Punjab News: ਮੁੱਖ ਮੰਤਰੀ ਨੇ ਜੱਦੀ ਪਿੰਡ ਲਈ ਖੋਲ੍ਹਿਆ 'ਖ਼ਜ਼ਾਨਾ', ਕਿਹਾ-ਸਤੌਜ ਦੇ ਵਿਕਾਸ ਲਈ ਨਹੀਂ ਛੱਡੀ ਕੋਈ ਕਸਰ ਬਾਕੀ, ਬਣੇਗਾ ਸੂਬੇ ਦਾ ਮਾਡਲ ਪਿੰਡ
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰੇਗਾ, ਉਸ ਪਿੰਡ ਨੂੰ ਸਟੇਡੀਅਮ, ਸਕੂਲ ਜਾਂ ਹਸਪਤਾਲ ਸਮੇਤ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਪੰਚਾਇਤ ਸਰਬਸੰਮਤੀ ਨਾਲ ਚੁਣ ਕੇ ਸੂਬੇ ਵਿੱਚ ਮਿਸਾਲ ਕਾਇਮ ਕਰਨ।
Sangrur News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ (panchayat election) ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ ਹੈ। ਆਪਣੇ ਪਿੰਡ ਦੇ ਦੌਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦਾ ਮਕਸਦ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੰਚਾਇਤਾਂ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਬਾਰੇ ਸਰਬਸੰਮਤੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਉਹ ਜਮਹੂਰੀ ਪ੍ਰਕਿਰਿਆ ਦਾ ਅਨਿੱਖੜਵਾਂ ਅੰਗ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਭਰ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ।
ਅੱਜ ਆਪਣੀ ਜਨਮਭੂਮੀ ਪਿੰਡ ਸਤੌਜ ਦੀ ਸੱਥ 'ਚ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ... ਪਿੰਡ ਦੇ ਬਜ਼ੁਰਗਾਂ ਅਤੇ ਮਾਵਾਂ-ਭੈਣਾਂ ਤੋਂ ਖ਼ੂਬ ਅਸੀਸਾਂ ਮਿਲੀਆਂ... ਪੁਰਾਣੇ ਦੋਸਤਾਂ-ਮਿੱਤਰਾਂ ਨਾਲ ਬੈਠ ਕੇ ਪੁਰਾਣੇ ਦਿਨਾਂ ਨੂੰ ਯਾਦ ਕਰਕੇ ਬੇਹੱਦ ਖੁਸ਼ੀ ਹੋਈ... pic.twitter.com/M8HsYrsW7J
— Bhagwant Mann (@BhagwantMann) October 3, 2024
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਬਿਨਾਂ ਪਾਰਟੀ ਚੋਣ ਨਿਸ਼ਾਨਾਂ ਤੋਂ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਹੋਵੇਗੀ ਤੇ ਪੇਂਡੂ ਖੇਤਰ ਦਾ ਸਰਵਪੱਖੀ ਵਿਕਾਸ ਯਕੀਨੀ ਬਣੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਮੀਦਵਾਰਾਂ ਨੂੰ ਪਾਰਟੀ ਦੇ ਚੋਣ ਨਿਸ਼ਾਨਾਂ 'ਤੇ ਚੋਣ ਲੜਨ ਤੋਂ ਰੋਕਣ ਦਾ ਵੱਡਾ ਫੈਸਲਾ ਲਿਆ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰੇਗਾ, ਉਸ ਪਿੰਡ ਨੂੰ ਸਟੇਡੀਅਮ, ਸਕੂਲ ਜਾਂ ਹਸਪਤਾਲ ਸਮੇਤ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਪੰਚਾਇਤ ਸਰਬਸੰਮਤੀ ਨਾਲ ਚੁਣ ਕੇ ਸੂਬੇ ਵਿੱਚ ਮਿਸਾਲ ਕਾਇਮ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਗੇ ਵੀ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੋਵੇਗੀ ਅਤੇ ਇਹ ਸੂਬੇ ਦਾ ਮਾਡਲ ਪਿੰਡ ਬਣ ਕੇ ਉਭਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਇਨ੍ਹਾਂ ਯਤਨਾਂ ਦੇ ਵਧੀਆ ਨਤੀਜੇ ਸਾਹਮਣੇ ਆਉਣਗੇ ਅਤੇ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਪਿੰਡਾਂ ਨੂੰ ਵਿਕਾਸ ਲਈ ਵੱਧ ਤੋਂ ਵੱਧ ਫੰਡ ਦੇ ਕੇ ਨਵਾਂ ਰੂਪ ਦਿੱਤਾ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਜਮਹੂਰੀ ਪ੍ਰਣਾਲੀ ਦੀ ਨੀਂਹ ਹਨ ਅਤੇ ਇਸ ਨੂੰ ਹਰ ਤਰ੍ਹਾਂ ਨਾਲ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਪੰਚਾਂ ਦੀ ਚੋਣ ਪਿੰਡਾਂ ਲਈ ਹੋਣੀ ਚਾਹੀਦੀ ਹੈ, ਨਾ ਕਿ ਕਿਸੇ ਸਿਆਸੀ ਪਾਰਟੀ ਜਾਂ ਧੜੇ ਲਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਪੰਚਾਇਤਾਂ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਪ੍ਰੇਰਕ ਵਜੋਂ ਕੰਮ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਈ ਪਿੰਡਾਂ ਵਿੱਚ ਪਹਿਲਾਂ ਹੀ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਗਈਆਂ ਹਨ ਅਤੇ ਹੋਰ ਪਿੰਡਾਂ ਵਿੱਚ ਵੀ ਇਸ ਅਮਲ ਨੂੰ ਦੁਹਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਸਿਹਤਮੰਦ ਲੋਕਤੰਤਰ ਦੀ ਨੀਂਹ ਹਨ ਅਤੇ ਸੂਬਾ ਸਰਕਾਰ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਹਰ ਹੀਲਾ ਵਰਤੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਮੁਕੰਮਲ ਕਾਇਆ-ਕਲਪ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।