਂ ਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਆਵਾਜਾਈ ਵਿਵਸਥਾ, ਸੁਰੱਖਿਆ, ਨਸ਼ਿਆਂ ਦੀ ਰੋਕਥਾਮ ਸਮੇਤ ਹੋਰ ਸਮਾਜਿਕ ਮੁੱਦਿਆਂ ਨੂੰ ਬੇਬਾਕੀ ਨਾਲ ਸਾਹਮਣੇ ਲਿਆਂਦਾ।
ਇਸ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣ ਲਈ ਅਸੀਂ ਪੂਰੀ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੇ ਹਾਂ। ਅਮਨ ਅਰੋੜਾ ਨੇ ਕਿਹਾ ਕਿ ਇਸ ਪਬਲਿਕ ਮਿਲਣੀ ਦੌਰਾਨ ਜੋ ਵੀ ਸਮੱਸਿਆਵਾਂ ਤੇ ਸੁਝਾਅ ਸਾਹਮਣੇ ਆਏ ਹਨ. ਉਨ੍ਹਾਂ ’ਤੇ ਉਚਿਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਵਿੱਚ ਵਿਸ਼ਵਾਸ ਵਧੇਰੇ ਮਜ਼ਬੂਤ ਹੋ ਸਕੇ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਦੱਸਿਆ ਕਿ ਸੁਨਾਮ, ਚੀਮਾ ਤੇ ਲੌਂਗੋਵਾਲ ਵਿਖੇ ਸੁਰੱਖਿਆ ਪ੍ਰਣਾਲੀ ਦੀ ਮਜ਼ਬੂਤੀ ਲਈ ਲੋੜ ਮੁਤਾਬਕ ਵੱਡੀ ਗਿਣਤੀ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵਾਹਨਾਂ ’ਤੇ ਹਾਈ ਸਕਿਓਰਟੀ ਨੰਬਰ ਪਲੇਟਾਂ ਲਗਾਉਣ ਨੂੰ ਤਰਜੀਹ ਦਿੱਤੀ ਜਾਵੇ ਤੇ ਜੇਕਰ ਕਿਸੇ ਵੀ ਆਵਾਜਾਈ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਦੀ ਸੂਰਤ ਵਿੱਚ ਕਿਸੇ ਵੀ ਵਾਹਨ ਚਾਲਕ ਵੱਲੋਂ ਆਪਣੇ ਅਸਰ ਰਸੂਖ ਜਾਂ ਸਿਫਾਰਸ਼ ਰਾਹੀਂ ਪੁਲਿਸ ’ਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕਰਨ ਵਿੱਚ ਕੋਈ ਝਿਜਕ ਨਾ ਕੀਤੀ ਜਾਵੇ।
ਕੈਬਨਿਟ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਗੈਰ ਸਮਾਜਿਕ ਅਨਸਰਾਂ ਖਿਲਾਫ਼ ਕਾਰਵਾਈ ਕਰਨ ਵਿੱਚ ਕੋਈ ਲਾਪ੍ਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੁੱਦੇ ’ਤੇ ਬਹੁਤ ਗੰਭੀਰ ਹੈ ਤੇ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਹਰੇਕ ਨਾਗਰਿਕ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲੀ ਮੀਟਿੰਗ ਦੌਰਾਨ ਹੀ ਲੋਕਾਂ ਦੇ ਭਰਪੂਰ ਹੁੰਗਾਰੇ ਨੂੰ ਦੇਖਦਿਆਂ ਥਾਣਾ ਮੁਖੀਆਂ ਨੂੰ ਮਹੀਨੇ ਵਿੱਚ ਇੱਕ ਵਾਰ, ਡੀ.ਐਸ.ਪੀ ਨੂੰ ਤਿੰਨ ਮਹੀਨਿਆਂ ਅੰਦਰ ਤੇ ਐਸ.ਐਸ.ਪੀ ਦੇ ਪੱਧਰ ’ਤੇ ਅਜਿਹੀ ਮਿਲਣੀ ਹਰ ਛੇ ਮਹੀਨੇ ਬਾਅਦ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਲੋਕ ਲਗਾਤਾਰ ਪੁਲਿਸ ਅਧਿਕਾਰੀਆਂ ਨਾਲ ਤਾਲਮੇਲ ਰੱਖ ਕੇ ਸਮਾਜਿਕ ਕੁਰੀਤੀਆਂ ਦੇ ਖਾਤਮੇ ਵਿੱਚ ਫੀਡਬੈਕ ਦੇ ਸਕਣ।
ਇਸ ਮੌਕੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਜਿਹੀਆਂ ਚੁਣੌਤੀਆਂ ਦਾ ਮੁਕੰਮਲ ਖਾਤਮਾ ਕਰਨ ਲਈ ਹਰ ਵਿਅਕਤੀ ਦਾ ਨਿੱਜੀ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਖੁੱਲ੍ਹੇ ਸੰਵਾਦ ਰਾਹੀਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਨੇੜਿਓਂ ਪਤਾ ਲੱਗ ਸਕਿਆ ਹੈ ਤੇ ਲੋਕਾਂ ਦੀ ਮਹੱਤਵਪੂਰਨ ਫੀਡਬੈਕ ਵੀ ਪ੍ਰਾਪਤ ਹੋਈ ਹੈ ਜਿਸ ’ਤੇ ਮੁਸਤੈਦੀ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਐਸ.ਐਸ.ਪੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨਾਗਰਿਕਾਂ ਦੇ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਸਾਂਝੀ ਲੜਾਈ ਵਿੱਚ ਲੋਕਾਂ ਦਾ ਵੀ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਆਪਣੇ ਘਰ ਪਰਿਵਾਰ, ਆਲੇ ਦੁਆਲੇ ਤੇ ਗਲੀ ਮੁਹੱਲਿਆਂ ਵਿੱਚ ਅਜਿਹੇ ਲੋਕਾਂ ਦੀ ਪਛਾਣ ਕਰਨ ਜੋ ਗਲਤ ਸੰਗਤ ਕਾਰਨ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਹੋਏ ਹਨ ਤੇ ਅਜਿਹੇ ਨਸ਼ਾ ਪੀੜਤਾਂ ਨੂੰ ਤੰਦਰੁਸਤ ਬਣਾਉਣ ਲਈ ਆਰੰਭੀ ਮੁਹਿੰਮ ਤਹਿਤ ਉਚਿਤ ਇਲਾਜ ਲਈ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਕਰਵਾਇਆ ਜਾਵੇ।