Sangrur News: ਸੰਗਰੂਰ ਵਾਲੇ ਸਿਮਰਨਜੀਤ ਸਿੰਘ ਮਾਨ ਨੂੰ ਦੇਣਗੇ ਮੁੜ ਮੌਕਾ ਜਾਂ ਫਿਰ ਹੇਅਰ-ਖਹਿਰਾ ਦਾ ਭੇੜ ਬਦਲੇਗਾ ਸਮੀਕਰਨ
ਲੋਕ ਸਭਾ ਹਲਕਾ ਸੰਗਰੂਰ ਵਿੱਚ ਇਸ ਵਾਰ ਦਿਲਚਸਪ ਮੁਕਾਬਲਾ ਹੋਣ ਵਾਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਹੋਣ ਕਰਕੇ ਸਭ ਦੀਆਂ ਨਜ਼ਰਾਂ ਇਸ ਹਲਕੇ ਉੱਪਰ ਹਨ
Sangrur News: ਲੋਕ ਸਭਾ ਹਲਕਾ ਸੰਗਰੂਰ ਵਿੱਚ ਇਸ ਵਾਰ ਦਿਲਚਸਪ ਮੁਕਾਬਲਾ ਹੋਣ ਵਾਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਹੋਣ ਕਰਕੇ ਸਭ ਦੀਆਂ ਨਜ਼ਰਾਂ ਇਸ ਹਲਕੇ ਉੱਪਰ ਹਨ। ਇਸ ਦੇ ਨਾਲ ਹੀ ਸਵਾਲ ਇਹ ਵੀ ਅਹਿਮ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਇਸੇ ਹਲਕੇ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੁਬਾਰਾ ਬਾਜੀ ਮਾਰ ਸਕਣਗੇ ਜਾਂ ਫਿਰ ਕਾਂਗਰਸ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਮੈਦਾਨ ਵਿੱਚ ਉਤਾਰਨ ਨਾਲ ਸਮੀਕਰਨ ਬਦਲ ਜਾਣਗੇ।
ਦਰਅਸਲ ਸੰਗਰੂਰ ਲੋਕ ਸਭਾ ਹਲਕੇ ਵਿੱਚ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਮਗਰੋਂ ਚੋਣ ਮਾਹੌਲ ਭਖਣ ਲੱਗਿਆ ਹੈ। ਹੁਣ ਸਿਰਫ਼ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ ਜਦੋਂਕਿ ਬਾਕੀ ਸਿਆਸੀ ਪਾਰਟੀਆਂ ਦੇ ਉਮੀਦਵਾਰ ਚੋਣ ਪ੍ਰਚਾਰ ਵਿੱਚ ਜੁਟ ਗਏ ਹਨ। ਇਸ ਵਾਰ ਇੱਥੇ ਫਸਵਾਂ ਚੋਣ ਮੁਕਾਬਲਾ ਹੋਣ ਦੇ ਆਸਾਰ ਹਨ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਮੁੜ ਚੋਣ ਮੈਦਾਨ ’ਚ ਨਿੱਤਰੇ ਹਨ ਜਿਨ੍ਹਾਂ ਵੱਲੋਂ ਆਪਣੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾਈ ਹੋਈ ਹੈ। ਸੰਨ 2022 ਦੀ ਜ਼ਿਮਨੀ ਚੋਣ ’ਚ ਮਾਨ ਨੇ ‘ਆਪ’ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਫਸਵੇਂ ਮੁਕਾਬਲੇ ’ਚ 5822 ਵੋਟਾਂ ਨਾਲ ਹਰਾਇਆ ਸੀ।
ਉਧਰ, ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ’ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਉਤਾਰਿਆ ਹੈ। ਕਾਂਗਰਸ ਵੱਲੋਂ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇੱਥੋਂ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਇਸ ਦੇ ਨਾਲ ਹੀ ਬਸਪਾ ਵੱਲੋਂ ਡਾ. ਮੱਖਣ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ ਜੋ ਸਿਹਤ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਹਨ। ਉਨ੍ਹਾਂ ਵੱਲੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੀ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਨਿੱਤਰੇ ਹਨ ਤੇ ਪੰਜਾਬੀ ਗਾਇਕ ਹਾਕਮ ਬਖਤੜੀਵਾਲਾ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।
ਭਾਜਪਾ ਵੱਲੋਂ ਹਾਲੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਜਦੋਂਕਿ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਕੇਵਲ ਸਿੰਘ ਢਿੱਲੋਂ, ਬੀਬੀ ਦਾਮਨ ਥਿੰਦ ਬਾਜਵਾ ਦਾ ਨਾਂ ਸੰਭਾਵੀ ਉਮੀਦਵਾਰਾਂ ’ਚ ਸ਼ਾਮਲ ਹੈ। ਭਾਜਪਾ ਦੇ ਉਮੀਦਵਾਰ ਦਾ ਐਲਾਨ ਹੋਣ ਮਗਰੋਂ ਹਲਕੇ ਦੀ ਸਥਿਤੀ ਸਪੱਸ਼ਟ ਹੋਵੇਗੀ।