Sangrur News: ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ ਦੋ ਵਿਦਿਆਰਥਣਾਂ ਸਿਮਰਜੀਤ ਕੌਰ ਤੇ ਅੰਜਲੀ ਰਾਣੀ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚੋਂ ਕ੍ਰਮਵਾਰ ਪਹਿਲਾ ਤੇ ਤੀਜਾ ਸਥਾਨ ਹਾਸਲ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਵਿਦਿਆਰਥਣਾਂ ਨੂੰ ਅੱਜ ਕਾਰਜਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਮੈਰਿਟ ਸਰਟੀਫਿਕੇਟ ਪ੍ਰਦਾਨ ਕਰਕੇ ਵਿਸ਼ੇਸ ਤੌਰ ਤੇ ਹੌਂਸਲਾ ਅਫਜਾਈ ਕੀਤੀ ਗਈ। 


ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚੁੱਕੇ ਜਾ ਰਹੇ ਕਦਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਣਯੋਗ ਪ੍ਰਾਪਤੀਆਂ ਦਰਜ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਜਾ ਰਿਹਾ ਹੈ। ਵਰਜੀਤ ਵਾਲੀਆ ਨੇ ਦੋਵਾਂ ਵਿਦਿਆਰਥਣਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਭੇਟ ਕੀਤੀ।


ਇਸ ਮੌਕੇ ਵਰਜੀਤ ਵਾਲੀਆ ਨੇ ਸਿਮਰਜੀਤ ਕੌਰ ਤੇ ਅੰਜਲੀ ਰਾਣੀ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਮਿਹਨਤ ਤੇ ਲਗਨ ਨਾਲ ਹੋਰ ਵੀ ਵੱਡੀਆਂ ਪ੍ਰਾਪਤੀਆਂ ਦਰਜ ਕਰਨ ਲਈ ਪੇ੍ਰਰਿਤ ਕੀਤਾ। ਉਨ੍ਹਾਂ ਕਿਹਾ ਕਿ ਸੁਨਹਿਰੇ ਭਵਿੱਖ ਦੀ ਸਿਰਜਣਾ ਲਈ ਅਣਥੱਕ ਯਤਨਾਂ ਤੇ ਦ੍ਰਿੜ ਇਰਾਦੇ ਦੀ ਜ਼ਰੂਰਤ ਹੁੰਦੀ ਹੈ ਅਤੇ ਵਿਦਿਅਕ ਖੇਤਰ ਦੀਆਂ ਇਹ ਸ਼ਾਨਦਾਰ ਮੱਲਾਂ ਚੰਗੇਰੇ ਭਵਿੱਖ ਦੇ ਨਿਰਮਾਣ ਵਿੱਚ ਸਹਾਇਕ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਹੁਨਰ ਅਨੁਸਾਰ ਸਮਝਦਾਰੀ ਨਾਲ ਕੀਤੀ ਗਈ ਚੋਣ ਬੁਲੰਦੀਆਂ ਛੂਹਣ ਦੇ ਸਮਰੱਥ ਬਣਾਉਂਦੀ ਹੈ ਤੇ ਹਰ ਵਿਦਿਆਰਥੀ ਨੂੰ ਆਪਣੇ ਜੀਵਨ ਉਦੇਸ਼ ਦੀ ਚੋਣ ਕਰਕੇ ਮਿਹਨਤ ਨਾਲ ਉਸ ਉਦੇਸ਼ ਦੀ ਪ੍ਰਾਪਤੀ ਲਈ ਜੁਟ ਜਾਣਾ ਚਾਹੀਦਾ ਹੈ।



ਜ਼ਿਕਰਯੋਗ ਹੈ ਕਿ ਸਿਮਰਜੀਤ ਕੌਰ ਸ਼ਹੀਦ ਭਲਵਾਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਦੀ ਵਿਦਿਆਰਥਣ ਹੈ ਜਦਕਿ ਅੰਜਲੀ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੂਡੀਆਂ ਦੀ ਵਿਦਿਆਰਥਣ ਹੈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਘ, ਸਕੂਲ ਮੁਖੀ ਪ੍ਰਿੰਸੀਪਲ ਕਰਮਜੀਤ ਕੌਰ ਤੇ ਹਰਬੰਸ ਸਿੰਘ ਹਰੀਕਾ ਸਮੇਤ ਹੋਰ ਅਧਿਆਪਕ ਤੇ ਵਿਦਿਆਰਥਣਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।