ਸੰਗਰੂਰ 'ਚ ਤਹਿਸੀਲਦਾਰ ਰਿਸ਼ਵਤ ਦੇ ਦੋਸ਼ 'ਚ ਗ੍ਰਿਫ਼ਤਾਰ, ਵਿਜੀਲੈਂਸ ਦਾ ਵੱਡਾ ਐਕਸ਼ਨ! 1.45 ਲੱਖ ਬਰਾਮਦ, ਜਾਣੋ ਪੂਰਾ ਮਾਮਲਾ
ਸੰਗਰੂਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਤਾਇਨਾਤ ਤਹਿਸੀਲਦਾਰ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਅਪਰਾਧੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ...

ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿੱਚ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਅਪਰਾਧੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਆਰੋਪੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਨਕਦ ਰਕਮ ਬਰਾਮਦ ਕੀਤੀ ਗਈ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿੱਚ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਅਤੇ ਕਲਰਕ ਮਾਲਵਿੰਦਰ ਸਿੰਘ ਦੇ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਰਜਿਸਟਰੀ ਕਰਵਾਉਣ ਲਈ ਮੰਗੀ ਸੀ ਰਿਸ਼ਵਤ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸ ਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਆਰੋਪੀ ਨਾਲ ਸੰਪਰਕ ਕੀਤਾ ਸੀ। ਦੋਵੇਂ ਆਰੋਪੀਆਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਦੇ ਬਦਲੇ 30,000 ਰੁਪਏ ਦੀ ਰਿਸ਼ਵਤ ਲਈ ਸੀ।
ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਲਗਾਏ ਗਏ ਦੋਸ਼ ਹਕੀਕਤ ਵਿੱਚ ਸਹੀ ਹਨ। ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ ਦੋਵੇਂ ਆਰੋਪੀਆਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਨਿਵਾਰਣ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਰੇਂਜ, ਪਟਿਆਲਾ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅੱਗੇ ਜਾਂਚ ਜਾਰੀ ਹੈ।
ਪੰਜਾਬ ਵਿਜੀਲੈਂਸ ਬਿਊਰੋ ਲੋਕਾਂ ਕੋਲ ਅਪੀਲ ਕਰਦਾ ਹੈ ਕਿ ਉਹ ਭ੍ਰਿਸ਼ਟਾਚਾਰ ਦੀਆਂ ਇਸ ਤਰ੍ਹਾਂ ਦੀਆਂ ਕਿਸੇ ਵੀ ਘਟਨਾਵਾਂ ਦੀ ਰਿਪੋਰਟ ਸਾਡੇ ਕੋਲ ਭੇਜਣ। ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਸਾਰੇ ਲੋਕਾਂ ਦੇ ਖ਼ਿਲਾਫ਼ ਕਠੋਰ ਕਾਰਵਾਈ ਕਰਨ ਲਈ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।




















