Kotakpura Goli Kand: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਤੋਂ ਬਾਅਦ ਵਾਪਰੀ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਫਰੀਦਕੋਟ ਦੀ ਅਦਾਲਤ ਵਿੱਚ ਪੰਜਵਾਂ ਸਪਲੀਮੈਂਟਰੀ ਚਲਾਨ ਪੇਸ਼ ਕਰ ਦਿੱਤਾ ਹੈ। ਇਸ ਚਲਾਨ ਵਿੱਚ ਵੀ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਉਮਰਾਨੰਗਲ, ਸਾਬਕਾ ਡੀਆਈਜੀ ਅਮਰ ਸਿੰਘ ਚਾਹਲ, ਸਾਬਕਾ ਐਸਐਸਪੀ ਮੋਗਾ ਚਰਨਜੀਤ ਸ਼ਰਮਾ ਅਤੇ ਤਤਕਾਲੀ ਐਸਐਸਪੀ ਫਰੀਦਕੋਟ ਸੁਖਮਿੰਦਰ ਮਾਨ ਖ਼ਿਲਾਫ਼ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ।
'ਦ ਟ੍ਰਿਬਿਊਨ ਦੀ ਰਿਪੋਰਟ ਦੇ ਮੁਤਾਬਕ ਪੰਜਵੇਂ ਚਲਾਨ ਪੇਪਰ 'ਚ ਪੁਲਿਸ ਨੇ ਦੋਸ਼ ਲਾਇਆ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਾਜਿਸ਼ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਪੁਲੀਸ ਅਧਿਕਾਰੀ ਸੁਮੇਧ ਸਿੰਘ ਸੈਣੀ ਨੇ ਰਚੀ ਸੀ। ਜਾਂਚ ਟੀਮ ਦੇ ਤਿੰਨ ਮੈਂਬਰਾਂ ਦੇ ਦਸਤਖਤਾਂ ਹੇਠ ਤਿਆਰ ਕੀਤੀ ਪੜਤਾਲ ਰਿਪੋਰਟ ਬੀਤੇ ਦਿਨ ਅਦਾਲਤ ਵਿੱਚ ਪੇਸ਼ ਕੀਤੀ ਸੀ।
ਇਸ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੇ ਡੇਰਾ ਪ੍ਰੇਮੀਆਂ ਨੂੰ ਖੁਸ਼ ਕਰਨ ਅਤੇ ਚੋਣਾਂ ਵਿੱਚ ਉਨ੍ਹਾਂ ਦੀਆਂ ਵੋਟਾਂ ਹਾਸਲ ਕਰਨ ਦੇ ਮਕਸਦ ਨਾਲ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਰਚੀ ਸੀ। ਜਾਂਚ ਟੀਮ ਨੇ ਸੁਖਬੀਰ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐੱਸਐੱਸਪੀ ਸੁਖਮਿੰਦਰ ਸਿੰਘ ਮਾਨ, ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਖਿਲਾਫ਼ ਜਾਂਚ ਰਿਪੋਰਟਾਂ, ਫੋਰੈਂਸਿਕ ਰਿਪੋਰਟਾਂ, ਘਟਨਾ ਦੌਰਾਨ ਵਰਤੇ ਗਏ ਅਸਲੇ ਦੀਆਂ ਰਿਪੋਰਟਾਂ, ਗਵਾਹਾਂ ਦੀ ਸੂਚੀ ਅਤੇ ਹੋਰ ਦਸਤਾਵੇਜ਼ ਅੱਜ ਅਦਾਲਤ ਨੂੰ ਸੱਪੋ।
ਅਦਾਲਤ ਨੇ ਚਲਾਨ ਦੀਆਂ ਫਾਈਲਾਂ ਪ੍ਰਾਪਤ ਕਰਨ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ ਪਹਿਲੀ ਮਾਰਚ ਨਿਰਧਾਰਿਤ ਕੀਤੀ ਹੈ। ਅਦਾਲਤ ਨੇ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਕੇ ਪਹਿਲੀ ਮਾਰਚ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੀ ਹਦਾਇਤ ਕੀਤੀ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਉਸੇ ਦਿਨ ਹੀ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਬਹਿਬਲ ਗੋਲੀ ਕਾਂਡ ਦੀ ਵੀ ਸੁਣਵਾਈ ਹੋਣੀ ਹੈ।
ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਪਹਿਲੀ ਚਾਰਜਸ਼ੀਟ 24 ਫਰਵਰੀ 2023 ਨੂੰ ਦਾਇਰ ਕੀਤੀ ਗਈ ਸੀ, ਪਹਿਲੇ ਚਲਾਨ ਵਿੱਚ 7000 ਪੰਨੇ ਸਨ, ਅਤੇ ਇਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣ ਨੂੰ ਮੁੱਖ ਮੁਲਜ਼ਮ ਬਣਾਇਆ ਸੀ।
ਦੂਸਰਾ ਚਲਾਨ 24 ਅਪ੍ਰੈਲ 2023 ਨੂੰ ਐਸਆਈਟੀ ਨੇ 2400 ਪੰਨਿਆਂ ਦਾ ਪੇਸ਼ ਕੀਤਾ। ਤੀਸਰਾ ਚਲਾਨ ਸਿੱਟ ਨੇ 28 ਅਗਸਤ 2023 ਨੂੰ ਪੇਸ਼ ਕੀਤਾ, ਤੀਸਰਾ ਚਲਾਨ 2502 ਪੰਨਿਆ ਦਾ ਸੀ।
ਇਸ ਤੋਂ ਬਾਅਦ ਚੌਥਾ ਚਲਾਨ 15 ਸਤੰਬਰ 2023 ਨੂੰ ਦਾਇਰ ਕੀਤਾ ਸੀ ਜੋ 22 ਪੰਨਿਆ ਦਾ ਸੀ। ਇਸ ਵਿੱਚ ਪਹਿਲਾਂ ਹੀ ਨਾਮਜ਼ਦ ਪੁਲਿਸ ਅਧਿਕਾਰੀਆਂ ਖਿਲਾਫ ਧਾਰਾ 118 ਤੇ 119 ਤਹਿਤ ਚਲਾਨ ਪੇਸ਼ ਕੀਤਾ ਗਿਆ। ਚਲਾਨ ਵਿੱਚ ਤੱਥਾਂ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਾਏ ਗਏ ਹਨ।