Sangrur News: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾ ਦੇ ਫ਼ੁੱਲ ਤੇ ਸਤਿਕਾਰ ਭੇਂਟ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਨਾਨਕਾ ਪਿੰਡ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਬਡਰੁੱਖਾਂ ਵਿਖੇ ਸਥਾਪਤ ਕਰਵਾਏ ਗਏ ਮਹਾਰਾਜਾ ਰਣਜੀਤ ਸਿੰਘ ਜੀ ਦੇ ਬੁੱਤ ਉੱਪਰ ਫੁੱਲ ਮਾਲਾਵਾਂ ਪਾ ਕੇ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ। 
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਪੈੜਾਂ ਬਹੁਤ ਡੂੰਘੀਆਂ, ਮਜ਼ਬੂਤ ਤੇ ਪਵਿੱਤਰ ਹਨ ਜਿਸਦਾ ਅੰਦਾਜ਼ਾ ਉਨ੍ਹਾਂ ਦੇ ਰਾਜ ਕਰਨ ਦੇ ਢੰਗ ਤੋਂ ਲਾਇਆ ਜਾ ਸਕਦਾ ਹੈ ਤੇ ਮਾਨ ਸਰਕਾਰ ਉਨ੍ਹਾਂ ਦਾ ਹਰ ਮੌਕੇ ਉੱਪਰ ਸਨਮਾਨ ਕਰਦੀ ਹੈ।


ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਨੇ ਦਲੇਰਾਨਾ ਢੰਗ ਨਾਲ ਸਿੱਖ ਰਾਜ ਸਥਾਪਤ ਕੀਤਾ ਸੀ ਜਿਸ ਤੋਂ ਬਾਅਦ ਉਹ ਸਿਰਫ਼ ਸਿੱਖਾਂ ਦੇ ਹੀ ਮਹਾਰਾਜਾ ਨਹੀਂ ਬਣੇ ਸਗੋਂ ਉਨ੍ਹਾਂ ਦੀ ਧਰਮ ਨਿਰਪੱਖਤਾ ਵਾਲੀ ਸੋਚ ਕਾਰਨ ਹਰ ਫ਼ਿਰਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਆਪਣਾ ਮਹਾਰਾਜਾ ਬਣਾਇਆ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਭ ਨੂੰ ਇੱਕ ਬਰਾਬਰ ਦੇਖਣ ਅਤੇ ਰੱਖਣ ਅਤੇ ਸਭ ਨੂੰ ਬਿਨਾਂ ਕਿਸੇ ਭੇਦ-ਭਾਵ ਤੋਂ ਹੱਕ ਤੇ ਇਨਸਾਫ਼ ਦੇਣ ਅਤੇ ਸਰਵਪੱਖੀ ਵਿਕਾਸ ਕਰਨ ਦੇ ਪਾਏ ਪੂਰਨਿਆਂ ਉੱਪਰ ਦਿਨ-ਰਾਤ ਇੱਕ ਕਰਕੇ ਕੰਮ ਕਰ ਰਹੀ ਹੈ।


ਉਨ੍ਹਾਂ ਕਿਹਾ ਕਿ ਮਾਨ ਸਰਕਾਰ ਅਤੇ ਇਸਦੇ ਅਫ਼ਸਰ ਪਿੰਡਾਂ ਵਿੱਚ ਖੁਦ ਪਹੁੰਚ ਕਰਕੇ ਲੋਕਾਂ ਦੇ ਕੰਮ ਕਰ ਰਹੇ ਹਨ ਤਾਂ ਜੋ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਚਲਦੀ ਰਹੀ ਲੋਕਾਂ ਦੀ ਖੱਜਲ-ਖੁਆਰੀ ਦੀ ਪ੍ਰਥਾ ਨੂੰ ਮੁਕੰਮਲ ਤੌਰ ਤੇ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਮਾਨ ਸਰਕਾਰ ਸਮਾਜ ਦੀਆਂ ਅਲਾਮਤਾਂ ਨੂੰ ਖਤਮ ਕਰਕੇ ਪੰਜਾਬ ਨੂੰ ਮੁੜ ਮਹਾਰਾਜਾ ਰਣਜੀਤ ਸਿੰਘ ਦਾ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।


ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡ ਬਡਰੁੱਖਾਂ ਵਿੱਚ ਕਰੋੜਾਂ ਦੀ ਲਾਗਤ ਵਾਲੇ ਵਿਕਾਸ ਕਾਰਜ ਪਹਿਲਾਂ ਹੀ ਪ੍ਰਗਤੀ ਅਧੀਨ ਹਨ ਜਿਨ੍ਹਾਂ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਯਾਦਗਾਰੀ ਗੇਟ, 30 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ, 29 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈੱਲਨੈਸ ਸੈਂਟਰ, ਨਹਿਰੀ ਪਾਣੀ ਦੇ ਖਾਲਾਂ ਲਈ 2 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਕੰਮਾਂ ਸਮੇਤ ਲਗਭਗ 4 ਕਰੋੜ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲਦ ਹੀ 1 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਬਡਰੁੱਖਾਂ ਦੇ ਥਾਪਰ ਮਾਡਲ ਦੇ ਆਧਾਰ ਤੇ ਟੋਭਿਆਂ ਦੇ ਨਵੀਨੀਕਰਨ ਦਾ ਕੰਮ ਵੀ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਪਿੰਡ ਦੇ ਹੋਰ ਬਕਾਇਆ ਵਿਕਾਸ ਕੰਮਾਂ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।