Sangrur News: ਅੱਜ ਧੂਰੀ ਵਿੱਚ ਗੰਨਾ ਕਿਸਾਨਾਂ ਦੇ ਵੱਡੇ ਪ੍ਰਦਰਸ਼ਨ ਤੋਂ ਪਹਿਲਾਂ ਹੀ ਪੁਲਿਸ ਨੇ ਵੱਡਾ ਐਕਸ਼ਨ ਕੀਤਾ ਹੈ। ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੂੰ ਦਰਵਾਜ਼ੇ ਤੋੜ ਘਰੋਂ ਚੁੱਕ ਲਿਆ। ਕਿਸਾਨਾਂ ਵੱਲੋਂ ਧੂਰੀ ਵਿੱਚ ਗੰਨੇ ਦੀ ਫ਼ਸਲ ਦੀ ਖ਼ਰੀਦ ਸਬੰਧੀ ਗੰਨਾ ਮਿੱਲ ਪ੍ਰਬੰਧਕਾਂ ਵੱਲੋਂ ਕੀਤੇ ਵਾਅਦੇ ਦੀ ਉਲੰਘਣਾ ਕਰਨ ਖ਼ਿਲਾਫ਼ ਅੱਜ ਧੂਰੀ ਰੇਲਵੇ ਜੰਕਸ਼ਨ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।



ਇਸ ਤੋਂ ਪਹਿਲਾਂ ਹੀ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਦੇ ਘਰਾਂ ’ਤੇ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਚੁੱਕ ਲਿਆ। ਗੰਨਾ ਸੰਘਰਸ਼ ਕਮੇਟੀ ਤੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਸਾਰੇ ਆਗੂਆਂ ਦੇ ਫੋਨ ਬੰਦ ਹਨ। ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦਾ ਘਰ ਅੱਜ ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਨਜ਼ਰ ਆਇਆ।


ਦੱਸ ਦਈਏ ਕਿ ਪਿਛਲੇ 20 ਦਿਨਾਂ ਤੋਂ ਗੰਨਾ ਉਤਪਾਦਕ ਕਿਸਾਨ ਆਪਣੀ ਫ਼ਸਲ ਦੀ ਖਰੀਦ ਨੂੰ ਲੈ ਕੇ ਗੰਨਾ ਮਿੱਲ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਮਿੱਲ ਮੈਨੇਜਮੈਂਟ ਉਨ੍ਹਾਂ ਦੀ ਗੰਨੇ ਦੀ ਫ਼ਸਲ ਖ਼ਰੀਦਣ ਤੋਂ ਮੁੱਕਰ ਰਹੀ ਹੈ। 


ਕਿਸਾਨਾਂ ਨੇ ਕਿਹ ਕਿ ਬੀਤੀ 21 ਦਸੰਬਰ ਨੂੰ ਗੰਨਾ ਕਮਿਸ਼ਨਰ ਨਾਲ ਹੋਈ ਮੀਟਿੰਗ ਤੋਂ ਬਾਅਦ ਕਿਸਾਨਾਂ ਨੂੰ ਗੰਨੇ ਦੀ ਖ਼ਰੀਦ ਦਾ ਭਰੋਸਾ ਮਿਲਿਆ ਸੀ ਪਰ ਅਗਲੇ ਦਿਨ ਜਦੋਂ ਕਿਸਾਨ ਆਪਣੀਆਂ ਟਰਾਲੀਆਂ ਲੈ ਕੇ ਪਹੁੰਚੇ ਤਾਂ ਮਿੱਲ ਪ੍ਰਬੰਧਕਾਂ ਨੇ ਸਿਰਫ਼ ਦੋ ਟਰਾਲੀਆਂ ਹੀ ਖਰੀਦੀਆਂ, ਬਾਕੀ ਟਰਾਲੀਆਂ ਅਜੇ ਵੀ ਮਿੱਲ ਦੇ ਅੰਦਰ ਖੜ੍ਹੀਆਂ ਹਨ, ਜਿਸ ਨੂੰ ਮਿੱਲ ਪ੍ਰਬੰਧਕਾਂ ਨੇ ਖਰੀਦਣ ਤੋਂ ਇਨਕਾਰ ਕਰ ਦਿੱਤਾ।


ਇਸ ਤੋਂ ਬਾਅਦ ਕਿਸਾਨਾਂ ਨੇ 27 ਦਸੰਬਰ ਨੂੰ ਧੂਰੀ ਰੇਲਵੇ ਜੰਕਸ਼ਨ ਨੂੰ ਜਾਮ ਕਰਨ ਦਾ ਐਲਾਨ ਕੀਤਾ ਸੀ। ਅੱਜ ਸਵੇਰੇ ਹੀ ਸੰਗਰੂਰ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਘਰੋਂ ਗੁਪਤ ਤਰੀਕੇ ਨਾਲ ਚੁੱਕ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਸਿੰਘ ਲੌਂਗੋਵਾਲ ਨੂੰ ਪੁਲਿਸ ਨੇ ਘਰ ਦਾ ਦਰਵਾਜ਼ਾ ਤੋੜ ਕੇ ਹਿਰਾਸਤ ਵਿੱਚ ਲਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।