Sangrur  News: ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਬੀਬੀਸੀ ਦੀ ਦਸਤਾਵੇਜ਼ੀ ਫ਼ਿਲਮ- 'ਇੰਡੀਆ: ਦ ਮੋਦੀ ਕੁਏਸ਼ਚਨ' ਨੂੰ ਬੈਨ ਕਰਨ ਤੇ ਇਸ ਫਿਲਮ ਨੂੰ ਦਿਖਾਉਣ ਕਰਕੇ ਮੁਲਕ ਦੀਆਂ ਵੱਖ -ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਯੂਨੀਵਰਸਟੀ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਧਮਕੀਆਂ ਦੇਣ 'ਤੇ ਗ੍ਰਿਫ਼ਤਾਰ ਕਰਨ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ ਹੈ।



 

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂ ਕੋਮਲ ਖਨੌਰੀ ਤੇ ਜ਼ਿਲ੍ਹਾ ਪ੍ਰਧਾਨ ਰਮਨ ਸਿੰਘ ਕਾਲਾਝਾੜ ਨੇ ਕਿਹਾ ਕਿ ਭਾਰਤ ਦੀਆਂ ਨਾਮਵਰ ਯੂਨੀਵਰਸਿਟੀਆਂ ਜੇਐਨਯੂ, ਜਾਮੀਆ ਮਿਲੀਆ, ਅੰਬੇਡਕਰ ਯੂਨੀਵਰਸਿਟੀ ਆਦਿ ਦੇ ਵਿਦਿਆਰਥੀਆਂ ਵੱਲੋਂ ਇਹ ਦਸਤਾਵੇਜ਼ੀ ਫ਼ਿਲਮ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਦਿਖਾਈ ਜਾ ਰਹੀ ਹੈ ਤੇ ਫ਼ਿਲਮ 'ਤੇ ਚਰਚਾ ਵੀ ਕੀਤੀ ਜਾ ਰਹੀ ਹੈ ਪਰ ਆਰਐਸਐਸ ਦੇ ਵਿਦਿਆਰਥੀ ਵਿੰਗ ਏਬੀਵੀਪੀ ਤੇ ਮੋਦੀ ਸਰਕਾਰ ਵੱਲੋਂ ਬੁਖਲਾਹਟ 'ਚ ਆ ਕੇ ਯੂਨੀਵਰਸਿਟੀਆਂ ਦੀ ਮੈਨੇਜਮੈਂਟ ਤੇ ਪੁਲਿਸ ਰਾਹੀਂ ਵਿਦਿਆਰਥੀਆਂ ਨੂੰ ਫਿਲਮ ਦੀ ਸਕਰੀਨਿੰਗ ਕਰਨ ਤੋਂ ਰੋਕਿਆ ਜਾ ਰਿਹਾ ਹੈ, ਕਈ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ 'ਤੇ ਨਜਾਇਜ਼ ਪਰਚੇ ਦਰਜ ਕੀਤੇ ਗਏ ਹਨ ਤੇ ਵਿਦਿਆਰਥੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਹੈ।


 ਇਹ ਵੀ ਪੜ੍ਹੋ : ਪੰਜਾਬ ਦੇ 90 ਨਵੇਂ ਵਿਧਾਇਕਾਂ ਨੂੰ ਦਿੱਤੀ ਜਾਵੇਗੀ ਟ੍ਰੇਨਿੰਗ, 13 ਤੋਂ 15 ਫਰਵਰੀ ਤੱਕ ਸਿਖਲਾਈ ਸੈਸ਼ਨ

ਯੂਨੀਵਰਸਿਟੀਆਂ ਵਿਚਾਰ ਚਰਚਾਵਾਂ 'ਤੇ ਵਾਦ-ਵਿਵਾਦ ਦੇ ਕੇਂਦਰ ਹਨ, ਜਿਨ੍ਹਾਂ ਵਿੱਚ ਸਮਾਜ ਦੀਆਂ ਸਮੱਸਿਆਂਵਾਂ ਦੇ ਹੱਲ ਲੱਭੇ ਜਾਂਦੇ ਹਨ ਪ੍ਰੰਤੂ ਮੋਦੀ ਸਰਕਾਰ ਵੱਲੋਂ ਫ਼ਿਰਕੂ ਫਾਸ਼ੀਵਾਦੀ ਏਜੰਡੇ ਰਾਹੀਂ ਲਗਾਤਾਰ ਯੂਨੀਵਰਸਿਟੀਆਂ ਦੀ ਜਮਹੂਰੀ ਸਪੇਸ ਨੂੰ ਖਤਮ ਕੀਤਾ ਜਾ ਰਿਹਾ ਹੈ, ਜਿਸ ਦਾ ਹਰ ਇੱਕ ਜਮਹੂਰੀਅਤ ਪਸੰਦ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ।

ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਮੰਗ ਕਰਦੀ ਹੈ ਕਿ ਭਾਰਤ ਵਿਚ ਜਮਹੂਰੀਅਤ ਨੂੰ ਖਤਮ ਕਰਨ ਤਹਿਤ ਬੋਲਣ ਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਇਹ ਵਰਤਾਰਾ ਬੰਦ ਹੋਵੇ, ਹਿਰਾਸਤ ਵਿਚ ਲਏ ਵਿਦਿਆਰਥੀ ਰਿਹਾ ਕੀਤੇ ਜਾਣ, ਯੂਨੀਵਰਸਿਟੀ ਪ੍ਰਸ਼ਾਸ਼ਨਾ ਵੱਲੋਂ ਸਸਪੈਂਡ ਕੀਤੇ ਵਿਦਿਆਰਥੀ ਬਹਾਲ ਕੀਤੇ ਜਾਣ। ਇਸ ਮੌਕੇ ਕਾਲਜ ਕਮੇਟੀ ਪ੍ਰਧਾਨ ਸੁਖਚੈਨ ਸਿੰਘ ਪੁੰਨਾਵਾਲ, ਗੁਰਜਿੰਦਰ ਸਿੰਘ ਬਿੱਟੂ, ਹਰਪ੍ਰੀਤ ਸਿੰਘ, ਅਮਨਦੀਪ ਕੌਰ, ਕਮਲਦੀਪ ਕੌਰ, ਰਮਨਦੀਪ ਕੌਰ ਆਦਿ ਹਾਜ਼ਰ ਸਨ।