Sangrur News: ਕੈਬਨਿਟ ਮੰਤਰੀ ਮੀਤ ਹੇਅਰ ਨਾਲ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਕਿਸਾਨਾਂ ਦਾ ਵੱਡਾ ਐਲਾਨ, 27 ਸਤੰਬਰ ਨੂੰ ਹੋਏਗਾ ਐਕਸ਼ਨ
Sangrur News: ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਟਕਰਾਅ ਮੁੜ ਵਧ ਸਕਦਾ ਹੈ। ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸੈਕਟਰੀ...
Sangrur News: ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਟਕਰਾਅ ਮੁੜ ਵਧ ਸਕਦਾ ਹੈ। ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸੈਕਟਰੀ ਕ੍ਰਿਸ਼ਨ ਕੁਮਾਰ ਨਾਲ ਸਕੱਤਰੇਤ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ। ਮੰਤਰੀ ਨੇ ਸਾਰੇ ਮਾਮਲੇ ਦੀ ਜਾਣਕਾਰੀ ਲੈ ਕੇ ਅਗਲੇ ਦਿਨਾਂ ਵਿੱਚ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਹੈ।
ਮੀਟਿੰਗ ਬੇਸਿੱਟਾ ਰਹਿਣ ’ਤੇ ਸੰਘਰਸ਼ ਕਮੇਟੀ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਨੇ 27 ਸਤੰਬਰ ਨੂੰ ਧੂਰੀ ਵਿੱਚ ਰੋਸ ਮਾਰਚ ਕਰਕੇ ਮੁੱਖ ਮੰਤਰੀ ਦਾ ਪੁਤਲਾ ਫ਼ੂਕਣ ਤੇ ਦਿਨ ਰਾਤ ਦਾ ਮੋਰਚਾ ਜਾਰੀ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਇਸ ਮੀਟਿੰਗ ਵਿੱਚ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਮੱਘਰ ਸਿੰਘ ਭੂਦਨ, ਸੁਖਵਿੰਦਰ ਸਿੰਘ ਚੂੰਘਾਂ, ਬੀਕੇਯੂ ਉਗਰਾਹਾਂ ਦੇ ਆਗੂ ਹਰਜੀਤ ਸਿੰਘ ਬਦੇਸ਼ਾ ਸ਼ਾਮਲ ਸਨ।
ਦੂਜੇ ਪਾਸੇ ਧੂਰੀ ਅੰਦਰ ਮੁੱਖ ਮੰਤਰੀ ਦਫ਼ਤਰ ਅੱਗੇ ਸਟੇਜ ਦੀ ਕਾਰਵਾਈ ਜਾਰੀ ਰਹੀ ਜਿਸ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਹੋਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਆਪਣੇ ਪੰਜਾਬ ਦੇ ਕਿਸਾਨਾਂ ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੀ ਥਾਂ ਅੜੀਅਲ ਰਵੱਈਆ ਅਖਤਿਆਰ ਕਰ ਰਹੀ ਹੈ।
ਉਨ੍ਹਾਂ ਕਿਹਾ ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਨਵੀਂ ਵਿਉਂਤਬੰਦੀ ਬਣਾਈ ਜਾ ਰਹੀ ਹੈ। ਇਸ ਮੌਕੇ ਨਿਰਮਲ ਸਿੰਘ ਘਨੌਰ ਕਲਾਂ,ਪ੍ਰੀਤਮ ਸਿੰਘ ਬਾਦਸ਼ਾਹਪੁਰ, ਚਮਕੌਰ ਸਿੰਘ ਹਥਨ, ਭਜਨ ਸਿੰਘ ਢੱਡਰੀਆਂ, ਮਲਕੀਤ ਸਿੰਘ, ਮਲਕੀਤ ਸਿੰਘ ਬਡਬਰ ਪੱਕੇ ਮੋਰਚੇ ਚ ਵੱਡੀ ਗਿਣਤੀ ਸਾਥੀਆਂ ਸਮੇਤ ਹਾਜ਼ਰ ਰਹੇ। ਇਸ ਮੌਕੇ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਪਰਮੇਲ ਸਿੰਘ ਹਥਨ ਨੇ ਵੀ ਸੰਬੋਧਨ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।