Sangrur News: ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅਧਿਆਪਕ ਪੇਂਡੂ ਭੱਤੇ, ਬਾਰਡਰ ਭੱਤੇ, ਸਾਇੰਸ ਪ੍ਰੈਕਟੀਕਲ ਭੱਤੇ ਸਮੇਤ ਬੰਦ ਕੀਤੇ 37 ਤਰ੍ਹਾਂ ਦੇ ਭੱਤੇ ਬਹਾਲ ਕਰਨ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਉੱਤਰੇ ਹਨ। ਇਸ ਤੋਂ ਇਲਾਵਾ ਨਵ-ਨਿਯੁਕਤ ਅਧਿਆਪਕਾਂ ’ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦਾ ਫੈਸਲਾ ਵਾਪਸ ਲੈ ਕੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ, ਕੱਚੇ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਸਣੇ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਗਈ ਹੈ। 



ਦੱਸ ਦਈਏ ਕਿ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ’ਤੇ ਅਧਿਆਪਕਾਂ ਵੱਲੋਂ ਭਖਵੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਵਿੱਚ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਅਧਿਆਪਕਾਂ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ।



ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਫਰੰਟ ਦੇ ਸੂਬਾ ਜਨਰਲ ਸਕੱਤਰ ਬਲਵੀਰ ਚੰਦ ਲੌਂਗੋਵਾਲ, ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਤੇ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਤਰਕਸੰਗਤ ਕਰਨ ਦੇ ਨਾਂ ‘ਤੇ ਮੁਲਾਜ਼ਮਾਂ ਦੇ 37 ਤਰ੍ਹਾਂ ਦੇ ਭੱਤੇ ਬੰਦ ਕਰਨ, ਇਸੇ ਤਰ੍ਹਾਂ ਏਸੀਪੀ ਸਕੀਮ ਬੰਦ ਕਰਨ ਤੇ ਜੁਲਾਈ 2020 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ‘ਤੇ ਕੇਂਦਰ ਸਰਕਾਰ ਦਾ ਤਨਖਾਹ ਸਕੇਲ ਥੋਪਣ ਜਿਹੇ ਮੁਲਾਜ਼ਮ ਵਿਰੋਧੀ ਫੈਸਲੇ ਲਏ ਸਨ ਪਰ ਪੰਜਾਬ ਸਰਕਾਰ ਨੇ ਇਨ੍ਹਾਂ ਫੈਸਲਿਆਂ ਉਪਰ ਚੁੱਪ ਧਾਰ ਰੱਖੀ ਹੈ। 


ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਹੈ ਜਦੋਂਕਿ ਇਨ੍ਹਾਂ ਮੁਲਾਜ਼ਮਾਂ ਦੀ ਸਿਰਫ ਤਨਖਾਹ ਵਿੱਚ ਵਾਧਾ ਕੀਤਾ ਗਿਆ ਹੈ ਤੇ ਰੈਗੂਲਰ ਮੁਲਾਜ਼ਮਾਂ ਨੂੰ ਮਿਲਦੀ ਕੋਈ ਵੀ ਸਹੂਲਤ ਨਹੀਂ ਦਿੱਤੀ ਗਈ ਹੈ। ਧਰਨੇ ਨੂੰ ਬਲਾਕ ਚੀਮਾ ਦੇ ਪ੍ਰਧਾਨ ਜਸਬੀਰ ਨਮੋਲ, ਲਹਿਰਾਗਾਗਾ ਦੇ ਪ੍ਰਧਾਨ ਗੁਰਪ੍ਰੀਤ ਪਿਸ਼ੌਰ, ਧੂਰੀ ਦੇ ਪ੍ਰਧਾਨ ਗਗਨਦੀਪ ਤੇ ਬਲਾਕ ਸੰਗਰੂਰ -2 ਦੇ ਪ੍ਰਧਾਨ ਸੁਖਜਿੰਦਰ ਸੰਗਰੂਰ ਆਦਿ ਨੇ ਸੰਬੋਧਨ ਕੀਤਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।