Waris Punjab De: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਵਿੱਚ ਕਈ ਥਾਵਾਂ ਉੱਤੇ ਰੇਲਾਂ ਰੋਕ ਕੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਮਾਨ ਦਲ ਦੇ ਸਮਰਥਕਾਂ ਨੂੰ ਪੁਲਿਸ ਨੇ ਰੇਲਵੇ ਟ੍ਰੈਕ ਤੋਂ ਹਿਰਾਸਤ ਵਿੱਚ ਲੈ ਲਿਆ। ਦਰਅਸਲ ਇਹ ਰੇਲ ਜਾਮ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ, ਹਰਿਆਣਾ ਪੁਲਿਸ ਦੀ ਕਿਸਾਨਾਂ ਖ਼ਿਲਾਫ਼ ਕਾਰਵਾਈ ਅਤੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦੇ ਵਿਰੋਧ ਵਿੱਚ ਕੀਤਾ ਗਿਆ ਹੈ।
ਬੀਤੇ ਦਿਨੀਂ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੂਰੇ ਪੰਜਾਬ ਵਿੱਚ ਰੇਲਾਂ ਰੋਕਣ ਦਾ ਐਲਾਨ ਕੀਤਾ ਸੀ, ਜਿਸ ਤਹਿਤ ਅੱਜ ਪਾਰਟੀ ਵਰਕਰਾਂ ਨੇ ਬਰਨਾਲਾ ਵਿੱਚ ਰੇਲਵੇ ਲਾਈਨ ਜਾਮ ਕਰ ਦਿੱਤੀ।ਪੁਲਿਸ ਹਿਰਾਸਤ ਵਿੱਚ ਲਏ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਜਿਸ ਦੇ ਵਿਰੋਧ ਵਿੱਚ ਉਹ ਰੋਸ ਪ੍ਰਦਰਸ਼ਨ ਕਰ ਰਹੇ ਹਨ। ਜੇਕਰ ਸਰਕਾਰ ਨੇ ਸਾਡੀ ਗੱਲ ਨਾ ਸੁਣੀ ਤਾਂ ਉਹ ਇਸ ਵਿਰੁੱਧ ਸੰਘਰਸ਼ ਜਾਰੀ ਰੱਖਣਗੇ
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਲੀਡਰਾਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। NSA ਐਕਟ ਤਹਿਤ ਇੱਕ ਸਾਲ ਲਈ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਡਿਬਰੂਗੜ੍ਹ ਜੇਲ੍ਹ ਵਿੱਚ ਉਸ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ। ਜਿਸ ਕਾਰਨ ਉਹ ਕਈ ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ ਅਤੇ ਉੱਥੇ ਉਨ੍ਹਾਂ ਦੀ ਹਾਲਤ ਵੀ ਵਿਗੜ ਗਈ ਹੈ ਜਿਸ ਕਾਰਨ ਸੰਸਦ ਮੈਂਬਰ ਅਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਉਨ੍ਹਾਂ ਦੇ ਹੱਕ ਵਿੱਚ ਰੇਲ ਰੋਕੋ ਸੰਘਰਸ਼ ਦਾ ਸੱਦਾ ਦਿੱਤਾ ਸੀ।
ਲੀਡਰਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਜਾ ਰਹੇ ਸਨ ਪਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਸੰਭੂ ਬਾਰਡਰ ਹਰਿਆਣਾ ਪੁਲਿਸ ਵੱਲੋਂ ਗੋਲੀਆਂ ਅਤੇ ਅੱਥਰੂ ਗੈਸ ਸੁੱਟ ਕੇ ਤਸ਼ੱਦਦ ਕੀਤਾ ਗਿਆ। ਇਸ ਤੋਂ ਇਲਾਵਾ ਬੰਦੀ ਸਿੱਖਾਂ ਨੂੰ ਕਈ ਸਾਲਾਂ ਤੋਂ ਸਜ਼ਾ ਪੂਰੀ ਕਰਨ ਦੇ ਬਾਵਜੂਦ ਰਿਹਾਅ ਨਹੀਂ ਕੀਤਾ ਜਾ ਰਿਹਾ। ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਚ ਰੇਲਾਂ ਰੋਕੀਆਂ ਗਈਆਂ ਹਨ। ਉਨ੍ਹਾਂ ਬਰਨਾਲਾ ਦੇ ਸੇਖਾ ਰੇਲਵੇ ਸਟੇਸ਼ਨ ’ਤੇ ਰੇਲਵੇ ਸਟੇਸ਼ਨ ’ਤੇ ਧਰਨਾ ਦਿੱਤਾ ਸੀ, ਜਿੱਥੋਂ ਪੁਲਿਸ ਨੇ ਸੰਘਰਸ਼ ਕਰਦਿਆਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਹ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰੱਖਣਗੇ।