Farmer Protest: ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਸੈਕਟਰ 34 ਵਿੱਚ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਗਈ ਹੈ। ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਚੰਡੀਗੜ੍ਹ ਪ੍ਰਸ਼ਾਸਨ ਤੋਂ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਮਿਲੀ ਹੈ।
ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇਹ ਯਕੀਨੀ ਬਣਾਉਣ ਲਈ ਕਿ ਕਿਸਾਨ ਚੰਡੀਗੜ੍ਹ ਵਿੱਚ ਦਾਖਲ ਨਾ ਹੋਣ, ਪੁਲਿਸ ਬਾਈਕ ਤੇ ਕਾਰ ਸਵਾਰਾਂ ਦੇ ਪਛਾਣ ਪੱਤਰਾਂ ਦੀ ਵੀ ਜਾਂਚ ਕਰ ਰਹੀ ਹੈ। ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਐਂਟਰੀ ਦਿੱਤੀ ਜਾ ਰਹੀ ਹੈ। ਖਰੜ-ਚੰਡੀਗੜ੍ਹ ਹਾਈਵੇਅ 'ਤੇ ਲੰਬਾ ਜਾਮ ਹੈ।
ਇਸ ਦੌਰਾਨ, ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਸੜਕ ਕਿਨਾਰੇ ਖਾਲੀ ਜਗ੍ਹਾ 'ਤੇ ਬੈਠ ਜਾਣ ਜਿੱਥੇ ਵੀ ਪੁਲਿਸ ਉਨ੍ਹਾਂ ਨੂੰ ਰੋਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਿਸਾਨਾਂ 'ਤੇ ਸੜਕਾਂ ਰੋਕਣ ਦਾ ਦੋਸ਼ ਲਗਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਘਰਾਚੋਂ ਦੀ ਅਨਾਜ ਮੰਡੀ ਵਿੱਚ ਇਕੱਠ ਸੱਦਿਆ ਗਿਆ ਸੀ ਤੇ ਇੱਥੋਂ ਹੀ ਚੰਡੀਗੜ੍ਹ ਵੱਲ ਕੂਚ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਸੰਗਰੂਰ ਪੁਲਿਸ ਨੇ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਛਾਜਲੀ ਥਾਣੇ ਵਿੱਚ ਲਜਾਇਆ ਗਿਆ ਹੈ। ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚ ਰਹੇ ਹਨ। ਉਨ੍ਹਾਂ ਵੱਲੋਂ ਮੰਗ ਹੈ ਕਿ ਜੇ ਉਗਰਾਹਾਂ ਨੂੂੰ ਛੇਤੀ ਨਾ ਛੱਡਿਆ ਗਿਆ ਤਾਂ ਵੱਡੇ ਪੱਧਰ ਉੱਤੇ ਪ੍ਰਦਰਸ਼ਨ ਕੀਤਾ ਜਾਵੇਗਾ।
ਸੰਯੁਕਤ ਕਿਸਾਨ ਮੋਰਚਾ (SKM) ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਅੱਜ 5 ਮਾਰਚ ਤੋਂ ਚੰਡੀਗੜ੍ਹ ਦੇ ਸੈਕਟਰ 34 ਵਿੱਚ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ ਕੀਤਾ ਹੋਇਆ ਹੈ। ਦੂਜੇ ਪਾਸੇ ਚੰਡੀਗੜ੍ਹ ਤੇ ਪੰਜਾਬ ਪੁਲਿਸ ਕਿਸਾਨਾਂ ਸਾਹਮਣੇ ਕੰਧ ਬਣ ਕੇ ਖੜ੍ਹ ਗਈ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਹਰ ਹਾਲਤ ਵਿੱਚ ਮੁਹਾਲੀ ਰਾਹੀਂ ਟਰੈਕਟਰ ਟਰਾਲੀਆਂ ਲੈ ਕੇ ਚੰਡੀਗੜ੍ਹ ਵਿੱਚ ਦਾਖਲ ਹੋਣਗੇ।
ਹਾਸਲ ਜਾਣਕਾਰੀ ਮੁਤਾਬਕ ਚੰਡੀਗੜ੍ਹ ਪੁਲਿਸ ਨੇ ਰਾਜਧਾਨੀ ਨੂੰ ਚੁਫੇਰਿਓਂ ਸੀਲ ਕਰ ਦਿੱਤਾ ਹੈ। ਦੂਜੇ ਪਾਸੇ ਪੰਜਾਬ ਪੁਲਿਸ ਕਿਸਾਨਾਂ ਨੂੰ ਚੰਡੀਗੜ੍ਹ ਵੱਲ ਵਧਣ ਤੋਂ ਰੋਕ ਰਹੀ ਹੈ। ਪੁਲਿਸ ਦੀ ਸਖਤੀ ਕਰਕੇ ਕਿਸਾਨਾਂ ਅੰਦਰ ਪੰਜਾਬ ਸਰਕਾਰ ਖਿਲਾਫ ਰੋਹ ਵਧ ਗਿਆ ਹੈ।