Sangrur News: ਸੱਤਾ ਬਦਲੀ ਸਿਸਟਮ ਨਹੀਂ! ਅਜੇ ਵੀ ਹੱਕ ਮੰਗਣ ਵਾਲਿਆਂ 'ਤੇ ਵਰ੍ਹ ਰਿਹਾ ਪੁਲਿਸ ਦਾ ਡੰਡਾ
Sangrur News: ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਹਿਰ ਹੁਣ ਸੰਗਰੂਰ ਸੰਘਰਸ਼ ਦਾ ਅਖਾੜਾ ਬਣ ਗਿਆ ਹੈ। ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਸਰਕਾਰ ਬਣਨ 'ਤੇ ਪੰਜਾਬ ਵਿੱਚ ਕਿਸੇ ਨੂੰ ਵੀ ਰੋਸ ਪ੍ਰਦਰਸ਼ਨ ਨਹੀਂ ਕਰਨਾ...
Sangrur News: ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਹਿਰ ਹੁਣ ਸੰਗਰੂਰ ਸੰਘਰਸ਼ ਦਾ ਅਖਾੜਾ ਬਣ ਗਿਆ ਹੈ। ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਸਰਕਾਰ ਬਣਨ 'ਤੇ ਪੰਜਾਬ ਵਿੱਚ ਕਿਸੇ ਨੂੰ ਵੀ ਰੋਸ ਪ੍ਰਦਰਸ਼ਨ ਨਹੀਂ ਕਰਨਾ ਪਵੇਗਾ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਖੁਦ ਸਾਰਿਆਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਦੂਜੇ ਪਾਸੇ ਅੱਜ ਵੀ ਆਪਣੇ ਹੱਕਾਂ ਲਈ ਸੜਕਾਂ ਉਪਰ ਉੱਤਰਣ ਵਾਲਿਆਂ ਉੱਪਰ ਲਾਠੀਚਾਰਜ ਹੋ ਰਿਹਾ ਹੈ।
ਦੱਸ ਦਈਏ ਕਿ ਐਤਵਾਰ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਆਦਰਸ਼ ਸਕੂਲ ਅਧਿਆਪਕਾਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਤੇ ਖਿੱਚ-ਧੂਹ ਹੋਈ। ਇਸ ਦੇ ਬਾਵਜੂਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਨਹੀਂ ਵਧਣ ਦਿੱਤਾ। ਆਦਰਸ਼ ਸਕੂਲਾਂ ਦੇ ਅਧਿਆਪਕ ਤੇ ਮੁਲਾਜ਼ਮ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ।
ਐਤਵਾਰ ਨੂੰ ਪੰਜਾਬ ਭਰ ਤੋਂ ਪੁੱਜੇ ਆਦਰਸ਼ ਸਕੂਲਾਂ ਦੇ ਅਧਿਆਪਕ ਤੇ ਦਰਜਾ ਚਾਰ ਮੁਲਾਜ਼ਮ ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਸਥਾਨਕ ਮਿਲਕ ਪਲਾਂਟ ਨੇੜੇ ਇਕੱਠੇ ਹੋਏ। ਰੋਸ ਮਾਰਚ ਦੌਰਾਨ ਨਾਅਰੇਬਾਜ਼ੀ ਕਰਦੇ ਜਦੋਂ ਉਹ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ ਤਾਂ ਪੁਲਿਸ ਨੇ ਨਾਕਾ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਮੁਲਾਜ਼ਮਾਂ ਦੀ ਪੁਲਿਸ ਨਾਲ ਝੜਪ ਹੋ ਗਈ।
ਖਿੱਚ-ਧੂਹ ਦੌਰਾਨ ਇੱਕ ਅਧਿਆਪਕ ਦੀ ਪੱਗ ਲੱਥ ਗਈ ਤੇ ਦੋ ਮਹਿਲਾ ਅਧਿਆਪਕਾਂ ਹੇਠਾਂ ਡਿੱਗ ਪਈਆਂ ਜਿਨ੍ਹਾਂ ਨੂੰ ਸਾਥੀ ਅਧਿਆਪਕਾਂ ਨੇ ਸੰਭਾਲਿਆ। ਡੀਐਸਪੀ ਮਨੋਜ ਗੋਰਸੀ ਨੇ ਮੀਟਿੰਗ ਕਰਵਾਉਣ ਦਾ ਭਰੋਸਾ ਦਿੰਦਿਆਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ।
ਇਹ ਵੀ ਪੜ੍ਹੋ: Patiala News: ਕੇਜਰੀਵਾਲ ਦੇ ਪਟਿਆਲਾ ਦੌਰੇ 'ਤੇ ਹੋ ਸਕਦਾ ਹੰਗਾਮਾ! ਕੰਪਿਊਟਰ ਅਧਿਆਪਕਾਂ ਨੇ ਕਰ ਦਿੱਤਾ ਵੱਡਾ ਐਲਾਨ
ਯੂਨੀਅਨ ਦੇ ਸੂਬਾ ਪ੍ਰਧਾਨ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ , ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਗਲੋਟੀ ਤੇ ਸਕੱਤਰ ਜਨਰਲ ਸੁਖਦੀਪ ਕੌਰ ਸਰਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਕੋਈ ਹੱਲ ਨਹੀਂ ਹੋਇਆ। ਬੁਲਾਰਿਆਂ ਨੇ ਐਲਾਨ ਕੀਤਾ ਕਿ ਜੇ ਮੰਗਾਂ ਦਾ ਹੱਲ ਨਾ ਹੋਇਆ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ 4 ਅਕਤੂਬਰ ਦੀ ਚੰਡੀਗੜ੍ਹ ’ਚ ਮੀਟਿੰਗ ਤੈਅ ਕਰਵਾਈ ਜਿਸ ਮਗਰੋਂ ਧਰਨਾ ਸਮਾਪਤ ਹੋਇਆ।